16 ਅਕਤੂਬਰ ਨੂੰ ਨੈਸ਼ਨਲ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਉਦੈ ਭਾਨੂ ਚਿੱਬ ਸੰਭਾਲਣਗੇ ਅਹੁਦਾ
ਚੰਡੀਗੜ੍ਹ, 9 ਅਕਤੂਬਰ: ਨੌਕਰੀ ਦੋ ਨਸ਼ਾ ਨਹੀਂ ਮੁਹਿੰਮ ਤਹਿਤ ਕਾਂਗਰਸ ਦੇਸ਼ ਭਰ ’ਚ ਕੇਂਦਰ ਸਰਕਾਰ ਖਿਲਾਫ 16 ਅਕਤੂਬਰ ਨੂੰ ਰਾਸ਼ਟਰੀ ਪੱਧਰ ਦਾ ਧਰਨਾ ਦਿੱਲੀ ਵਿਖੇ ਦੇਣ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਦੀ ਯੂਥ ਕਾਂਗਰਸ ਇਕੱਠਾ ਹੋਵੇਗੀ। ਇਹ ਜਾਣਕਾਰੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਉਦੈ ਭਾਨੂ ਚਿੱਬ ਦੇ 16 ਅਕਤੂਬਰ ਨੂੰ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਤੋਂ ਇਸ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਜੰਮੂ-ਕਸ਼ਮੀਰ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਦੀ ਜਿੰਮੇਵਾਰੀ ਸਫਲਤਾਪੂਰਵਕ ਨਿਭਾਅ ਚੁੱਕੇ ਉਦੈ ਭਾਨੂ ਚਿੱਬ ਦੀ ਪ੍ਰਧਾਨਗੀ ਹੇਠ ਦੇਸ਼ ਦੇ ਕੋਨੇ-ਕੋਨੇ ਤੋਂ ਯੂਥ ਕਾਂਗਰਸ ਇੱਕਜੁੱਟ ਹੋ ਕੇ ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਲਗਣ ਵਾਲੇ ਵਿਸ਼ਾਲ ਧਰਨੇ ਦਾ ਹਿੱਸਾ ਬਣੇਗੀ।
ਇਹ ਵੀ ਪੜੋ:ਹਰਿਆਣਾ ਦੀ ਹਾਰ ’ਤੇ ਰਾਹੁਲ ਗਾਂਧੀ ਦਾ ਬਿਆਨ ਆਇਆ ਸਾਹਮਣੇ, ਦੇਖੋ ਕੀ ਕਿਹਾ!
ਮੋਹਿਤ ਮਹਿੰਦਰਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਨੌਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ ਅਤੇ ਉਨ੍ਹਾਂ ਦੇਸ਼ ਦੇ ਯੂਥ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਹੁਣ ’ਨੌਕਰੀ ਦੋ ਨਸ਼ਾ ਨਹੀਂ’ ਮੁਹਿੰਮ ਸ਼ੁਰੂ ਕਰਵਾਉਣ ਜਾ ਰਹੇ ਹਨ। ਮਹਿੰਦਰਾ ਨੇ ਕਿਹਾ ਕਿ ਨਸ਼ਾ ਜੋ ਪੰਜਾਬ ਤੋਂ ਸ਼ੁਰੂ ਹੋਇਆ ਸੀ, ਪਰ ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਹਰਿਆਣਾ ਤੋਂ ਬਾਅਦ ਉੱਤਰੀ ਭਾਰਤ ਦੇ ਕਈ ਹੋਰ ਰਾਜਾਂ ਵਿੱਚ ਫੈਲ ਚੁੱਕਾ ਹੈ ਅਤੇ ਇਸ ਲਈ ਕੇਂਦਰ ਸਰਕਾਰ ਪੂਰੀ ਤਰਾਂ ਨਾਲ ਜਿਮੇਦਾਰ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਜੋ ਪੂਰੀ ਤਰ੍ਹਾਂ ਬੇਰੁਜ਼ਗਾਰ ਹਨ, ਉਹ ਨਸ਼ੇ ਦਾ ਸਭ ਤੋਂ ਵੱਡਾ ਸ਼ਿਕਾਰ ਹੋ ਚੁੱਕੇ ਹਨ। ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਦੁਨੀਆਂ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣਨ ਦਾ ਸੁਪਨਾ ਦਿਖਾ ਰਹੇ ਹਨ, ਪਰ ਅੱਜ ਕਰੋੜਾਂ ਨੌਜਵਾਨ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਨਸ਼ੇ ਦੀ ਦਲਦਲ ਵਿੱਚ ਫਸ ਰਹੇ ਹਨ।
ਇਹ ਵੀ ਪੜੋ:ਪੰਚਾਇਤ ਚੋਣਾਂ: ਨਾਮਜ਼ਦਗੀ ਰੱਦ ਕਰਨ ਦੇ ਵਿਰੋਧ ’ਚ ਰਾਤ ਨੂੰ ਵੀ ਧਰਨੇ ’ਤੇ ਡਟੇ ਰਾਜਾ ਵੜਿੰਗ
ਮੋਹਿਤ ਮਹਿੰਦਰਾ ਨੇ ਕਿਹਾ ਕਿ ਦੇਸ਼ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਦੇ ਨਾਲ-ਨਾਲ ਸਾਰਿਆਂ ਨੂੰ ਇਕਜੁੱਟ ਹੋ ਕੇ ਕਾਂਗਰਸ ਦੀ ’ਨੌਕਰੀ ਦੋ ਨਸ਼ਾ ਨਹੀਂ’ ਮੁਹਿੰਮ ਨਾਲ ਜੋੜਿਆ ਜਾਵੇਗਾ, ਤਾਂ ਜੋ ਕੇਂਦਰ ਸਰਕਾਰ ਤੋਂ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੋਣ ਜਾ ਰਹੇ ਇਸ ਵਿਸ਼ਾਲ ਧਰਨੇ ਵਿੱਚ ਪੰਜਾਬ ਯੂਥ ਕਾਂਗਰਸ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਹਰਿਆਣਾ ’ਚ ਕਾਂਗਰਸ ਦੀ ਹਾਰ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਇਸ ਹਾਰ ਦੇ ਕਾਰਨਾਂ ’ਤੇ ਵਿਚਾਰ ਕਰੇਗੀ ਅਤੇ ਉਨ੍ਹਾਂ ਪਹਿਲੂਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ, ਜਿਨ੍ਹਾਂ ਨੇ ਕਾਂਗਰਸ ਦੀ ਰਫਤਾਰ ਨੂੰ ਘਟਾਇਆ ਹੈ। ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਇਸ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਭਰਨ ਵਾਲੇ 35 ਸਾਲ ਤੱਕ ਦੇ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਈ ਥਾਵਾਂ ਤੇ ਗੋਲੀਆਂ ਚਲਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
Share the post "‘ਨੌਕਰੀ ਦੋ ਨਸ਼ਾ ਨਹੀਂ’ ਮੁਹਿੰਮ ਤਹਿਤ ਕਾਂਗਰਸ 16 ਅਕਤੂਬਰ ਨੂੰ ਦੇਸ਼ ’ਚ ਕਾਂਗਰਸ ਦਾ ਹੱਲਾ ਬੋਲ: ਮੋਹਿਤ ਮਹਿੰਦਰਾ"