ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਬਾਦਲਾਂ ਨੇ ਸਿਆਸੀ ਲਾਹਾ ਲੈਣ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ‘ਚਿੱਟੇ’ ਤੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ, ਜਿਸ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਈਆਂ ਜਾਣ; ਧਾਰਮਿਕ ਸੰਸਥਾਵਾਂ ਨੂੰ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026 ਬੇਅਦਬੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਾਵਾਂ-ਧੀਆਂ ਸਤਿਕਾਰ ਯੋਜਨਾ ਪੂਰੇ ਪੰਜਾਬ ਵਿੱਚ ਮਾਵਾਂ ਅਤੇ ਭੈਣਾਂ ਨੂੰ ਵੱਧ ਅਖ਼ਤਿਆਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Bathinda News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ।ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾਇਆ ਹੈ, ਉੱਥੇ ਦੂਜੇ ਪਾਸੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ, ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਦਿਨ ਵੇਲੇ ਬਿਜਲੀ ਸਪਲਾਈ ਰਾਹੀਂ ਕਿਸਾਨਾਂ ਨੂੰ ਸੁਰੱਖਿਅਤ ​​ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿੱਚ ਸੁਧਾਰ ਕਰਕੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ, ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ ਪਿੰਡ ਦੀ 55 ਸਾਲ ਪੁਰਾਣੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਐਲਾਨ ਵੀ ਕੀਤਾ।ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ, ਸ਼੍ਰੋਮਣੀ ਕਮੇਟੀ ਦੀ ਭੂਮਿਕਾ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026, ਭਲਾਈ ਸਕੀਮਾਂ, ਸਿੱਖਿਆ ਸੁਧਾਰਾਂ, ਸਿੰਚਾਈ ਦੇ ਬੁਨਿਆਦੀ ਢਾਂਚੇ, ਸਿਹਤ ਸੰਭਾਲ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਸਮੇਤ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਗੱਲਬਾਤ ਕੀਤੀ।ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਇਸ ਨੂੰ ਕੌਮ ਦਾ ਸਰਵਉੱਚ ਤਖ਼ਤ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਇਹ ਇੱਕ ਬਹੁਤ ਹੀ ਪੂਜਨੀਕ ਅਸਥਾਨ ਹੈ, ਜਿੱਥੋਂ ਹਰ ਸਿੱਖ ਇਲਾਹੀ ਸ਼ਾਂਤੀ ਅਤੇ ਸ਼ਕਤੀ ਪ੍ਰਾਪਤ ਕਰਦਾ ਹੈ। ਹਾਲਾਂਕਿ, ਕੁਝ ਗਲਤ ਅਨਸਰਾਂ ਨੇ ਇਸ ਪਵਿੱਤਰ ਸੰਸਥਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਇਹ ਅਹਿਸਾਸ ਕੀਤੇ ਬਿਨਾਂ ਫੈਸਲੇ ਲੈ ਰਹੇ ਹਨ ਕਿ ਇਹ ਸਾਡਾ ਪਵਿੱਤਰ ਅਸਥਾਨ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਸ ਲਈ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖਾਂ ਲਈ ਸਰਵਉੱਚ ਹੈ। ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”ਮੁੱਖ ਮੰਤਰੀ ਨੇ ਕਿਹਾ, “ਮੈਂ ਭਾਰਤ ਸਰਕਾਰ ਨੂੰ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 14 ਸਾਲ ਹੋ ਗਏ ਹਨ। ਇਹ ਸੰਸਥਾ ਅੱਜ ਬੇਹੱਦ ਮਾੜੀ ਹਾਲਤ ਵਿੱਚ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੜ੍ਹਾਂ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੰਡਿਆ ਗਿਆ ਪੈਸਾ ਉਨ੍ਹਾਂ ਦੀ ਆਪਣੀ ਖ਼ੂਨ-ਪਸੀਨੇ ਦੀ ਕਮਾਈ ਨਹੀਂ ਸੀ। ਇਹ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਭੇਟਾ ਦਾ ਪੈਸਾ ਸੀ। ਗਰੀਬ ਤੋਂ ਗਰੀਬ ਵਿਅਕਤੀ ਵੀ ਮਾਤਾ-ਪਿਤਾ ਦੇ ਅੰਤਿਮ ਸੰਸਕਾਰ ਵੇਲੇ ਗੁਰਦੁਆਰਾ ਸਾਹਿਬ ਵਿੱਚ ਕੁਝ ਨਾ ਕੁਝ ਯੋਗਦਾਨ ਪਾਉਂਦਾ ਹੈ। ਪਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਦੇ ਭੋਗ ਸਮੇਂ ਲੰਗਰ ਦਾ ਪ੍ਰਬੰਧ ਤੱਕ ਨਹੀਂ ਕੀਤਾ ਅਤੇ ਇਸ ਦੀ ਬਜਾਏ ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਲੈ ਕੇ ਆਏ।”ਉਨ੍ਹਾਂ ਅੱਗੇ ਕਿਹਾ, “ਬਾਦਲ ਪਰਿਵਾਰ ਨੇ ਜ਼ਮੀਨ, ਰੇਤ, ‘ਚਿੱਟੇ’, ਟਰਾਂਸਪੋਰਟ ਅਤੇ ਹੋਰ ਮਾਫੀਆ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਵਿੱਚ ਸਭ ਕੁਝ ਹੜੱਪ ਲਿਆ। ਉਨ੍ਹਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਇੱਥੋਂ ਦੇ ਲੋਕਾਂ ਨੂੰ ਬਹੁਤ ਦੁੱਖ ਦਿੱਤੇ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਨਾਮ ‘ਤੇ ਵੋਟਾਂ ਪਾਈਆਂ, ਪਰ ਉਨ੍ਹਾਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ। ਅਕਾਲੀਆਂ ਅਤੇ ਬਾਦਲ ਪਰਿਵਾਰ ਵੱਲੋਂ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਧੱਕੇ ਦੀ ਲੰਮੀ ਦਾਸਤਾਨ ਹੈ। ਜਨਤਾ ਉਨ੍ਹਾਂ ਨੂੰ ਇਨ੍ਹਾਂ ਕਰਤੂਤਾਂ ਲਈ ਕਦੇ ਵੀ ਮੁਆਫ ਨਹੀਂ ਕਰ ਸਕਦੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਮਾਤਮਾ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਜੇ ਜੁਰਮਾਨਾ ਨਾ ਭਰਿਆ ਗਿਆ ਤਾਂ ਦੋਸ਼ੀ ਦੀ ਜਾਇਦਾਦ ਵੇਚੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗੁਰੂ ਸਾਹਿਬ ਦਾ ਨਿਰਾਦਰ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅੰਜਾਮ ਨੂੰ ਯਾਦ ਰੱਖਣ।”ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਮੰਦਭਾਗੀ ਹਰਕਤ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਸ ਦੀ ਪਵਿੱਤਰਤਾ ਨੂੰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ।”ਉਨ੍ਹਾਂ ਕਿਹਾ, “ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰ ਸਕਦੇ। ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਇਸ ਇਤਿਹਾਸਕ ਕਾਨੂੰਨ ਨੂੰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।”ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਇਸ ਲਈ ਕੂੜ ਪ੍ਰਚਾਰ ਕਰ ਰਹੀਆਂ ਹਨ ਕਿਉਂਕਿ ਉਹ ਲੋਕਾਂ ਸਾਹਮਣੇ ਬੇਨਕਾਬ ਹੋਣ ਤੋਂ ਡਰਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ, ਜਾਤ-ਪਾਤ ਅਤੇ ਨਫ਼ਰਤ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਮੈਂ ਆਪਣੀ ਜ਼ਿੰਦਗੀ ਦਾ ਹਰ ਪਲ ਲੋਕਾਂ ਦੀ ਭਲਾਈ ਲਈ ਲਗਾਇਆ ਹੈ ਅਤੇ ਇਹੀ ਕਾਰਨ ਹੈ ਕਿ ਵਿਰੋਧੀ ਪਰੇਸ਼ਾਨ ਹਨ। ਸਾਰੀਆਂ ਰਵਾਇਤੀ ਪਾਰਟੀਆਂ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਮੇਰੇ ਖ਼ਿਲਾਫ਼ ਇਕੱਠੀਆਂ ਹੋ ਗਈਆਂ ਹਨ। ਹਾਲਾਂਕਿ ਉਨ੍ਹਾਂ ਦੀਆਂ ਇਹ ਹਰਕਤਾਂ ਮੈਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਤੋਂ ਕਦੇ ਨਹੀਂ ਰੋਕ ਸਕਦੀਆਂ।”ਕਾਂਗਰਸ ਪਾਰਟੀ ‘ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨ ਦੀ ਇੱਛਾ ਰੱਖਦਾ ਹੈ। ਪਾਰਟੀ ਕੋਲ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਕਾਂਗਰਸੀ ਆਗੂ ਦਿਨ-ਦਿਹਾੜੇ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ। ਇਹ ਪਾਰਟੀ ਆਪਸੀ ਫੁੱਟ ਦਾ ਸ਼ਿਕਾਰ ਹੈ ਅਤੇ ਆਪਣੀ ਅੰਦਰੂਨੀ ਲੜਾਈ ਦੇ ਬੋਝ ਹੇਠ ਹੀ ਦਬ ਕੇ ਰਹਿ ਜਾਵੇਗੀ। ਉਨ੍ਹਾਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਹ ਸਿਰਫ਼ ਸੱਤਾ ਹਥਿਆਉਣ ਅਤੇ ਸੂਬੇ ਦੇ ਸਾਧਨਾਂ ਦੀ ਲੁੱਟ ਕਰਨ ਵਿੱਚ ਦਿਲਚਸਪੀ ਰੱਖਦੇ ਹਨ। ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ ਕਿਉਂਕਿ ਲੋਕ ਉਨ੍ਹਾਂ ਦੇ ਇਰਾਦਿਆਂ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਵਿੱਚ ਇੱਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ, “ਪਹਿਲਾਂ ਰਵਾਇਤੀ ਪਾਰਟੀਆਂ ਸਿਰਫ਼ ਸੱਤਾ ‘ਤੇ ਕਾਬਜ਼ ਹੋਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਅੱਜ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਖਿਲਾਰੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।”ਉਨ੍ਹਾਂ ਨੇ ਅੱਗੇ ਕਿਹਾ, “2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ ਸੱਤ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਦਿੱਤਾ ਸੀ। ਪੰਜਾਬ ਨੇ ਇੱਕ ਇਮਾਨਦਾਰ ਸਰਕਾਰ ਚੁਣੀ, ਜਿਸ ਨੇ ਜਨਤਾ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਹੈ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।”
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੂਰੇ ਪੰਜਾਬ ਵਿੱਚ ਔਰਤਾਂ ਨੂੰ ਸਸ਼ਕਤ ਕਰੇਗੀ। ਉਨ੍ਹਾਂ ਨੇ ਅੱਗੇ ਕਿਹਾ, “ਮੈਂ ਪਹਿਲਾਂ ਵੀ ਕਈ ਵੱਡੀਆਂ ਸਕੀਮਾਂ ਦੇ ਐਲਾਨ ਕੀਤੇ ਹਨ, ਪਰ ਮੈਨੂੰ ਵਿਸ਼ੇਸ਼ ਤੌਰ ‘ਤੇ ਖੁਸ਼ੀ ਹੈ ਕਿ ਸੂਬਾ ਸਰਕਾਰ ਹੁਣ ਮਾਵਾਂ ਅਤੇ ਭੈਣਾਂ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਕੀਮ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਯੋਗ ਲਾਭਪਾਤਰੀਆਂ ਨੂੰ ਪਹਿਲੀ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।”

