ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ:ਤਰੁਨਪ੍ਰੀਤ ਸਿੰਘ ਸੌਂਦ

0
37
+2

👉ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ
👉ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਕੀਤੇ ਜਾਣਗੇ ਖਰਚ
👉ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ 250 ਕਰੋੜ ਰੁਪਏ ਦਾ ਇਤਿਹਾਸਕ ਉਪਬੰਧ
Chandigarh News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਇਸ ਬਜਟ ਵਿੱਚ ਜਿੱਥੇ ਵਿਸ਼ੇਸ਼ ਯਤਨ ਕੀਤੇ ਗਏ ਹਨ, ਉੱਥੇ ਹੀ ਉਦਯੋਗਾਂ ਦੀ ਪ੍ਰਫੁੱਲਤਾ ਨੂੰ ਖਾਸ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਕ ਵਿਰਾਸਤ ਦੇ ਸਨਮਾਨ ਅਤੇ ਪ੍ਰਦਰਸ਼ਨ ਲਈ ਖਾਸ ਤਵੱਜੋਂ ਦਿੱਤੀ ਗਈ ਹੈ। ਸੌਂਦ ਨੇ ਕਿਹਾ ਕਿ ਪਿੰਡਾਂ ਦੀ ਕਾਇਆ ਕਲਪ ਕਰਨ ਤੋਂ ਬਿਨਾਂ ਪੰਜਾਬ ਦਾ ਵਿਕਾਸ ਅਧੂਰਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਨੇ ਅਗਲੇ ਦੋ ਸਾਲਾਂ ਵਿੱਚ ਰਾਜ ਦੇ ਸਾਰੇ 12,581 ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਵਿਸਤ੍ਰਿਤ ਪੈਕੇਜ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ  ਪੰਜਾਬ ਬਜ਼ਟ; ਪਿੰਡਾਂ ਦੇ ਵਿਕਾਸ ਲਈ ਮਾਨ ਸਰਕਾਰ ਨੇ ਖੋਲਿਆ ਵਿਕਾਸ ਕਾਰਜ਼ਾਂ ਦਾ ਪਿਟਾਰਾ

