ਚੰਡੀਗੜ੍ਹ, 2 ਸਤੰਬਰ: ਖੇਤੀ ਨੀਤੀ ਬਨਾਉਣ ਦੇ ਮੁੱਦੇ ਨੂੰ ਲੈ ਕੇ ਬੀਕੇਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ’ਚ ਸ਼ੁਰੂ ਕੀਤੇ ਪੰਜ ਰੋਜ਼ਾ ਮੋਰਚਾ ਦੀ ਅਗਲੀ ਲੜੀ ਤਹਿਤ ਅੱਜ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਦੇ ਲਈ ਕਿਸਾਨਾਂ ਦੇ 11 ਮੈਂਬਰੀ ਵਫ਼ਦ ਨੂੰ ਵਿਧਾਨ ਸਭਾ ਤੱਕ ਮੰਗ ਪੱਤਰ ਲੈ ਕੇ ਜਾਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਪ੍ਰੰਤੂ ਦੇਰ ਰਾਤ ਚੱਲੀਆਂ ਮੀਟਿੰਗਾਂ ਵਿਚ ਕਿਸਾਨਾਂ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਆਪਣੇ ਪਹਿਲਾਂ ਤੈਅਸ਼ੁਦਾ ਪ੍ਰੋਗਰਾਮ ਤਹਿਤ ਮਾਰਚ ਕੱਢ ਕੇ ਹੀ ਵਿਧਾਨ ਸਭਾ ਵੱਲ ਜਾਣਗੇ।
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸ਼ੈਸਨ ਅੱਜ ਹੋਵੇਗਾ ਸ਼ੁਰੂ, ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ
ਜਿਸਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੈਕਟਰ 34 ਦੇ ਦੁਸਿਹਰਾ ਗਰਾਉਂਡ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ। ਦੂਜੇ ਪਾਸੇ ਬੀਤੇ ਕੱਲ ਤੋਂ ਹੀ ਇੱਥੇ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਪੁੱਜਣਾ ਲਗਾਤਾਰ ਜਾਰੀ ਹੈ। ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਆਦਿ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਖ਼ੇਤੀ ਨੀਤੀ ਦੀ ਮੰਗ ਕਰ ਰਹੇ ਹਨ, ਜਿਸਦੇ ਚੱਲਦੇ ਹੁਣ ਉਹ ਆਪਣੇ ਇਸ ਮੰਗ ਅਤੇ ਹੋਰਨਾਂ ਨੂੰ ਪੂਰਾ ਕਰਵਾਉਣ ਲਈ ਸ਼ਾਂਤਮਈ ਤਰੀਕੇ ਦੇ ਨਾਲ ਅੱਗੇ ਵਧਣਗੇ।