ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਦਿੱਤੇ ਆਦੇਸ਼
ਬਠਿੰਡਾ, 22 ਅਗਸਤ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਮੀਟਿੰਗ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਕਾਰਪੋਰੇਸ਼ਨ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗ੍ਰਾਂਮ ਪੰਚਾਇਤਾਂ ਅੰਦਰ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਵਿਸ਼ੇਸ਼ ਤੌਰ ’ਤੇ ਡੋਰ-ਟੂ-ਡੋਰ ਇਕੱਤਰ ਕੀਤੇ ਜਾ ਰਹੇ ਗਿੱਲੇ ਤੇ ਸੁੱਕੇ ਕੂੜੇ ਅਤੇ ਸਾਫ-ਸਫਾਈ ਆਦਿ ਸਬੰਧੀ ਚਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਇਸ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ (ਐਨਜੀਟੀ) ਪੂਰੀ ਤਰ੍ਹਾਂ ਗੰਭੀਰ ਹੈ। ਇਸ ਲਈ ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਾਨੂੰ ਸਭ ਨੂੰ ਰਲ-ਮਿਲ ਕੇ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।ਡਵੀਜ਼ਨਲ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ’ਚ ਸੋਲਰ ਸਿਸਟਮ ਵਾਲੇ ਸੀਸੀਟੀਵੀ ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਇਹ ਵੀ ਕਿਹਾ ਕਿ ਬਰਸਾਤਾਂ ਦੇ ਪਾਣੀ ਨੂੰ ਰੀਚਾਰਜ ਕਰਨ ਬਾਰੇ ਵੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਦਿਨ ਪ੍ਰਤੀ ਦਿਨ ਪਾਣੀ ਦੇ ਘੱਟ ਰਹੇ ਪੱਧਰ ਨੂੰ ਬਚਾਇਆ ਜਾ ਸਕੇ।ਇਸ ਤੋਂ ਪਹਿਲਾ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਭਰਵਾ ਸਵਾਗਤ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ, ਸੁਪਰਡੈਂਟ (ਮਾਲ ਤੇ ਨਿਆ) ਸ ਜਸਵੀਰ ਸਿੰਘ ਤੋਂ ਇਲਾਵਾ ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।