ਫ਼ਿਰੋਜ਼ਪੁਰ, 26 ਜੁਲਾਈ: ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ ਵੱਲੋਂ ਭਾਰਤੀ ਨਿਆਂ ਸੰਹਿਤਾ ’ਤੇ ਦੇਵ ਸਮਾਜ ਕਾਲਜ ਫ਼ਾਰ ਵੂਮਨ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਅ ਉੱਤੇ ਵੀ ਚਾਨਣਾ ਪਾਇਆ। ਜ਼ਿਲ੍ਹਾ ਸੈਸ਼ਨ ਜੱਜ ਨੇ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਪੁਲਿਸ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਅੱਤਵਾਦ ਨਾਲ ਨਜਿੱਠਣ ਲਈ ਇਸ ਵਿੱਚ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਹਨ।ਮੰਚ ਤੋਂ ਸੰਬੋਧਨ ਕਰਦਿਆਂ ਡੀ.ਐੱਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਆਮ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਈ ਸਾਕਸ਼ਯ ਐਪ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਨਾਲ ਪੁਲਿਸ ਦੇ ਜਾਂਚ ਕਰਨ ਦੇ ਤਰੀਕੇ ਵਿੱਚ ਬਦਲਾਅ ਆਇਆ ਹੈ।
ਆਜ਼ਾਦੀ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਸਕੂਲ ਅਧਿਆਪਕਾਂ ਨਾਲ ਮੀਟਿੰਗ ਕੀਤੀ
ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ਭਰ ਵਿੱਚ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ, ਜਿਨ੍ਹਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ।ਇਸ ਤੋਂ ਇਲਾਵਾ ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ ਪਰਗਟ ਸਿੰਘ ਬਰਾੜ, ਪ੍ਰਿੰਸੀਪਲ ਜਗਦੀਪ ਪਾਲ ਸਿੰਘ, ਪ੍ਰਿੰਸੀਪਲ ਸੰਗੀਤਾ ਸ਼ਰਮਾ, ਡਾਕਟਰ ਮੋਕਸ਼ੀ, ਡਾਕਟਰ ਸਪਨਾ ਬਧਵਾਰ ਤੇ ਡਾਕਟਰ ਜਾਗ੍ਰਿਤੀ ਨੇ ਵੀ ਮੰਚ ਤੋਂ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪੰਜਾਬੀ ਸੱਭਿਆਚਾਰਕ ਕਲਾ ਮੰਚ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਅਤੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਂ ਬੰਨਿ੍ਹਆ।
Share the post "ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ"