👉ਕਿਹਾ, ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ
ਚੰਡੀਗੜ੍ਹ,6 ਦਸੰਬਰ:ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਜਿਸ ਵਿੱਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਰਾਸ਼ੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ: ਅਮਨ ਅਰੋੜਾ
ਮੰਤਰੀ ਨੇ ਇਹ ਵੀ ਕਿਹਾ ਕਿ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਜਲਦ ਹੀ ਅਦਾਇਗੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਵੀ ਇਸ ਸਮੇਂ ਦੀ ਬਕਾਇਆ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਰਾਸ਼ੀ ਵੰਡਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਾਲ 2023-24 ਦੇ ਵਿਦਿਆਰਥੀਆਂ ਲਈ 229.23 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਚਾਲੂ ਵਿੱਤੀ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
ਇਹ ਵੀ ਪੜ੍ਹੋ ’ਤੇ ਸੁਪਨਿਆਂ ਦੀ ‘ਪਰੀ’ ਨੂੰ ਵਿਆਹੁਣ ਆਏ ‘ਲਾੜੇ’ ਤੇ ਬਰਾਤੀਆਂ ਨਾਲ ਹੋਈ ਜੱਗੋ ਤੇਰਵੀ …
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ 2017 ਤੋਂ 2020 ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਜੋ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾਣੀ ਸੀ ਨਾ ਤਾਂ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਅਤੇ ਨਾ ਹੀ ਉਸ ਸਮੇਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਦਾ ਕੀਤੀ ਗਈ। ਪਿੱਛਲੀਆਂ ਸਰਕਾਰਾਂ ਦੇ ਅਜਿਹੇ ਰਵਈਏ ਕਾਰਨ ਅਨੂਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸਬੰਧਤ ਕਾਲਜਾਂ ਵੱਲੋਂ ਡਿਗਰੀਆਂ ਰੋਕ ਦਿੱਤੀਆਂ ਗਈਆਂ। ਜਿਸ ਕਾਰਨ ਇਹਨਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਦੋਂ ਤੋਂ ਆਪਣਾ ਕਾਰਜ਼ ਭਾਰ ਸੰਭਾਲਿਆ ਹੈ, ਉਹ ਇਸ ਦਿਸ਼ਾ ਵਿੱਚ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜਾਈ ਵਿੱਚ ਕੋਈ ਵਿਘਨ ਨਾ ਪਵੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ ludhiana news : ’ਤੇ ਆਖ਼ਰ ਪੁਲਿਸ ਨੇ ਚੁੱਕ ਹੀ ਲਿਆ ‘ਬਲੈਕਮੇਲਰਾਂ ਦਾ ਟੋਲਾ’
ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਸਮੇਂ-ਸਿਰ ਮੁਹੱਈਆ ਕਰਵਾਈ ਜਾਵੇਗੀ। ਇਹ ਰਕਮ ਉਹਨਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਪੰਜਾਬ ਸਰਕਾਰ ਸਕਾਲਰਸ਼ਿਪ ਸਕੀਮਾਂ ਸਬੰਧੀ ਅਨੁਸੂਚਿਤ ਜਾਤੀ ਵਰਗ ਵਿੱਚ ਜਾਗਰੂਕਤਾ ਅਤੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੀ ਪਹੁੰਚ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਿੱਚ ਸਮਾਜਿਕ ਅਤੇ ਆਰਥਿਕ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਡਿਪਟੀ ਡਾਇਰੈਕਟਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK