9 Views
ਚੰਡੀਗੜ੍ਹ, 10 ਜੂਨ (ਸੁਖਜਿੰਦਰ ਮਾਨ): ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਖਾਲੀ ਹੋਈਆਂ ਸੀਟਾਂ ਉੱਪਰ ਜਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਤਹਿਤ ਪੰਜਾਬ ਵਿੱਚ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਜਦੋਂ ਕਿ ਚੋਣ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਪ ਦੇ ਸਿਟਿੰਗ ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਸ਼ੀਤਲ ਅੰਗਰਾਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।
ਪਿਛਲੇ ਦਿਨੀਂ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ਼ੀਤਲ ਅੰਗਰਾਲ ਦਾ ਅਸਤੀਫਾ ਪ੍ਰਵਾਨ ਕਰਦਿਆਂ ਜਲੰਧਰ ਪੱਛਮੀ ਹਲਕੇ ਨੂੰ ਖਾਲੀ ਐਲਾਨ ਦਿੱਤਾ ਸੀ। ਇਸਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ ਦੇਸ਼ ਦੇ ਬਾਕੀ ਸੂਬਿਆਂ ਵਿੱਚ ਖਾਲੀ ਹੋਈਆਂ ਸੀਟਾਂ ਦੇ ਨਾਲ ਪੰਜਾਬ ਦੇ ਜਲੰਧਰ ਪੱਛਮੀ ਹਲਕੇ ਦਾ ਚੋਣ ਪ੍ਰੋਗਰਾਮ ਵੀ ਐਲਾਨ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ।
ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਲਦੀ ਹੀ ਚਾਰ ਹੋਰ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਪੈਣਗੀਆਂ, ਜਿੱਥੋਂ ਕ੍ਰਮਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (ਗਿੱਦੜਵਹਾ), ਸੁਖਜਿੰਦਰ ਸਿੰਘ ਰੰਧਾਵਾ (ਡੇਰਾ ਬਾਬਾ ਨਾਨਕ) ਰਾਜ ਕੁਮਾਰ ਚੱਬੇਵਾਲ (ਚੱਬੇਵਾਲ) ਅਤੇ ਮੀਤ ਹੇਅਰ(ਬਰਨਾਲਾ) ਸੀਟਾਂ ਨੂੰ ਛੱਡ ਲੋਕ ਸਭਾ ਲਈ ਚੁਣੇ ਗਏ ਹਨ।