ਇਹ ਵੀ ਪੜ੍ਹੋ ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਿਲਣੀ ਸਿਆਸੀ ਸਮਾਗਮ ਨਹੀਂ ਹੈ। ਇਹ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਇੱਕ ਮੌਕਾ ਹੈ। ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਨੇ ਵੀ ਆਮ ਨਾਗਰਿਕਾਂ ਦੀ ਭਲਾਈ ਵੱਲ ਧਿਆਨ ਨਹੀਂ ਦਿੱਤਾ।”ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਜਨਤਾ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਬੇਮਿਸਾਲ ਹੈ।”ਉਨ੍ਹਾਂ ਨੇ ਅੱਗੇ ਕਿਹਾ, “ਅਜਿਹੇ ਸਮੇਂ ਜਦੋਂ ਕੌਮੀ ਜਾਇਦਾਦਾਂ ਕੌਡੀਆਂ ਦੇ ਭਾਅ ਕੁਝ ਚੋਣਵੇਂ ਲੋਕਾਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਫ਼ੀਸਾਂ ‘ਚ ਮਨਮਾਨੇ ਢੰਗ ਨਾਲ ਵਾਧੇ ਨੂੰ ਰੋਕਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ, “ਅਸੀਂ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੁਆਰਾ ਫੀਸ ‘ਚ ਵਾਧੇ ਨੂੰ ਨਿਯਮਤ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਫੀਸ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਫ਼ੀਸਾਂ ‘ਚ ਮਨਮਾਨੇ ਵਾਧੇ ਰਾਹੀਂ ਪੈਣ ਵਾਲੇ ਵਿੱਤੀ ਬੋਝ ਤੋਂ ਬਚਾਉਣਾ ਹੈ। ਇਸ ਆਰਡੀਨੈਂਸ ਤਹਿਤ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪੰਜ ਪ੍ਰਤੀਸ਼ਤ ਤੋਂ ਵੱਧ ਫੀਸਾਂ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸੰਸਥਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਵਿਕਾਸ ਅਤੇ ਭਲਾਈ ਪਹਿਲਕਦਮੀਆਂ ਰਾਹੀਂ ਲੋਕਾਂ ਨੂੰ ਹੀ ਇਹ ਪੈਸਾ ਵਾਪਸ ਕਰ ਰਹੇ ਹਾਂ।ਉਨ੍ਹਾਂ ਕਿਹਾ, “ਲੋਕਾਂ ਦਾ ਪੈਸਾ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਅਸੀਂ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੇ ਸਿਫਾਰਸ਼ ਬਿਨਾਂ 68,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਦਮ ਚੁੱਕੇ ਹਨ, ਜਿਸ ਦੇ ਨਤੀਜੇ ਵਜੋਂ ਹਰ ਰੋਜ਼ ਲੋਕਾਂ ਦੇ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਇਸਦੇ ਨਾਲ ਪੰਜਾਬ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ​​ਕੀਤਾ ਜਾ ਰਿਹਾ ਹੈ।“
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਸੀ, ਤਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਅੱਜ ਇਹ ਅੰਕੜਾ 80 ਫੀਸਦੀ ਨੂੰ ਪਾਰ ਕਰ ਗਿਆ ਹੈ। ‘ਆਪ’ ਸਰਕਾਰ ਨੇ ਸਿੰਚਾਈ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ, “ਅਸੀਂ ਪੰਜਾਬ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੇ ਨਾਲ ਨਾਲ ਨਵੇਂ ਖ਼ਾਲ਼ੇ ਬਣਾਏ ਅਤੇ ਪੁਰਾਣਿਆਂ ਨੂੰ ਸੁਰਜੀਤ ਤੇ ਮਜ਼ਬੂਤ ਕੀਤਾ। ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਵਾਟਰ ਚੈਨਲਾਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਇਸ ਨਾਲ ਸੂਬੇ ਭਰ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਕਿਹਾ, “ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਪਹਿਲ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿਉਂਕਿ ਪੰਜਾਬ ਦੀ ਪਛਾਣ ਅਤੇ ਹੋਂਦ ਪਾਣੀ ਨਾਲ ਡੂੰਘੀ ਤੌਰ ‘ਤੇ ਜੁੜੀ ਹੋਈ ਹੈ।”ਉਨ੍ਹਾਂ ਕਿਹਾ, “ਕੋਈ ਵੀ ‘ਮੁਫ਼ਤ ਸਹੂਲਤ’ ਜਾਂ ਰਿਆਇਤ ਗਰੀਬੀ ਅਤੇ ਸਮਾਜਿਕ ਚੁਣੌਤੀਆਂ ਨੂੰ ਖ਼ਤਮ ਨਹੀਂ ਕਰ ਸਕਦੀ। ਇਹ ਸਿੱਖਿਆ ਹੀ ਹੈ, ਜੋ ਜੀਵਨ ਨੂੰ ਉੱਚਾ ਚੁੱਕਣ ਅਤੇ ਇਸ ਵਿੱਚ ਸੁਧਾਰ ਦੀ ਕੁੰਜੀ ਹੈ।”ਸਿੱਖਿਆ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਿੱਖਿਆ ਵਿੱਚ ਕੌਮੀ ਪੱਧਰ ‘ਤੇ ਮੋਹਰੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੇ ਸਮਰਪਿਤ ਯਤਨਾਂ ਸਦਕਾ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪੰਜਾਬ ਸੂਬਾ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਅਸੀਂ ਸਕੂਲਾਂ ਨੂੰ ਅਪਗ੍ਰੇਡ ਕੀਤਾ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕੀਤਾ, ਸਮਾਰਟ ਕਲਾਸਰੂਮ ਬਣਾਏ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ, ਜਿਸਦੇ ਨਤੀਜੇ ਵਜੋਂ ਪੰਜਾਬ ਹੁਣ ਸਿੱਖਿਆ ਖੇਤਰ ਵਿੱਚ ਮੋਹਰੀ ਬਣ ਕੇ ਉੱਭਰ ਰਿਹਾ ਹੈ।”

ਇਹ ਵੀ ਪੜ੍ਹੋ ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਦੁਆਰਾ ਜਾਰੀ ਕੀਤੇ ਗਏ ਹਾਲੀਆ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜਦਿਆਂ ਅੱਵਲ ਸਥਾਨ ਮੱਲਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਵਰ੍ਹਿਆਂ ਤੋਂ ਅਸੀਂ ਲਗਾਤਾਰ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਚੱਲਦਾ ਆ ਰਿਹਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਇਸ ਰੈਕਿੰਗ ਵਿੱਚ ਸਿਖਰਲਾ ਦਰਜਾ ਮੱਲਿਆ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਦੀ ਹੈ। ਇਸੇ ਲਈ ਇਹ ਖੇਤਰ ਸਾਡੀ ਸਰਕਾਰ ਸਈ ਸਭ ਤੋਂ ਵੱਧ ਤਰਜੀਹੀ ਖੇਤਰਾਂ ਵਿੱਚੋਂ ਇੱਕ ਹੈ।’’ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਪੰਜਾਬ ਦੇ ਸਿਹਤ ਸੰਭਾਲ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੇ ਇਸ ਯੋਜਨਾ ਦੇ ਤਹਿਤ ਹੁਣ ਤੱਕ ਲਗਪਗ 650 ਕਰੋੜ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਵੀ ਉਠਾਇਆ ਹੈ। ਮੈਂ ਹਰੇਕ ਯੋਗ ਪਰਿਵਾਰ ਨੂੰ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਖੇਤੀਬਾੜੀ ਖੇਤਰ ਨੂੰ ਬਿਜਲੀ ਸਪਲਾਈ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਸਿੰਚਾਈ ਦੇ ਉਦੇਸ਼ਾਂ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਹੋ ਗਈ ਹੈ ਅਤੇ ਖੇਤੀਬਾੜੀ ਨੂੰ ਵੀ ਬਹੁਤ ਫਾਇਦਾ ਹੋਇਆ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related