ਕਿਹਾ, ਜੇਕਰ ਸਮੁੱਚਾ ਅਕਾਲੀ ਦਲ ਕਰੇਗਾ ਪਹੁੰਚ ਤਾਂ ਹੋ ਸਕਦਾ ਵਿਚਾਰ
ਸ਼੍ਰੀ ਅੰਮ੍ਰਿਤਸਰ ਸਹਿਬ, 1 ਜੁਲਾਈ: ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਚੱਲ ਰਹੀ ਆਪਸੀ ਖਾਨਾਜੰਗੀ ਦੇ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਅੱਜ ਸ੍ਰੀ ਦਰਬਾਰ ਸਾਹਿਬ ਪੁੱਜੇ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ਼ਾਰਾ ਕੀਤਾ ਕਿ ਜੇਕਰ ਸਮੁੱਚਾ ਅਕਾਲੀ ਦਲ ਪ੍ਰਧਾਨਗੀ ਸੰਭਾਲਣ ਸਬੰਧੀ ਉਹਨਾਂ ਤੱਕ ਪਹੁੰਚ ਕਰਦਾ ਹੈ ਤਾਂ ਉਹ ਵਿਚਾਰ ਕਰ ਸਕਦੇ ਹਨ। ਹਾਲਾਂਕਿ ਉਹਨਾਂ ਧੜਿਆਂ ਦੀ ਅਗਵਾਈ ਕਰਨ ਵਾਲੀ ਰਾਜਨੀਤੀ ਵਿੱਚ ਪੈਣ ਤੋਂ ਸਾਫ ਇਨਕਾਰ ਕਰ ਦਿੱਤਾ।
ਇਸ ਦੇ ਇਲਾਵਾ ਉਨਾਂ ਸ਼੍ਰੋਮਣੀ ਅਕਾਲੀ ਵੱਲ ਦਲ ਵਿੱਚ ਪਏ ਦੁਫੇੜ ਨੂੰ ਵੀ ਮੰਦਭਾਗਾ ਦੱਸਦਿਆਂ ਕਿਹਾ ਕਿ ਦੋਨਾਂ ਹੀ ਧੜਿਆਂ ਦੇ ਸੁਲਝੇ ਹੋਏ ਆਗੂਆਂ ਵੱਲੋਂ ਬੰਦ ਕਮਰਾ ਮੀਟਿੰਗ ਕਰਕੇ ਮੁੱਦਿਆਂ ਨੂੰ ਸੁਲਝਾ ਲੈਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਇੱਕ ਰਾਜਸ਼ੀ ਜਮਾਤ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਕਮਜ਼ੋਰ ਨਹੀਂ ਪੈਣ ਦੇਣਾ ਚਾਹੀਦਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਂਭੇ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਜਿੰਮੇਵਾਰੀ ਸੌਂਪਣ ਦੀ ਚਰਚਾ ਚੱਲ ਰਹੀ ਹੈ।
ਬਾਗੀ ਧੜੇ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋ ਕੇ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਲੈ ਕੇ ਹੁਣ ਤੱਕ ਹੋਈਆਂ ਗਲਤੀਆਂ ਦੀਆਂ ਭੁੱਲਾਂ ਵੀ ਬਖਸ਼ਾਈਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਅਕਾਲੀ ਦਲ ਬਚਾਓ ਲਹਿਰ ਵੀ ਸ਼ੁਰੂ ਕੀਤੀ ਜਾਵੇਗੀ। ਜਿਸ ਦੇ ਚੱਲਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਰਹਿ ਚੁੱਕੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਹਿਮ ਬਿਆਨ ਦੇ ਨਾਲ ਅਕਾਲੀ ਦਲ ਵਿੱਚ ਵੱਡੀ ਉਥਲ-ਪੁਥਲ ਹੋਣ ਦੀਆਂ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵਿਆਹ ‘ਤੇ ਪੁੱਜਣ ਤੋਂ ਬਾਅਦ ਇੱਕ ਵੱਡਾ ਵਿਵਾਦ ਉੱਠਿਆ ਸੀ ਅਤੇ ਉਸ ਤੋਂ ਬਾਅਦ ਕਈ ਹੋਰ ਮੁੱਦਿਆਂ ਨੂੰ ਵੀ ਲੈ ਕੇ ਗਾਹੇ-ਬਗਾਹੇ ਉਨਾਂ ਦੇ ਬਾਦਲ ਪਰਿਵਾਰ ਨਾਲ ਸੰਬੰਧਾਂ ਵਿੱਚ ਵੀ ਮਿਠਾਸ ਘਟਦੀ ਦਿਖਾਈ ਦਿੱਤੀ ਹੈ। ਜਿਸ ਕਾਰਨ ਹੁਣ ਬਾਗੀ ਧੜੇ ਵੱਲੋਂ ਬਾਦਲ ਪਰਿਵਾਰ ਨੂੰ ਸਿਆਸੀ ਤੌਰ ‘ਤੇ ਲਾਂਭੇ ਕਰਨ ਦੇ ਲਈ ਕੀਤੀਆਂ ਜਾ ਰਹੀਆਂ ਪੇਸ਼ਗੀਆਂ ਦੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਮੁੜ ਸਿਆਸਤ ਦਾ ਕੇਂਦਰ ਬਿੰਦੂ ਬਣਦੇ ਜਾ ਰਹੇ ਹਨ।
Share the post "Big News: ਅਕਾਲੀ ਦਲ ਦੀ ਪ੍ਰਧਾਨਗੀ ਸੰਭਾਲਣ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ"