👉ਖੇਡ ਮੈਦਾਨ ਨਾ ਸਿਰਫ਼ ਪੰਜਾਬ ਨੂੰ ਤੰਦਰੁਸਤ ਬਣਾਉਣਗੇ, ਸਗੋਂ ਨੌਜਵਾਨਾਂ ਨੂੰ ‘ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦਾ ਸੁਨੇਹਾ ਵੀ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਇਸ ਸਾਲ ਪੰਜਾਬ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਵਿਕਸਿਤ ਕੀਤੇ ਜਾਣਗੇ; 734 ਖੇਡ ਮੈਦਾਨ ਪਹਿਲਾਂ ਹੀ ਸਮਰਪਿਤ ਕੀਤੇ ਜਾ ਚੁੱਕੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਰਾਤ ਨੂੰ ਖੇਡਣ ਲਈ ਵੱਡੀਆਂ ਲਾਈਟਾਂ, ਵਾਕਿੰਗ ਟਰੈਕਾਂ ਦੇ ਨਾਲ ਫੁੱਟਲਾਈਟਾਂ ਅਤੇ ਸਾਰੇ ਖੇਡ ਮੈਦਾਨਾਂ ਵਿੱਚ ਮਜ਼ਬੂਤ ਜਾਲੀਆਂ ਲਾਈਆਂ ਗਈਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਹਿਲੀ ਵਾਰ ਕਿਸੇ ਸਰਕਾਰ ਨੇ ਖੇਡਾਂ ਲਈ 1,744 ਕਰੋੜ ਦਾ ਖੇਡ ਬਜਟ ਰੱਖਿਆ ਹੈ, ਜਿਸ ਵਿੱਚੋਂ ਵਿਸ਼ੇਸ਼ ਤੌਰ ‘ਤੇ 1,500 ਕਰੋੜ ਰੁਪਏ ਪੇਂਡੂ ਖੇਡ ਮੈਦਾਨਾਂ ‘ਤੇ ਖ਼ਰਚੇ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਰਕਾਰ ਪਿੰਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੇ 6000 ਜਿੰਮ ਸਥਾਪਤ ਕਰ ਰਹੀ ਹੈ; 500 ਦਾ ਕੰਮ ਮੁਕੰਮਲ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਈ.ਪੀ.ਐੱਲ. ਦੀ ਤਰਜ਼ ‘ਤੇ ਸ਼ੇਰ-ਏ-ਪੰਜਾਬ ਟੀ-20 ਲੀਗ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਕਰਵਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਪਿੰਡ ਦੇਧਨਾ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ
Patiala News: CM Bhagwant Singh Mann ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੇਧਨਾ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ ‘ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ। ਇਸ ਦੇ ਨਾਲ ਖਿਡਾਰੀਆਂ ਨੂੰ ਤਿਆਰੀ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਪਿੰਡਾਂ ਵਿੱਚ 6000 ਜਿੰਮਾਂ ਦੀ ਸਥਾਪਨਾ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ।
ਇਹ ਵੀ ਪੜ੍ਹੋ 👉ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 3,100 ਆਧੁਨਿਕ ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦੇ ਸੂਬਾ ਸਰਕਾਰ ਦੀ ਯੋਜਨਾ ਦੇ ਦੂਜੇ ਪੜਾਅ ਤਹਿਤ ਨੌਜਵਾਨਾਂ ਨੂੰ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਤੰਦਰੁਸਤ ਸਰੀਰ ਅਤੇ ਤੰਦਰੁਸਤ ਮਨ ਦੇ ਟੀਚੇ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 255 ਪੇਂਡੂ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਅੱਜ ਅਸੀਂ ਹੋਰ 509 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ।”ਮੁੱਖ ਮੰਤਰੀ ਨੇ ਕਿਹਾ ਕਿ 1,500 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ, “ਦੂਜੇ ਪੜਾਅ ਵਿੱਚ ਸਮਰਪਿਤ ਕੀਤੇ ਜਾ ਰਹੇ 509 ਪੇਂਡੂ ਖੇਡ ਮੈਦਾਨਾਂ ਵਿੱਚੋਂ 43 ਲੁਧਿਆਣਾ ਵਿੱਚ, 41 ਮਾਨਸਾ ਵਿੱਚ, 36 ਸੰਗਰੂਰ ਵਿੱਚ, 34-34 ਬਠਿੰਡਾ ਅਤੇ ਪਟਿਆਲਾ ਵਿੱਚ, 33 ਸ੍ਰੀ ਮੁਕਤਸਰ ਸਾਹਿਬ ਵਿੱਚ, 32 ਅੰਮ੍ਰਿਤਸਰ ਵਿੱਚ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਨੂੰ ਸਮਰਪਿਤ ਕੀਤੇ ਗਏ ਹਨ।”ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਪੇਂਡੂ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਸਾਡੇ ਨੌਜਵਾਨਾਂ ਨੂੰ ‘ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦਾ ਸੁਨੇਹਾ ਦੇਣਗੇ। ਉਨ੍ਹਾਂ ਕਿਹਾ ਕਿ ਹੋਣਹਾਰ ਅਤੇ ਉੱਭਰ ਰਹੇ ਖਿਡਾਰੀਆਂ ਲਈ ਇਹ ਮੈਦਾਨ ਉਮੀਦ ਅਤੇ ਮੌਕਿਆਂ ਦੀ ਕਿਰਨ ਬਣਨਗੇ।”
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਪੇਂਡੂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਪ੍ਰਸਿੱਧ ਰਵਾਇਤੀ ਖੇਡਾਂ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਅਤੇ ਬਜ਼ੁਰਗਾਂ ਲਈ ਵੀ ਵੱਖ-ਵੱਖ ਖੇਡ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਏਗੀ ਤਾਂ ਜੋ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਹਰੇਕ ਵਿਅਕਤੀ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਸਕਣ। ਉਨ੍ਹਾਂ ਕਿਹਾ, “ਇਹ ਮੈਦਾਨ ਪਿੰਡਾਂ ਵਿੱਚ ਆਪਸੀ ਸਦਭਾਵਨਾ ਅਤੇ ਏਕਤਾ ਦੇ ਪ੍ਰਤੀਕ ਬਣਨਗੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਕਿਸੇ ਬੱਚੇ ਕੋਲ ਪੜ੍ਹਾਈ ਲਈ ਵਧੀਆ ਸਕੂਲ ਅਤੇ ਸਰੀਰਕ ਵਿਕਾਸ ਲਈ ਢੁਕਵਾਂ ਖੇਡ ਮੈਦਾਨ ਹੋਵੇ, ਤਾਂ ਉਹ ਬੱਚਾ ਵਿਸ਼ਵ ਪੱਧਰ ‘ਤੇ ਪਿੰਡ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦਾ ਹੈ। ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅਸੀਂ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਪੇਂਡੂ ਖੇਡ ਮੈਦਾਨਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਤ ਵੇਲੇ ਖੇਡ ਗਤੀਵਿਧੀਆਂ ਲਈ ਹਾਈ-ਮਾਸਟ (ਵੱਡੀਆਂ) ਲਾਈਟਾਂ, ਵਾਕਿੰਗ ਟਰੈਕਾਂ ਦੇ ਨਾਲ ਫੁੱਟਲਾਈਟਾਂ, ਮਜ਼ਬੂਤ ਜਾਲੀਆਂ ਦੀ ਵਾੜ ਅਤੇ ਹੋਰ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹਰੇ-ਭਰੇ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਦੇ ਆਲੇ-ਦੁਆਲੇ ਪੌਦੇ ਵੀ ਲਗਾਏ ਜਾ ਰਹੇ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਫੁੱਟਬਾਲ ਦੇ ਗੋਲਪੋਸਟ, ਵਾਲੀਬਾਲ ਦੇ ਪੋਲ, ਬੱਚਿਆਂ ਲਈ ਝੂਲੇ ਅਤੇ ਹੋਰ ਸਹੂਲਤਾਂ ਵੀ ਉਪਲੱਬਧ ਹਨ। ਉਨ੍ਹਾਂ ਕਿਹਾ, “ਹਰੇਕ ਪਿੰਡ ਵਿੱਚ ਪ੍ਰਸਿੱਧ ਖੇਡ ਦੇ ਅਨੁਸਾਰ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜੇਕਰ ਕਿਸੇ ਪਿੰਡ ਵਿਸ਼ੇਸ਼ ਵਿੱਚ ਕ੍ਰਿਕਟ ਪ੍ਰਸਿੱਧ ਹੈ, ਤਾਂ ਉੱਥੇ ਵਿਸ਼ੇਸ਼ ਤੌਰ ‘ਤੇ ਕ੍ਰਿਕਟ ਕਿੱਟ ਮੁਹੱਈਆ ਕਰਵਾਉਣ ਦੇ ਨਲਾ-ਨਾਲ ਹੋਰ ਪ੍ਰਸਿੱਧ ਖੇਡਾਂ ਦਾ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ।”
