8 Views
ਪਿੰਡ ਜਖੇਪਲ ਦੇ ਸ਼ਹੀਦ ਤਰਲੋਚਨ ਸਿੰਘ ਅਤੇ ਭਸੌੜ ਦੇ ਸ਼ਹੀਦ ਹਰਸਿਮਰਨ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ
ਚੰਡੀਗੜ੍ਹ, 19 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵੱਲੋਂ ਦਿੱਤੇ ਮਹਾਨ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਇਹ ਦੇਸ਼ ਅਤੇ ਖ਼ਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਨੇ ਆਪਣਾ ਫ਼ਰਜ਼ ਨਿਭਾਉਂਦਿਆਂ ਬਹਾਦਰੀ, ਵਚਨਬੱਧਤਾ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
Share the post "ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ"