ਗਿੱਦੜਬਾਹਾ, 25 ਅਕਤੂਬਰ: ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ 92 ਸੀਟਾਂ ਜਿੱਤ ਕੇ ਇਤਿਹਾਸ ਸਿਰਜਣ ਵਾਲੀ ਆਮ ਆਦਮੀ ਪਾਰਟੀ ਨੂੰ ਹੁਣ ਪੰਜਾਬ ਵਿਚ ਹੋਣ ਜਾ ਰਹੀਆਂ ਚਾਰ ਜਿਮਨੀ ਚੋਣਾਂ ’ਚ ਆਪਣੇ ਹੀ ਆਗੂਆਂ ਦੀ ਨਰਾਜ਼ਗੀ ਝੱਲਣੀ ਪੈ ਰਹੀ ਹੈ। ਬਰਨਾਲਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਵੱਲੋਂ ਅਜਾਦ ਉਮੀਦਵਾਰ ਵਜੋਂ ਚੋਣ ਲੜ੍ਹਣ ਲਈ ਪਰ੍ਹ ਤੋਲੇ ਜਾ ਰਹੇ ਹਨ ਤੇ ਦੂਜੇ ਪਾਸੇ ਸਾਲ 22 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸਰਮਾ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ
ਸ਼੍ਰੀ ਸ਼ਰਮਾ ਖੁਦ ਮੁੜ ਇਸ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ ਪ੍ਰੰਤੂ ਪਾਰਟੀ ਨੇ ਕਰੀਬ ਇੱਕ ਮਹੀਨਾ ਪਹਿਲਾਂ ਅਕਾਲੀ ਦਲ ਛੱਡ ਕੇ ਆਪ ਵਿਚ ਆਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੂੰ ਟਿਕਟ ਦੇ ਦਿੱਤੀ ਹੈ। ਪ੍ਰਿਤਪਾਲ ਸ਼ਰਮਾ ਵੱਲੋਂ ਵੀ ਅਜਾਦ ਉਮੀਦਵਾਰ ਵਜੋਂ ਚੋਣ ਲੜਣ ਦੀ ਚਰਚਾ ਹੈ। ਇਸਤੋਂ ਇਲਾਵਾ ਚੱਬੇਵਾਲ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਹਰਮੰਦਰ ਸਿੰਘ ਸੰਧੂ ਵੀ ਮੌਜੂਦਾ ਐਮਪੀ ਡਾ ਰਾਜ ਕੁਮਾਰ ਚੱਬੇਵਾਲ ਦੇ ਬੇਟੇ ਡਾ ਇਸ਼ਾਨ ਚੱਬੇਵਾਲ ਨੂੰ ਟਿਕਟ ਮਿਲਣ ਤੋਂ ਨਰਾਜ਼ ਦਿਖ਼ਾਈ ਦੇ ਰਹੇ ਹਨ। ਹਾਲਾਂਕਿ ਪਾਰਟੀ ਦੇ ਆਗੂਆਂ ਦਾ ਦਾਅਵਾ ਹੈ ਕਿ ਜਲਦੀ ਹੀ ਨਰਾਜ਼ ਆਗੂਆਂ ਨੂੰ ਮਨਾ ਕੇ ਉਮੀਦਵਾਰਾਂ ਦੇ ਹੱਕ ਵਿਚ ਤੋਰ ਦਿੱਤਾ ਜਾਵੇਗਾ ਪ੍ਰੰਤੂ ਇਹ ਆਉਣ ਵਾਲੇ ਸਮੇਂ ਵਿਚ ਪਤਾ ਲੱਗੇਗਾ ਕਿ ਉਹ ਇਸ ਵਿਚ ਕਿੰਨਾਂ ਕੁ ਸਫ਼ਲ ਹੁੰਦੇ ਹਨ।