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2026 ਨੂੰ ਖੇਡਾਂ ਅਤੇ ਖਿਡਾਰੀਆਂ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ, “ਇਸ ਸਾਲ ਪੰਜਾਬ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾਣਗੇ। ਇਸ ਦੇ ਨਾਲ ਹੀ 6,000 ਪੇਂਡੂ ਜਿੰਮ ਵੀ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 500 ਦਾ ਉਦਘਾਟਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।”ਮੁੱਖ ਮੰਤਰੀ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਬਠਿੰਡਾ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਅੰਦਾਜ਼ਨ 10 ਲੱਖ ਖਿਡਾਰੀ ਹਿੱਸਾ ਲੈਣਗੇ।ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਦੇ ਮੈਚ ਅਕਤੂਬਰ-ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੂੰ ਆਪਣੀ ਹੀ ਧਰਤੀ ‘ਤੇ ਆਪਣੇ ਹਾਕੀ ਸਿਤਾਰਿਆਂ ਨੂੰ ਖੇਡਦੇ ਦੇਖਣ ਦਾ ਮੌਕਾ ਮਿਲੇਗਾ। ਪੰਜਾਬ ਵਿੱਚ ਆਈ.ਪੀ.ਐੱਲ. ਦੀ ਤਰਜ਼ ‘ਤੇ ਇੱਕ ਟੀ-20 ਕ੍ਰਿਕਟ ਲੀਗ ਵੀ ਕਰਵਾਈ ਜਾ ਰਹੀ ਹੈ, ਜੋ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਖੇਡੀ ਜਾਵੇਗੀ।”
ਇਹ ਵੀ ਪੜ੍ਹੋ 👉Amritsar ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਪੰਜਾਬ ਦੀ ਮਾਣਮੱਤੀ ਵਿਰਾਸਤ ਅਤੇ ਅਮੀਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ, “2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ, ਜਿਸ ਤਹਿਤ ਖੇਡ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰੀ ਲਈ ਨਕਦ ਪੁਰਸਕਾਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਖੇਡਾਂ ਲਈ 1,744 ਕਰੋੜ ਰੁਪਏ ਦਾ ਸਮਰਪਿਤ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।”ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਅਨ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਸ਼ਾਮਲ ਹਨ। ਉਨ੍ਹਾਂ ਕਿਹਾ, “85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ, ਜਦਕਿ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐੱਸ./ਡੀ.ਐੱਸ.ਪੀ. ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਖੇਡ ਉਪਰਾਲਿਆਂ ਦਾ ਉਦੇਸ਼ ਪੰਜਾਬ ਭਰ ਵਿੱਚ ਇੱਕ ਮਜ਼ਬੂਤ ਖੇਡ ਈਕੋਸਿਸਟਮ ਤਿਆਰ ਕਰਨਾ, ਜ਼ਮੀਨੀ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ।ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਡਾ ਬਲਬੀਰ ਸਿੰਘ ਵੀ ਮੌਜੂਦ ਸਨ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




