ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਸਿੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ, ਸੂਬੇ ਦਾ 26 ਫੀਸਦੀ ਬਜਟ ਸਿੱਖਿਆ ਲਈ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਤਕਨੀਕੀ ਸਿੱਖਿਆ ਸਮੇਂ ਦੀ ਮੁੱਖ ਲੋੜ ਹੈ ਅਤੇ ਸਰਕਾਰ ਇਸ ‘ਤੇ ਖਾਸ ਧਿਆਨ ਦੇ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੀ ਸਰਕਾਰ ਨੇ ਸਿਰਫ਼ 4 ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੀ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਭਰਤੀ ਦੀ ਤਿਆਰੀ ਕਰਵਾਉਣ ਦੇ ਕੈਂਪ ਲਾਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੇ ਸਰਹੱਦੀ ਇਲਾਕੇ ਉੱਚ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਰਹੇ ਹਨ, ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੌਜਵਾਨਾਂ ਲਈ ਚਾਨਣ ਮੁਨਾਰਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪਣੇ ਸੁਪਨਿਆਂ ਨੂੰ ਰਵਾਇਤੀ ਕਿੱਤਿਆਂ ਤੱਕ ਸੀਮਤ ਨਾ ਰੱਖੋ, ਪੰਜਾਬ ਨੂੰ ਪੇਸ਼ੇਵਰਾਂ, ਉੱਦਮੀਆਂ, ਖਿਡਾਰੀਆਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਲੋੜ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਕਨਵੋਕੇਸ਼ਨ ਨੂੰ ਕੀਤਾ ਸੰਬੋਧਨ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ, ਤਕਨੀਕੀ ਸਿੱਖਿਆ, ਹੁਨਰ ਵਿਕਾਸ ਅਤੇ ਖੇਡਾਂ ਨੂੰ ਆਪਣੇ ਵਿਕਾਸ ਏਜੰਡੇ ਦੇ ਕੇਂਦਰ ਵਿੱਚ ਰੱਖ ਕੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀਆਂ ਦੇਣ ਵਾਲੇ ਬਣਾ ਰਹੀ ਹੈ।ਇੱਥੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲਈ ਸੂਬੇ ਦੇ ਬਜਟ ਦਾ 26 ਫੀਸਦੀ ਹਿੱਸਾ ਰੱਖਣ, ਮਹਿਜ਼ ਚਾਰ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਅਤੇ ਸਰਹੱਦੀ ਇਲਾਕਿਆਂ ਦੀਆਂ ਸੰਸਥਾਵਾਂ ਦੇ ਉੱਚ ਸਿੱਖਿਆ ਦੇ ਕੇਂਦਰ ਵਜੋਂ ਉੱਭਰਨ ਨਾਲ ਪੰਜਾਬ ਆਪਣੇ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੋਲ੍ਹ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਰਵਾਇਤੀ ਕਿੱਤਿਆਂ ਤੋਂ ਅੱਗੇ ਦੇਖਣਾ ਚਾਹੀਦਾ ਹੈ, ਉੱਦਮੀ, ਪੇਸ਼ੇਵਰ ਅਤੇ ਖਿਡਾਰੀ ਬਣਨਾ ਚਾਹੀਦਾ ਹੈ, ਜਦੋਂ ਕਿ ਸਰਕਾਰ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਲਈ ਭਰਤੀ ਲਈ ਤਿਆਰੀ ਕਰਨ ਦੇ ਕੈਂਪ ਵੀ ਲਾਏਗੀ।ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਮਾਜ ਵਿੱਚ ਯੋਗਦਾਨ ਪਾਉਂਦੇ ਹੋਏ ਆਪਣੇ ਮੂਲ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਗ੍ਰੈਜੂਏਟ ਹੋਣ ਵਾਲਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ, “ਇਹ ਕਨਵੋਕੇਸ਼ਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੇ ਸਿਖਰ ਨੂੰ ਦਰਸਾਉਂਦਾ ਮਹੱਤਵਪੂਰਨ ਮੌਕਾ ਹੈ।” ਉਨ੍ਹਾਂ ਨੂੰ ਨਿਮਰ ਰਹਿਣ, ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਉਣ ਦੀ ਪ੍ਰੇਰਨਾ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021 ਵਿੱਚ 98 ਏਕੜ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਇਸ ਸਮੇਂ 2,600 ਤੋਂ ਵੱਧ ਵਿਦਿਆਰਥੀ ਹਨ ਅਤੇ ਅਗਲੇ ਸਾਲ ਤੱਕ ਇਸ ਵਿੱਚ ਦਾਖ਼ਲਾ ਦੁੱਗਣਾ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਉਨ੍ਹਾਂ ਕਿਹਾ, “ਸਰਹੱਦੀ ਖੇਤਰਾਂ ਵਿੱਚ ਵਿਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਾਡੀ ਸਰਕਾਰ ਦੀ ਤਰਜੀਹ ਰਹੀ ਹੈ, ਜਿਸ ਨੇ ਇਹ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਹਨ ਤਾਂ ਕਿ ਇਨ੍ਹਾਂ ਖੇਤਰਾਂ ਦੇ ਨੌਜਵਾਨਾਂ ਦੀ ਪਹੁੰਚ ਮਿਆਰੀ ਉੱਚ ਸਿੱਖਿਆ ਤੱਕ ਹੋ ਸਕੇ।”ਉਨ੍ਹਾਂ ਕਿਹਾ, “ਪਹਿਲਾਂ, ਸਰਹੱਦੀ ਖੇਤਰਾਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਦੇ ਅਦਾਰਿਆਂ ਤੱਕ ਸੀਮਤ ਪਹੁੰਚ ਸੀ। ਅੱਜ, ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਇਸ ਸਰਹੱਦੀ ਪੱਟੀ ਦੇ ਨੌਜਵਾਨਾਂ ਲਈ ਸਿੱਖਿਆ ਦੇ ਚਾਨਣ ਮੁਨਾਰੇ ਵਜੋਂ ਉੱਭਰੀ ਹੈ। ਸਾਡੀ ਨੌਜਵਾਨ ਪੀੜ੍ਹੀ ਨੂੰ ਸਮਰੱਥ ਬਣਾਉਣ ਲਈ ਸਿੱਖਿਆ, ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਜ਼ਰੂਰੀ ਹਨ ਅਤੇ ਇਹ ਯੂਨੀਵਰਸਿਟੀ ਇਸ ਦਿਸ਼ਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਸਿਰਫ਼ ਰੁਜ਼ਗਾਰ ਦੀ ਭਾਲ ਕਰਨ ਲਈ ਹੀ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ ਲਈ ਵੀ ਤਿਆਰ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਸੰਸਥਾ ਦੇ ਗ੍ਰੈਜੂਏਟ ਕਾਰੋਬਾਰ ਸਥਾਪਤ ਕਰਨਗੇ, ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਸਕੂਲਾਂ, ਕਾਲਜਾਂ ਅਤੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ, “ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਸ ਸੰਸਥਾ ਨੇ ਆਈ.ਏ.ਐਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਦੇ ਨਾਲ-ਨਾਲ ਕਈ ਹੋਰ ਖੇਤਰਾਂ ਵਿੱਚ ਵੀ ਨਾਮਵਰ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ। ਸਾਡਾ ਟੀਚਾ ਨੌਜਵਾਨਾਂ ਨੂੰ ਅਜਿਹੇ ਗਿਆਨ ਅਤੇ ਹੁਨਰ ਨਾਲ ਲੈਸ ਕਰਨਾ ਹੋਣਾ ਚਾਹੀਦਾ ਹੈ ਜੋ ਉਨ੍ਹਾਂ ਨੂੰ ਆਪਣੇ ਅਤੇ ਦੂਜਿਆਂ ਲਈ ਮੌਕੇ ਪੈਦਾ ਕਰਨ ਦੇ ਯੋਗ ਬਣਾਉਣ।” ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਆਏ ਕ੍ਰਾਂਤੀਕਾਰੀ ਬਦਲਾਅ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ ਸਾਲ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਉਨ੍ਹਾਂ ਕਿਹਾ, “ਇਹ ਮਹਿਜ਼ ਚਾਰ ਸਾਲਾਂ ਵਿੱਚ ਲਗਭਗ 11 ਗੁਣਾ ਵਾਧਾ ਹੈ ਅਤੇ ਇਹ ਸਾਡੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਹੋਏ ਵਿਆਪਕ ਸੁਧਾਰ ਨੂੰ ਦਰਸਾਉਂਦਾ ਹੈ। ਇਸ ਪ੍ਰਾਪਤੀ ਇਸ ਨਜ਼ਰੀਏ ਤੋਂ ਹੋਰ ਵੀ ਅਹਿਮ ਹੋ ਜਾਂਦੀ ਹੈ ਕਿ ਸਫ਼ਲ ਹੋਣ ਵਾਲੇ ਬਹੁਤ ਸਾਰੇ ਵਿਦਿਆਰਥੀ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਰਿਕਸ਼ਾ ਚਾਲਕਾਂ, ਛੋਟੇ ਦੁਕਾਨਦਾਰਾਂ ਅਤੇ ਸਬਜ਼ੀ ਵਿਕਰੇਤਾਵਾਂ ਦੇ ਬੱਚੇ ਸ਼ਾਮਲ ਹਨ। ਇਹ ਬੱਚੇ ਹੁਣ ਆਪਣੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਸਦਕਾ ਦੇਸ਼ ਦੀਆਂ ਸਭ ਤੋਂ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਸ ਖੇਤਰ ਲਈ ਆਪਣੇ ਬਜਟ ਦਾ 26 ਫ਼ੀਸਦੀ ਹਿੱਸਾ ਰਾਖਵਾਂ ਰੱਖਿਆ ਹੈ। ਉਨ੍ਹਾਂ ਨੇ ਖੇਡਾਂ ਲਈ 1,794 ਕਰੋੜ ਰੁਪਏ ਦੇ ਬਜਟ ਦਾ ਜ਼ਿਕਰ ਕਰਦਿਆਂ ਇਸ ਨੂੰ ਖੇਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਨੌਜਵਾਨਾਂ ਲਈ ਮੌਕਿਆਂ ਦੇ ਵਿਸਥਾਰ ਪ੍ਰਤੀ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਦਾ ਪ੍ਰਮਾਣ ਦੱਸਿਆ।

