ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ
ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਮੇਅਰ ਚੋਣਾਂ ’ਚ ਧਾਂਦਲੀ ਦੇ ਖਿਲਾਫ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਕੀਤਾ ਪ੍ਰਦਰਸ਼ਨ
ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪੀੜਤ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹੇਗੀ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਇਕ ਹੋਰ ਮੁੱਦੇ ’ਤੇ ਧਿਆਨ ਦਿੰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ ’ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ `ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਉਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।