Site icon Punjabi Khabarsaar

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਚੰਡੀਗੜ੍ਹ, 8 ਦਸੰਬਰ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ ਵਧੀਕੀਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਤਾਇਨਾਤੀ ਨਾਲ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਇਸ ਤਰ੍ਹਾਂ ਬਣਾਈ ਹੈ ਜਿਵੇਂ ਪੰਜਾਬ ਇਸ ਦੇਸ਼ ਦਾ ਹਿੱਸਾ ਹੀ ਨਾ ਹੋਵੇ। ਅਜਿਹਾ ਕਰ ਕੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬੀ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਦਮਨਕਾਰੀ ਸਰਕਾਰ ਵੱਲੋਂ ਇੱਕ ਵਾਰ ਫਿਰ ਪੰਜਾਬੀ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਨਾਲ ਕਈ ਕਿਸਾਨ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿਚ ਰਾਸ਼ਟਰੀ ਕਨਵੈਂਸ਼ਨ ਵਿੱਚ ਲਿਆ ਹਿੱਸਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪਸ਼ਟ ਤੌਰ ‘ਤੇ ਦੁਸ਼ਟਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜੇ ਕਿਸਾਨ ਆਪਣੇ ਹੀ ਦੇਸ਼ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ, ਤਾਂ ਸਾਡੇ ਵਰਗੇ ਜਮਹੂਰੀ ਢਾਂਚੇ ਵਿੱਚ ਉਨ੍ਹਾਂ ਦੇ ਕੀ ਅਧਿਕਾਰ ਹਨ? “ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲੋਕਾਂ ਲਈ ਆਪਣਾ ਗ਼ੁੱਸਾ ਕੱਢਣ ਅਤੇ ਆਪਣੀ ਆਵਾਜ਼ ਸੁਣਾਉਣ ਲਈ ਸੁਰੱਖਿਆ ਜ਼ਰੀਆ ਹੈ। ਬਾਜਵਾ ਨੇ ਕਿਹਾ ਕਿ ਅਜਿਹੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣਾ ਅਕਸਰ ਵਿਨਾਸ਼ਕਾਰੀ ਸਾਬਿਤ ਹੁੰਦਾ ਹੈ। ਜ਼ਿਕਰਯੋਗ ਹੈ ਕਿ ਅੱਜ ਫਿਰ ਮਰਜੀਵੜਾ ਜਥੇ ਨਾਂ ਦੇ 101 ਕਿਸਾਨਾਂ ਦੇ ਸਮੂਹ ਨੇ ਐਤਵਾਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ ਸੀ। ਇਸ ਸਾਲ ਫ਼ਰਵਰੀ ਵਿੱਚ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਦੀ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਉਹ ਸ਼ੰਭੂ ਸਰਹੱਦ ‘ਤੇ ਡੇਰਾ ਲਾ ਕੇ ਬੈਠੇ ਸਨ।

ਇਹ ਵੀ ਪੜ੍ਹੋ ਯੂਥ ਕਾਂਗਰਸ ਵਲੋਂ 10 ਤਰੀਕ ਨੂੰ ’ਨੌਕਰੀ ਦਿਓ-ਨਸ਼ਾ ਨਹੀਂ’ ਧਰਨਾ ਦਿੱਤਾ ਜਾਵੇਗਾ : ਮੋਹਿਤ ਮਹਿੰਰਾ

ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਆਪਣੀਆਂ ਜਾਇਜ਼ ਮੰਗਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ। ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰੇ। ਭਾਜਪਾ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਦੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਚਰਚਾ ਲਈ ਸੱਦਾ ਭੇਜਣ ਦੀ ਬਜਾਏ ਭਾਜਪਾ ਸਰਕਾਰ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version