ਇਹ ਵੀ ਪੜ੍ਹੋ 👉ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ; ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਲਈ VDS ਸਕੀਮ ‘ਚ ਕੀਤਾ ਵਾਧਾ

ਹਾਲ ਹੀ ਵਿੱਚ ਕਰਵਾਈ ਗਈ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਅੰਦਰ ਕਿਸੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੇਡ ਪ੍ਰਤਿਭਾਵਾਂ ਲਈ ਲਗਾਤਾਰ ਮੌਕੇ ਸਿਰਜ ਰਹੀ ਹੈ ਅਤੇ ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਫ਼ਲਤਾ ਸਿਰਫ਼ ਡਾਕਟਰ ਜਾਂ ਇੰਜਨੀਅਰ ਬਣਨ ਤੱਕ ਹੀ ਸੀਮਤ ਨਹੀਂ ਹੈ। ਖੇਡਾਂ ਅਤੇ ਕਈ ਹੋਰ ਖੇਤਰਾਂ ਵਿੱਚ ਵੀ ਬੇਅੰਤ ਮੌਕੇ ਮੌਜੂਦ ਹਨ। ਸਾਡੇ ਨੌਜਵਾਨਾਂ ਨੂੰ ਆਪਣੀਆਂ ਰੁਚੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਇਹ ਸਮਝਣਾ ਚਾਹੀਦਾ ਹੈ ਕਿ ਅਜਿਹੇ ਬਹੁਤ ਸਾਰੇ ਰਸਤੇ ਹਨ ਜਿਨ੍ਹਾਂ ਰਾਹੀਂ ਉਹ ਬੁਲੰਦੀਆਂ ਛੂਹ ਸਕਦੇ ਹਨ ਅਤੇ ਸਮਾਜ ਦੀ ਸੇਵਾ ਕਰ ਸਕਦੇ ਹਨ।”ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਇੱਛਾਵਾਂ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਬੱਚੇ ਵਿੱਚ ਵੱਖ-ਵੱਖ ਖ਼ੂਬੀਆਂ ਅਤੇ ਪ੍ਰਤਿਭਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੁੱਲ੍ਹੇ ਆਸਮਾਨ ਵਿੱਚ ਉੱਡਣ ਦੇਣ ਅਤੇ ਉਨ੍ਹਾਂ ਦੇ ਸੁਫ਼ਨਿਆਂ ਨੂੰ ਖੰਭ ਲਾਉਣ। ਉਨ੍ਹਾਂ ਕਿਹਾ ਕਿ ਸਮਾਜ ਨੂੰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪੇਸ਼ੇਵਰਾਂ ਦੀ ਲੋੜ ਹੈ ਅਤੇ ਹਰ ਬੱਚੇ ਵਿੱਚ ਕੁਝ ਵੱਖਰਾ ਹਾਸਲ ਕਰਨ ਦੀ ਸਮਰੱਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਹਵਾਈ ਜਹਾਜ਼ ਨੂੰ ਵੀ ਰਨਵੇਅ ਤੱਕ ਪਹੁੰਚਣ ਲਈ ਸਹਾਇਤਾ ਦੀ ਲੋੜ ਹੁੰਦੀ ਹੈ, ਪਰ ਇੱਕ ਵਾਰ ਉਡਾਣ ਭਰਨ ਤੋਂ ਬਾਅਦ ਉਸ ਦੀ ਮੰਜ਼ਿਲ ਉਸ ਦੇ ਇੰਜਣ ਦੀ ਤਾਕਤ ’ਤੇ ਨਿਰਭਰ ਕਰਦੀ ਹੈ। ਇਸੇ ਤਰ੍ਹਾਂ ਸਾਡੇ ਬੱਚਿਆਂ ਨੂੰ ਉਡਾਣ ਭਰਨ ਲਈ ਮਾਪਿਆਂ, ਅਧਿਆਪਕਾਂ ਅਤੇ ਮਾਰਗਦਰਸ਼ਕਾਂ ਦੇ ਸਹਿਯੋਗ ਦੀ ਲੋੜ ਹੁੰਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਆਪਣਾ ਦ੍ਰਿੜ੍ਹ ਇਰਾਦਾ ਅਤੇ ਕਾਬਲੀਅਤ ਤੈਅ ਕਰਦੀ ਹੈ ਕਿ ਉਹ ਕਿੰਨੀ ਉੱਚੀ ਉੱਡ ਸਕਦੇ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਿਸ ਪਾਸੇ ਵੀ ਗਏ ਹਨ, ਉਹ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਲਗਨ ਨਾਲ ਵੱਡੀਆਂ ਮੱਲਾਂ ਮਾਰਦੇ ਅਤੇ ਆਪਣੀ ਵੱਖਰੀ ਪਛਾਣ ਕਾਇਮ ਕਰਦੇ ਆਏ ਹਨ। ਭਾਰਤੀ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀ ਨਾ ਸਿਰਫ਼ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ, ਸਗੋਂ ਵੱਖ-ਵੱਖ ਖੇਡਾਂ ਵਿੱਚ ਦੇਸ਼ ਦੀ ਅਗਵਾਈ ਵੀ ਕਰ ਰਹੇ ਹਨ।ਹਰਮਨਪ੍ਰੀਤ ਸਿੰਘ, ਸ਼ੁਭਮਨ ਗਿੱਲ, ਹਰਮਨਪ੍ਰੀਤ ਕੌਰ ਅਤੇ ਪਾਲਪ੍ਰੀਤ ਸਿੰਘ ਬਰਾੜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਹਾਕੀ, ਕ੍ਰਿਕਟ ਅਤੇ ਬਾਸਕਟਬਾਲ ਵਿੱਚ ਭਾਰਤੀ ਟੀਮਾਂ ਦੀ ਅਗਵਾਈ ਕਰਕੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੀ ਵੱਡੀ ਨੁਮਾਇੰਦਗੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਖੇਡ ਪ੍ਰਤਿਭਾ ਲਗਾਤਾਰ ਦੇਸ਼ ਦਾ ਨਾਂ ਰੌਸ਼ਨ ਕਰ ਰਹੀ ਹੈ।

ਇਹ ਵੀ ਪੜ੍ਹੋ 👉Fazilka Police ਵੱਲੋਂ ਸਲੇਮ ਸ਼ਾਹ ਫਾਟਕ ਗੋਲੀਬਾਰੀ ਮਾਮਲਾ ਟਰੇਸ, ਇੱਕ ਔਰਤ ਸਮੇਤ ਤਿੰਨ ਗ੍ਰਿਫਤਾਰ

ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ, ਜਿਨ੍ਹਾਂ ਨੇ ਉਨ੍ਹਾਂ ਲਈ ਸਮੇਂ ਸਮੇਂ ‘ਤੇ ਕਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੇ ਜੀਵਨ ਨੂੰ ਸੰਵਾਰਨ ਵਿੱਚ ਫ਼ੈਸਲਾਕੁਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਕੋਈ ਵੀ ਵਿਅਕਤੀ ਕਦੇ ਵੀ ਆਪਣੇ ਅਧਿਆਪਕ ਤੋਂ ਵੱਡਾ ਨਹੀਂ ਬਣ ਸਕਦਾ। ਅਧਿਆਪਕ ਉਨ੍ਹਾਂ ਮਾਲੀਆਂ ਵਾਂਗ ਹੁੰਦੇ ਹਨ, ਜੋ ਬੂਟਿਆਂ ਨੂੰ ਬੜੇ ਪਿਆਰ ਅਤੇ ਲਗਨ ਨਾਲ ਪਾਲਦੇ ਹਨ। ਉਨ੍ਹਾਂ ਨੂੰ ਸਭ ਤੋਂ ਵੱਡੀ ਖ਼ੁਸ਼ੀ ਉਦੋਂ ਮਿਲਦੀ ਹੈ, ਜਦੋਂ ਉਨ੍ਹਾਂ ਦੇ ਵਿਦਿਆਰਥੀ ਸਫ਼ਲ ਹੁੰਦੇ ਹਨ ਅਤੇ ਉੱਚੀਆਂ ਮੰਜ਼ਿਲਾਂ ਸਰ ਕਰਦੇ ਹਨ। ਇਸੇ ਤਰ੍ਹਾਂ ਮਾਪੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਣਗਿਣਤ ਕੁਰਬਾਨੀਆਂ ਦਿੰਦੇ ਹਨ। ਇਸ ਲਈ ਆਪਣੇ ਅਧਿਆਪਕਾਂ ਤੇ ਮਾਪਿਆਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੋ ਅਤੇ ਉਨ੍ਹਾਂ ਦੇ ਰਿਣੀ ਰਹੋ।”ਉਨ੍ਹਾਂ ਕਿਹਾ ਕਿ ਗ੍ਰੈਜੂਏਟ ਵਿਦਿਆਰਥੀਆਂ ਦਾ ਅਸਲ ਸਫ਼ਰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸ਼ੁਰੂ ਹੁੰਦਾ ਹੈ, ਜਦੋਂ ਉਨ੍ਹਾਂ ਨੂੰ ਪੇਸ਼ੇਵਰ ਜ਼ਿੰਮੇਵਾਰੀਆਂ, ਇੰਟਰਵਿਊਆਂ ਅਤੇ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ, ਖ਼ਾਸ ਕਰਕੇ ਯੂ.