Punjabi Khabarsaar
ਸੰਗਰੂਰ

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ: ਮੁੱਖ ਮੰਤਰੀ

ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ
ਸੰਗਰੂਰ, 29 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ।ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾਂ ਨੇ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਇਕ ਸੱਚਾ ਸਿੱਖ ਹੋਣ ਦੇ ਨਾਤੇ ਨਿਆਂ ਵਿਵਸਥਾ ਅਤੇ ਆਪਣੀ ਜਨਤਾ ਦੀ ਭਲਾਈ ਯਕੀਨੀ ਬਣਾਈ ਅਤੇ ਲੋਕਾਂ ਦੀ ਦਿੱਕਤਾਂ ਨੂੰ ਮਹਿਸੂਸ ਕਰਨ ਲਈ ਰਾਤ ਨੂੰ ਭੇਸ ਬਦਲ-ਬਦਲ ਕੇ ਆਪਣੇ ਰਾਜ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਪ੍ਰਤੀ ਪਿਆਰ ਅਤੇ ਸਨੇਹ ਕਾਰਨ ਹੀ ਮਹਾਰਾਜਾ ਰਣਜੀਤ ਸਿੰਘ ਲੋਕਾਂ ਦੇ ਸੱਚੇ ਬਾਦਸ਼ਾਹ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਮੋਢੀ ਸਨ, ਜਿਨ੍ਹਾਂ ਦਾ ਰਾਜ ਪੱਛਮ ਵਿੱਚ ਖੈਬਰ ਦੱਰੇ ਤੋਂ ਲੈ ਕੇ ਉੱਤਰ ਵਿੱਚ ਕਸ਼ਮੀਰ, ਦੱਖਣ ਵਿੱਚ ਸਿੰਧ ਅਤੇ ਪੂਰਬ ਵਿੱਚ ਤਿੱਬਤ ਤੱਕ ਫੈਲਿਆ ਹੋਇਆ ਸੀ।

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ’ਆਪ’ ਆਗੂਆਂ ਨੇ ਜਲੰਧਰ ’ਚ ਕੀਤਾ ਵੱਡਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਉਨ੍ਹਾਂ ਸਮਿਆਂ ਵਿੱਚ ਬਾਦਸ਼ਾਹ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਸਹਿਜੇ ਹੀ ਸਵੀਕਾਰ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੇ ਸੂਬੇ ਦੇ ਪਿਛਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬਉੱਚਤਾ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਇਸ ਪਵਿੱਤਰ ਧਰਤੀ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਜਿਸ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਮੁੱਖ ਮੰਤਰੀ ਨੇ ਇਸ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਸਦ ਮੈਂਬਰ ਚੁਣਨ ਲਈ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੁਣਿਆ ਗਿਆ ਸੰਸਦ ਮੈਂਬਰ ਲੋਕ ਸਭਾ ਵਿੱਚ ਇਸ ਖੇਤਰ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਵੇਗਾ।

ਜਲੰਧਰ ’ਚ ਆਪ ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਦੇ ਮੈਂਬਰ ਸਾਥੀਆਂ ਸਮੇਤ ਹੋਏ ’ਆਪ’ ’ਚ ਸ਼ਾਮਲ

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਇਹ ਦਾਅਵਾ ਕਰਕੇ ਹਵਾ ਕਿਲ੍ਹੇ ਉਸਾਰ ਰਹੇ ਹਨ ਕਿ ਪੰਜਾਬ ਸਰਕਾਰ ਅਸਥਿਰ ਹੈ, ਜੋ ਜਲਦੀ ਹੀ ਡਿੱਗ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸਮਰਥਨ ਨਾਲ ਆਪਣਾ ਕਾਰਜਕਾਲ ਪੂਰਾ ਕਰੇਗੀ, ਜਿਨ੍ਹਾਂ ਨੇ 92 ਸੀਟਾਂ ਨਾਲ ਲੋਕ ਪੱਖੀ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘੋਰ ਪਾਪ ਕੀਤਾ ਹੈ, ਜੋ ਮੁਆਫ਼ੀ ਦੇ ਕਾਬਿਲ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਫੰਡ ਨਹੀਂ ਮੰਗਣਗੇ, ਸਗੋਂ ਸੂਬਾ ਆਪਣੇ ਖੁਦ ਦੇ ਸਾਧਨ ਪੈਦਾ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਜਨਤਕ ਵੰਡ ਪ੍ਰਣਾਲੀ ਤਹਿਤ ਲੋਕਾਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਦੇਵੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਜਲਦ ਹੀ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਅਖਤਿਆਰ ਦੇ ਕੇ ਪਰਵਾਸ ਨੂੰ ਪੁੱਠਾ ਗੇੜ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਾਲਵਾ ਖੇਤਰ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਜਲਦ ਹੀ ਮਾਲਵਾ ਨਹਿਰ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ, ਲੰਬੀ ਅਤੇ ਅਜਿਹੇ ਹੋਰ ਇਲਾਕਿਆਂ ਨੂੰ ਇਸ ਦਾ ਲਾਭ ਹੋਵੇਗਾ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਹੋਰਨਾਂ ਆਗੂਆਂ ਨੂੰ ਪੰਜਾਬੀ ਦੀ ਮੁੱਢਲੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਵੰਗਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਕਈ ਤਜਵੀਜ਼ਾਂ ’ਤੇ ਵਿਚਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਨਾਨਕੇ ਪਿੰਡ ਸਥਿਤ ਸਮਾਰਕ ’ਤੇ ਸ਼ਰਧਾਂਜਲੀ ਵੀ ਭੇਟ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਹੋਰ ਪਤਵੰਤੇ ਹਾਜ਼ਰ ਸਨ।

Related posts

ਅਕਾਲੀ ਦਲ ਯੂਨਾਇਟਡ ਵਲੋਂ ਸੰਗਰੂਰ ਜਿਮਨੀ ਚੋਣ ਲਈ ਸਿਮਰਨਜੀਤ ਸਿੰਘ ਮਾਨ ਦੀ ਹਿਮਾਇਤ ਦਾ ਐਲਾਨ

punjabusernewssite

ਮੁੱਖ ਮੰਤਰੀ ਦੀ ਰਿਹਾਇਸ ਅੱਗੇ ਚੱਲ ਰਹੇ ਮੋਰਚੇ ’ਚ ਸੱਪ ਦੇ ਡੰਗਣ ਕਾਰਨ ਕਿਸਾਨ ਦੀ ਹੋਈ ਮੌਤ

punjabusernewssite

ਸੰਗਰੂਰ ਜੇਲ੍ਹ ‘ਚ ਹੋਈ ਖੂਨੀ ਝੜਪ, 2 ਕੈਦੀਆਂ ਦੀ ਮੌ+ਤ, 2 ਪਟਿਆਲਾ ਹਸਪਤਾਲ ਰੈਫਰ

punjabusernewssite