ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਡਾ: ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਯੂਨੀਅਨ ਦੀਆਂ ਮੰਗਾਂ ਸੁਣਨ ਤੋਂ ਬਾਅਦ ਮੰਤਰੀ ਡਾ ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ ‘ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।