ਪੀ.ਐੱਸ.ਸੀ. ਦੀ ਤਿਆਰੀ ਅਤੇ ਦੇਸ਼ ਦੀ ਸੇਵਾ ਲਈ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀ ਬਣਨ ਦਾ ਟੀਚਾ ਮਿੱਥਣ ਲਈ ਪ੍ਰੇਰਿਤ ਕੀਤਾ।ਹਥਿਆਰਬੰਦ ਸੈਨਾਵਾਂ ਵਿੱਚ ਮੌਜੂਦ ਮੌਕਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਨੌਜਵਾਨਾਂ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸੰਸਥਾਵਾਂ ਵਿੱਚ ਸ਼ਾਮਲ ਹੋਣ ਪ੍ਰਤੀ ਭਾਰੀ ਉਤਸ਼ਾਹ ਹੈ।ਉਨ੍ਹਾਂ ਦੱਸਿਆ ਕਿ ਥਲ ਸੈਨਾ ਮੁਖੀ ਅਤੇ ਪੱਛਮੀ ਕਮਾਂਡ ਦੀ ਲੀਡਰਸ਼ਿਪ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਪੰਜਾਬ ਸਰਕਾਰ ਵੱਧ ਤੋਂ ਵੱਧ ਪੰਜਾਬੀ ਨੌਜਵਾਨਾਂ ਨੂੰ ਸਿੱਖ ਰੈਜੀਮੈਂਟ ਸਮੇਤ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਭਰਤੀ ਜਾਗਰੂਕਤਾ ਅਤੇ ਤਿਆਰੀ ਕੈਂਪ ਲਗਾਏਗੀ।ਮੁੱਖ ਮੰਤਰੀ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ਼ ਵਿਦੇਸ਼ਾਂ ਵਿੱਚ ਮੌਕਿਆਂ ਦੀ ਤਲਾਸ਼ ਦੀ ਬਜਾਏ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਨੂੰ ਪਹਿਲ ਦੇਣ। ਉਨ੍ਹਾਂ ਕਿਹਾ, “ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ-ਮਹਾਪੁਰਸ਼ਾਂ ਦੀ ਵਰੋਸਾਈ ਧਰਤੀ ਹੈ ਅਤੇ ਇੱਥੋਂ ਦੇ ਲੋਕਾਂ ਨੇ ਹਮੇਸ਼ਾ ਦੇਸ਼ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਪੜ੍ਹੇ-ਲਿਖੇ ਨੌਜਵਾਨ ਸਮਾਜ ਦੀ ਸੇਵਾ ਕਰਨਗੇ, ਆਪਣੀ ਮਾਤ ਭੂਮੀ ਦੇ ਵਿਕਾਸ ਵਿੱਚ ਹਿੱਸਾ ਪਾਉਣਗੇ ਅਤੇ ਜਿੱਥੇ ਵੀ ਜਾਣਗੇ, ਪੰਜਾਬ ਦਾ ਨਾਂ ਰੌਸ਼ਨ ਕਰਨਗੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਜਦੋਂ ਵੀ ਉਨ੍ਹਾਂ ਨੂੰ ਸਹਿਯੋਗ ਦੀ ਲੋੜ ਹੋਵੇਗੀ, ਉਹ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Bathinda ਵਿੱਚ ਸਾਹ ਲੈਣਾ ਵੀ ਹੋਇਆ ਔਖਾ, AQI ਖ਼ਤਰਨਾਕ ਸ਼੍ਰੇਣੀ ਵਿਚ ਪੁੱਜਿਆ

Bathinda News: ਦੀਵਾਲੀ ਤੋਂ ਬਾਅਦ ਮੌਸਮ ਵਿੱਚ ਆਏ ਬਦਲਾਅ...

CM Nayab Singh Saini ਨੇ ਪਿੰਡ ਭੈਣੀ ਮਹਾਰਾਜਪੁਰ ਵਿੱਚ ਰੁਕ ਕੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ, ਸੁਣੀਆਂ ਸਮੱਸਿਆਵਾਂ

👉ਪਿੰਡ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ Haryana News:ਮੁੱਖ ਮੰਤਰੀ ਸ੍ਰੀ...