“ਬਦਲਦੇ ਪਿੰਡ, ਬਦਲਦਾ ਪੰਜਾਬ” ਨਾਅਰੇ ਅਧੀਨ ਪੰਜਾਬ ਦੇ ਪਿੰਡਾਂ ਵਿਚਲੇ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ, ਸੀਚੇਵਾਲ-ਥਾਪਰ ਮਾਡਲ ਤੇ ਹੋਰ ਕਿਫਾਇਤੀ-ਵਾਜਬ ਮਾਡਲਾਂ ਅਨੁਸਾਰ ਸੀਵਰੇਜ ਟ੍ਰੀਟਮੈਂਟ ਸਿਸਟਮ ਸਥਾਪਤ ਕਰਨਾ, ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਖਾਲ਼ਾਂ ਨੂੰ ਬਹਾਲ ਕਰਨਾ, ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਸਟਰੀਟ ਲਾਈਟਾਂ ਲਗਾਉਣ ‘ਤੇ ਧਿਆਂਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰੇ ਕਾਰਜਾਂ ਲਈ ਬਜਟ ਵਿੱਚ ਕੁੱਲ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ।ਸੌਂਦ ਨੇ ਇਸ ਗੱਲ ਲਈ ਵੀ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਕੁੱਲ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਕਰਨ ਜਾ ਰਹੀ ਹੈ। ਵਿੱਤੀ ਸਾਲ 2025-26 ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਦਯੋਗਾਂ ਦੀ ਤਰੱਕੀ ਲਈ ਚੁੱਕੇ ਕਦਮਾਂ ਅਤੇ ਨਵੀਂ ਉਦਯੋਗਿਕ ਨੀਤੀ ਲਿਆਉਣ ਦਾ ਐਲਾਨ ਕਰਨ ਲਈ ਵੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਯਤਨਾਂ ਨਾਲ ਜਿੱਥੇ ਛੋਟੇ-ਵੱਡੇ ਨਵੇਂ ਕਾਰੋਬਾਰਾਂ ਦੇ ਵਧਣ-ਫੁੱਲਣ ਵਾਸਤੇ ਜ਼ਮੀਨ ਤਿਆਰ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਹੋਰ ਮਿਆਰੀ ਨੌਕਰੀਆਂ ਪੈਦਾ ਹੋਣਗੀਆਂ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨੇ ਵੱਖ-ਵੱਖ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ ਅਗਲੇ ਸਾਲ 250 ਕਰੋੜ ਰੁਪਏ ਦਾ ਇਤਿਹਾਸਕ ਉਪਬੰਧ ਕੀਤਾ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਉਪਬੰਧ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਕਾਬਿਲੇਗੌਰ ਹੈ ਕਿ ਪਿਛਲੀ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ ਸਿਰਫ਼ 53 ਕਰੋੜ ਰੁਪਏ ਖਰਚ ਕੀਤੇ ਸਨ ਅਤੇ ਉਸ ਤੋਂ ਪਹਿਲਾਂ ਦੀ ਸਰਕਾਰ ਨੇ ਪੰਜ ਸਾਲਾਂ ਵਿੱਚ ਇੱਕ ਵੀ ਪੈਸਾ ਖਰਚ ਨਹੀਂ ਕੀਤਾ ਸੀ।ਬਜਟ ਵਿੱਚ ਰਾਸ਼ਟਰੀ ਏਕਤਾ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਉਦਯੋਗਿਕ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਪ੍ਰਦਰਸ਼ਿਤ ਕਰਨ ਲਈ ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਮਾਲ ਵਿੱਚ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪੰਜਾਬ ਦੇ 23 ਜ਼ਿਲ੍ਹਿਆ ਦੇ ਸਟਾਲ ਹੋਣਗੇ, ਜੋ ਕਾਰੀਗਰਾਂ ਅਤੇ ਉੱਦਮੀਆਂ ਨੂੰ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਮਾਰਕੀਟ ਕਰਨ ਲਈ ਮੰਚ ਪ੍ਰਦਾਨ ਕਰਨਗੇ। ਵਿੱਤੀ ਸਾਲ 2025-26 ਵਿੱਚ ਇਸ ਉਦੇਸ਼ ਲਈ 80 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖਣ ਲਈ ਵੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਬਜਟ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਵੀ ਵਿਸ਼ੇਸ਼ ਯਤਨ ਕੀਤੇ ਗਏ ਹਨ। ਨਵੀਨਤਾ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵੱਲੋਂ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਗਰ (ਮੋਹਾਲੀ) ਸਮੇਤ ਪ੍ਰਮੁੱਖ ਉਦਯੋਗਿਕ ਕੇਂਦਰਾਂ ਵਿੱਚ ਤਕਨਾਲੋਜੀ ਵਿਸਥਾਰ ਕੇਂਦਰ ਸਥਾਪਤ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਲੁਧਿਆਣਾ ਵਿੱਚ ਖੋਜ ਤੇ ਵਿਕਾਸ ਕੇਂਦਰ ਅਤੇ ਆਟੋ ਪਾਰਟਸ ਤੇ ਹੈਂਡ ਟੂਲਸ ਤਕਨਾਲੋਜੀ ਸੰਸਥਾ ਦੇ ਅੱਪਗ੍ਰੇਡੇਸ਼ਨ ਲਈ 10 ਕਰੋੜ ਰੁਪਏ ਦੇ ਵਿਸ਼ੇਸ਼ ਰਾਖਵੇਂਕਰਨ ਦੀ ਤਜਵੀਜ਼ ਰੱਖਣ ਦਾ ਉਦਯੋਗ ਮੰਤਰੀ ਨੇ ਦਿਲੋਂ ਸਵਾਗਤ ਕੀਤਾ ਹੈ। ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਬਜਟ ਵਿੱਚ ਖਾਸ ਜ਼ਿਕਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਵਿੱਤੀ ਸਾਲ 2025-26 ਦੌਰਾਨ ਰਾਜ ਪੱਧਰ ‘ਤੇ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗੁਰੂ ਸਾਹਿਬ ਦੀਆਂ ਯਾਤਰਾਵਾਂ ਨਾਲ ਸਬੰਧਤ ਸਥਾਨਾਂ ‘ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸਥਾਪਿਤ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ, ਇਸ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਣ ਲਈ ਸੌਂਦ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਵਿੱਤੀ ਸਾਲ 2025-26 ਵਿੱਚ, ਸਰਕਾਰ ਦਾ ਸ਼ਹੀਦ ਭਗਤ ਸਿੰਘ ਨਗਰ ਵਿਖੇ 54 ਕਰੋੜ ਰੁਪਏ ਦੀ ਲਾਗਤ ਵਾਲੀ ਵਿਰਾਸਤੀ ਸੜਕ ਅਤੇ ਆਡੀਟੋਰੀਅਮ ਬਣਾਉਣ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ, ਰਾਜ ਭਰ ਵਿੱਚ 32 ਸੱਭਿਆਚਾਰਕ ਪ੍ਰੋਗਰਾਮ, ਤਿਉਹਾਰ ਅਤੇ ਇਤਿਹਾਸਿਕ ਸ਼ਖਸੀਅਤਾਂ ‘ਤੇ ਅਧਾਰਿਤ ਨਾਟਕ ਆਯੋਜਿਤ ਕੀਤੇ ਜਾਣਗੇ, ਜੋ ਪੰਜਾਬ ਦੇ ਸ਼ਾਨਦਾਰ ਇਤਿਹਾਸ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਸੰਭਾਲਣ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ। ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ, ਵਿੱਤੀ ਸਾਲ 2025-26 ਵਿੱਚ 204 ਕਰੋੜ ਰੁਪਏ ਦਾ ਬਜਟ ਉਪਬੰਧ ਕਰਨ ਲਈ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ੁਕਰੀਆ ਅਦਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here