Mohali News:ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ (ਪੀ.ਐਸ.ਐਫ.ਸੀ. ) ਵੱਲੋਂ ਅੱਜ ਮੋਹਾਲੀ ਸਥਿਤ ਕਲਕਟ ਭਵਨ ਵਿਖੇ ਆਈ.ਆਈ.ਟੀ. ਰੋਪੜ ਅਤੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਦੇ ਸਹਿਯੋਗ ਨਾਲ ‘ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ: ਜੋਖਮ ਪ੍ਰਬੰਧਨ ਅਤੇ ਮੌਕਿਆਂ ਦੀ ਵਰਤੋਂ’ ਵਿਸ਼ੇ ’ਤੇ ਵਿਚਾਰ-ਗੋਸ਼ਟੀ ਕਰਵਾਈ ਗਈ।ਇਸ ਵਿਚਾਰ-ਗੋਸ਼ਟੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਫ.ਸੀ. ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਖੇਤੀ ਲਾਗਤਾਂ ਨੂੰ ਘਟਾਉਣ ਅਤੇ ਖੇਤੀ ਮੁਨਾਫੇ ਵਧਾਉਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਮਜ਼ਦੂਰਾਂ ਦੇ ਰੁਜ਼ਗਾਰ ’ਤੇ ਪੈਣ ਵਾਲੇ ਏਆਈ ਦੇ ਸੰਭਾਵੀ ਪ੍ਰਭਾਵਾਂ ਪ੍ਰਤੀ ਸੁਚੇਤ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਏ.ਆਈ. ਤਕਨੀਕਾਂ ਨੂੰ ਜਨਤਕ ਸੰਸਥਾਵਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਾਰਪੋਰੇਟ ਇਕਾਈਆਂ ਦੀ ਬਜਾਏ ਕਿਸਾਨਾਂ ਲਈ ਇਸਦਾ ਲਾਭ ਯਕੀਨੀ ਬਣਾਇਆ ਜਾ ਸਕੇ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੀ ਖੇਤੀ ਵਿਭਿੰਨਤਾ ਰਣਨੀਤੀ ਦੇ ਹਿੱਸੇ ਵਜੋਂ ਉੱਚ-ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ’ਤੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਏ.ਆਈ.,ਕਾਸ਼ਤਕਾਰੀ ਦੇ ਬਿਹਤਰ ਢੰਗ ਅਤੇ ਢੁਕਵੇਂ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾ ਸਕਦਾ ਹੈ। ਪੀ.ਐਸ.ਐਫ.ਸੀ.ਨੇ ਉਨ੍ਹਾਂ ਨੂੰ ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿੱਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।ਆਈਆਈਟੀ ਰੋਪੜ ਦੇ ‘ANNAM.AI’ ਦੇ ਡਾਇਰੈਕਟਰ ਡਾ. ਪੁਸ਼ਪਿੰਦਰ ਪਾਲ ਸਿੰਘ ਨੇ ਸੰਸਥਾ ਵੱਲੋਂ ਵਿਕਸਤ ਕੀਤੇ ਗਏ ਏਆਈ-ਅਧਾਰਿਤ ਵੈੱਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ, ਜੋ ਕਿਸਾਨਾਂ ਦੇ ਸਵਾਲਾਂ ਅਤੇ ਖੇਤ ਪੱਧਰ ਦੀਆਂ ਸਮੱਸਿਆਵਾਂ ਦੇ ਫ਼ੌਰੀ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।
ਮਾਹਿਰਾਂ ਨੇ ਖੇਤੀ ਉਤਪਾਦਕਤਾ , ਸਰੋਤਾਂ ਦੀ ਸੁਚੱਜੀ ਵਰਤੋਂ, ਜਲਵਾਯੂ ਅਨੁਕੂਲਤਾ ਅਤੇ ਕਿਸਾਨ ਸਲਾਹਕਾਰ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਏ.ਆਈ. ਐਪਲੀਕੇਸ਼ਨਾਂ ਦੀ ਅਹਿਮੀਅਤ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਡੇਟਾ ਪ੍ਰਾਈਵੇਸੀ, ਐਲਗੋਰਿਦਮਿਕ ਪੱਖਪਾਤ, ਸਾਈਬਰ ਸੁਰੱਖਿਆ ਅਤੇ ਕਿਸਾਨ-ਕੇਂਦ੍ਰਿਤ ਸ਼ਾਸਨ ਨਾਲ ਸਬੰਧਤ ਚੁਣੌਤੀਆਂ ’ਤੇ ਵੀ ਚਰਚਾ ਕੀਤੀ ਗਈ।ਵਿਚਾਰ-ਗੋਸ਼ਟੀ ਵਿੱਚ ਐਨ.ਆਈ.ਸੀ. ਪੰਜਾਬ, ਅਕਾਦਮਿਕ ਅਤੇ ਖੇਤੀਬਾੜੀ ਖੇਤਰ ਦੇ ਨੁਮਾਇੰਦਿਆਂ ਵੱਲੋਂ ਅਹਿਮ ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ। ਇਸ ਦੌਰਾਨ ਸਰਕਾਰੀ ਵਿਭਾਗਾਂ, ਖੇਤੀਬਾੜੀ-ਤਕਨੀਕੀ ਉੱਦਮਾਂ, ਕਿਸਾਨ ਸੰਗਠਨਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਕਿਸਾਨ ਭਾਈਚਾਰੇ ਦੀ ਚੋਖੀ ਭਾਗੀਦਾਰੀ ਦੇਖਣ ਨੂੰ ਮਿਲੀ।ਇਹ ਸਮਾਗਮ ਡਾ. ਰਣਜੋਧ ਸਿੰਘ ਬੈਂਸ ਦੇ ਧੰਨਵਾਦੀ ਮਤੇ ਨਾਲ ਸਮਾਪਤ ਹੋਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













