13 Views
ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨਾਲ ਵੀ ਹੋਵੇਗੀ ਮੀਟਿੰਗ
ਨਵੀਂ ਦਿੱਲੀ, 8 ਜੂਨ: ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਪਿਛਲੇ ਦਿਨੀ ਇੰਡੀਆ ਗਠਜੋੜ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਅੱਜ ਪਹਿਲੀ ਵਾਰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਅੱਜ ਹੀ ਕਾਂਗਰਸ ਦੇ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਦੇ ਨਾਲ ਵੀ ਪਾਰਟੀ ਹਾਈ ਕਮਾਂਡ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।
ਮੀਟਿੰਗ ਦੇ ਵਿੱਚ ਪਾਰਟੀ ਦੇ ਸੀਨੀਅਰ ਆਗੂ ਵੀ ਪੁੱਜ ਰਹੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਪਾਰਟੀ ਦੀ ਕਾਰਜਗਾਰੀ ਨੂੰ ਦੇਖਦੇ ਹੋਏ ਅੱਜ ਸ਼ਾਮ ਨੂੰ ਨਵੇਂ ਚੁਣੇ ਗਏ ਮੈਂਬਰਾਂ ਨੂੰ ਰਾਤਰੀ ਭੋਜ ਵੀ ਦਿੱਤਾ ਜਾ ਰਿਹਾ ਹੈ। ਚਰਚਾ ਚੱਲ ਰਹੀ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੇ ਵਿੱਚ ਰਾਹੁਲ ਗਾਂਧੀ ਨੂੰ ਲੋਕ ਸਭਾ ਦੇ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਮੀਟਿੰਗ ਦੇ ਵਿੱਚ ਇਹਨਾਂ ਚੋਣਾਂ ਦੌਰਾਨ ਪਾਰਟੀ ਦੀ ਕਾਰਗੁਜ਼ਾਰੀ ਦੀ ਚਰਚਾ ਕੀਤੀ ਜਾਵੇਗੀ।
ਵੱਖ-ਵੱਖ ਸੂਬਿਆਂ ਵਿੱਚ ਸਾਹਮਣੇ ਆਏ ਚੋਣ ਨਤੀਜਿਆਂ ਉੱਪਰ ਡੂੰਘਾ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਇਸ ਵਾਰ ਕਾਂਗਰਸ ਪਾਰਟੀ ਨੂੰ 99 ਲੋਕ ਸਭਾ ਸੀਟਾਂ ਮਿਲੀਆਂ ਹਨ ਜਦੋਂ ਕਿ ਸਾਲ 2019 ਦੀਆਂ ਚੋਣਾਂ ਦੌਰਾਨ 52 ਅਤੇ 2014 ਦੀਆਂ ਚੋਣਾਂ ਵਿੱਚ ਸਿਰਫ 40 ਸੀਟਾਂ ਹੀ ਮਿਲੀਆਂ ਸਨ। ਕਾਂਗਰਸੀ ਆਗੂ ਇਸ ਵਾਰ ਦੀ ਪਾਰਟੀ ਦੀ ਕਾਰਗੁਜ਼ਾਰੀ ‘ਤੇ ਤਸੱਲੀ ਜਾਹਿਰ ਕਰ ਰਹੇ ਹਨ।