ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ।ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ।
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ: ਮੁੱਖ ਮੰਤਰੀ
ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ।
ਵਿਜੀਲੈਂਸ ਦੀ ਵੱਡੀ ਕਾਰਵਾਈ: ਥਾਣੇਦਾਰ, ਬੈਂਕ ਮੈਨੇਜਰ ਤੇ ਪ੍ਰਾਈਵੇਟ ਵਿਅਕਤੀ ਰਿਸ਼ਵਤ ਦੇ ਕੇਸਾਂ ’ਚ ਕਾਬੂ
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
Share the post "ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ"