ਖਨੌਰੀ, 30 ਨਵੰਬਰ: ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸੰਭੂ ਬਾਰਡਰ ’ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਫੈਸਲਾ ਵਾਪਸ ਲੈ ਲਿਆ ਹੈ। ਬੀਤੇ ਕੱਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਵਿਚੋਂ ਛੁੱਟੀ ਮਿਲਣ ਤੋਂ ਬਾਅਦ ਅੱਜ ਇਸ ਸਬੰਧ ਵਿਚ ਮੋਰਚੇ ਦੇ ਆਗੂਆਂ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਕਿਸਾਨਾਂ ਨੇ ਆਪਣੇ ਪਹਿਲੇ ਐਲਾਨ ਤਹਿਤ 6 ਦਸੰਬਰ ਨੂੰ ਦਿੱਲੀ ਕੂਚ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ।
ਇਹ ਵੀ ਪੜ੍ਹੋ:ਸਬ ਇੰਸਪੈਕਟਰ ਅਮਰੀਕ ਸਿੰਘ ਦੀ ਬਠਿੰਡਾ ਦੇ ਟਰੈਫ਼ਿਕ ਵਿੰਗ ਵਿਚ ਮੁੜ ਹੋਈ ਤੈਨਾਤੀ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਦਿੱਲੀ ਦੀ ਕੇਂਦਰ ਸਰਕਾਰ ਨਾਲ ਹੈ, ਜਿਸਦੇ ਚੱਲਦੇ ਉਹ ਆਪਣਾ ਇਹ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਅੰਦੋਲਨ ਸ਼ਾਂਤਮਈ ਕਰਨਾ ਸਾਡਾ ਸੰਵਿਧਾਨਕ ਹੱਕ ਹੈ। ਜਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਮਰਨ ਵਰਤ ਦੇ ਕੀਤੇ ਐਲਾਨ ਅਤੇ ਹੁਣ ਮੁੜ ਖਨੌਰੀ ਬਾਰਡਰ ’ਤੇ ਪੁੱਜ ਕੇ ਆਪਣਾ ਸੰਘਰਸ਼ ਜਾਰੀ ਕਰਨ ਤੋਂ ਬਾਅਦ ਬਾਰਡਰਾਂ ਉਤੇ ਕਿਸਾਨਾਂ ਦੀ ਭੀੜ ਵਧ ਗਈ ਹੈ।