👉ਵੱਖ-ਵੱਖ ਜ਼ਿਲਿ੍ਹਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲਿ੍ਹਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ।ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਵਿੱਚੋਂ ਮੋਹਰੀ ਵਿਦਿਆਰਥੀ ਇੱਥੇ ਪੁੱਜੇ ਹਨ।
ਇਹ ਵੀ ਪੜ੍ਹੋ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ: ਗੁਰਮੀਤ ਸਿੰਘ ਖੁੱਡੀਆਂ
ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਪ੍ਰਸੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਆਪਣੇ ਰੋਲ ਮਾਡਲਾਂ ਦੀ ਚੋਣ ਧਿਆਨ ਨਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਇਹ ਵਿਦਿਆਰਥੀ ਆਪਣੇ ਜੂਨੀਅਰਾਂ ਦੇ ਰੋਲ ਮਾਡਲ ਬਣ ਗਏ ਹਨ ਅਤੇ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ ਕਿ ਉਹ ਦੂਜੇ ਵਿਦਿਆਰਥੀਆਂ ਨੂੰ ਵੀ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਿਚਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਕਦੇ ਵੀ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਰਹੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਸਿਹਤਮੰਦ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਆਉਂਦਾ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਆਪਣੇ ਲਈ ਵੱਖਰੀ ਪਛਾਣ ਬਣਾਉਣਗੇ।
ਇਹ ਵੀ ਪੜ੍ਹੋ ਅੰਮ੍ਰਿਤਸਰ ਦੇ ਮਜੀਠਾ ਇਲਾਕੇ ’ਚ ਹੋਇਆ ਜਬਰਦਸਤ ਧਮਾਕਾ,ਇੱਕ ਨੌਜਵਾਨ ਹੋਇਆ ਜਖ਼ਮੀ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ ਉੱਤੇ ਕੇਂਦਰਤ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰ ਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦਾ ਗੁਣ ਵਿਰਾਸਤ ਵਿੱਚੋਂ ਮਿਲਿਆ ਹੈ ਅਤੇ ਉਨ੍ਹਾਂ ਦੀ ਸਮਰੱਥਾ ਦੀ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਇੱਕ ਮਹੱਤਵਪੂਰਨ ਤਬਦੀਲੀ ਵਿੱਚੋਂ ਲੰਘ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਮਾਗਮ ਵਿੱਚ ਪੁੱਜਣ ਉੱਤੇ ਸਵਾਗਤ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


