Punjab cabinet meeting News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਵੱਡੇ ਫੈਸਲੇ ਲਏ ਗਏ। ਬੀਮਾਰ ਹੋਣ ਦੇ ਬਾਵਜੂਦ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਨਾਲ ਹੀ ਹੜ੍ਹਾਂ ਕਾਰਨ ਫ਼ਸਨਾਂ ਦੇ ਹੋਏ ਨੁਕਸਾਨ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਹੋਏ ਫੈਸਲਿਆਂ ਦੀ ਖੁਦ ਮੁੱਖ ਮੰਤਰੀ ਸ: ਮਾਨ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ। ਜਿਸ ਵਿਚ ਉਨ੍ਹਾਂ ਦਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ ਤੇ ਮਿੱਟੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕਿਸਾਨ ਚਾਹੁਣ ਤਾਂ ਉਹ ਇਸ ਨੂੰ ਵੇਚ ਵੀ ਸਕਣਗੇ। ‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਦੇ ਤਹਿਤ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਇਸ ਸਾਲ ਦੀ 31 ਦਸੰਬਰ ਤੱਕ ਬਿਨਾਂ ਕਿਸੇ ਪਰਮਿਟ ਦੇ ਆਪਣੀ ਜ਼ਮੀਨ ਵਿੱਚੋਂ ਰੇਤਾ ਚੁੱਕਣ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ
ਖੇਤੀਬਾੜੀ ਵਾਲੀ ਜ਼ਮੀਨ ਤੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਕੱਢਣ ਦਾ ਇਕੋ ਵਾਰੀ ਦਿੱਤਾ ਜਾਣ ਵਾਲਾ ਮੌਕਾ ਸਮਝਿਆ ਜਾਵੇਗਾ ਪਰ ਇਸ ਨੂੰ ਮਾਈਨਿੰਗ ਵਾਲੀ ਸਮੱਗਰੀ ਨਹੀਂ ਮੰਨਿਆ ਜਾਵੇਗਾ। ਸਬੰਧਤ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਪ੍ਰਭਾਵਿਤ ਪਿੰਡਾਂ ਦੀ ਸੂਚੀ ਦਾ ਐਲਾਨ ਕਰੇਗਾ ਜਿੱਥੇ ਹੜ੍ਹਾਂ ਨਾਲ ਰੇਤਾ ਜਾਂ ਗਾਰ ਜਮ੍ਹਾਂ ਹੋਣ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ/ਕਾਸ਼ਤਕਾਰ/ਕਿਸਾਨਾਂ ਦੇ ਸਮੂਹ ਵੱਲੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਕੱਢਣ ਤੇ ਢੋਹਣ ਦਾ ਕੰਮ ਕੀਤਾ ਜਾ ਸਕਦਾ ਹੈ। ਹਾਲ ਹੀ ਵਿੱਚ ਆਏ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰੇ ਜ਼ਿਲ੍ਹਾ ਮਾਈਨਿੰਗ ਅਫਸਰਾਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਦੀਆਂ ਨਿਗਰਾਨ ਕਮੇਟੀਆਂ ਪ੍ਰਭਾਵਿਤ ਖੇਤਾਂ ਨੂੰ ਟੋਇਆ, ਖੱਡਾਂ ਜਾਂ ਕਿਸੇ ਹੋਰ ਤਰੀਕੇ ਨਾਲ ਜ਼ਮੀਨ ਦੀ ਅਸਲ ਸਤਹਿ ਨਾਲ ਛੇੜਖਾਨੀ ਕੀਤੇ ਬਿਨਾਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਹਟਾਉਣ ਤੇ ਢੋਹਣ ਵਿੱਚ ਸਹਿਯੋਗ ਕਰਨਗੇ।ਇਸੇ ਤਰ੍ਹਾਂ ਦੂਜੇ ਮਹੱਤਵਪੂਰਨ ਫੈਸਲੇ ਵਿਚ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦੇਵੇਗੀ ਜੋ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਹੈ।
ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਕੇ ਸਵਾਲ,ਕਿਹਾ ਦੌਰੇ ਦੇ ਨਾਲ ਰਾਹਤ ਪੈਕੇਜ਼ ਦਾ ਵੀ ਕਰੋ ਐਲਾਨ
ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਵਿੱਚ ਸੋਧ ਨੂੰ ਮਨਜ਼ੂਰੀ
ਕੈਬਨਿਟ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਮਿਊਂਸਿਪਲ ਡਿਵੈਲਪਮੈਂਟ ਫੰਡ ਰਾਹੀਂ ਇੰਪਰੂਵਮੈਂਟ ਟਰੱਸਟਾਂ ਦੇ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਮਿਊਂਸਿਪਲ ਡਿਵੈਲਪਮੈਂਟ ਫੰਡ ਦੀ ਸਥਾਪਨਾ ਕੀਤੀ ਗਈ ਸੀ, ਜਿਸ ਲਈ ਹਰੇਕ ਸਾਲ ਸੂਬਾਈ ਬਜਟ ਤੋਂ ਪੈਸਾ ਮਿਲਦਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਇੰਪਰੂਵਮੈਂਟ ਟਰੱਸਟਾਂ ਨੂੰ ਆਪਣੀਆਂ ਜਾਇਦਾਦਾਂ ਦੇ ਨਿਬੇੜੇ ਰਾਹੀਂ ਪ੍ਰਾਪਤ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਇਸ ਐਕਟ ਵਿੱਚ ਧਾਰਾ 69ਬੀ ਜੋੜੀ ਗਈ ਹੈ, ਜਿਸ ਨਾਲ ਜ਼ਮੀਨਾਂ, ਇਮਾਰਤਾਂ ਜਾਂ ਹੋਰ ਚੱਲ-ਅਚੱਲ ਜਾਇਦਾਦਾਂ ਦੇ ਨਿਪਟਾਰੇ ਤੋਂ ਟਰੱਸਟ ਨੂੰ ਮਿਲਣ ਵਾਲੇ ਪੈਸੇ ਦੇ ਹਿੱਸੇ, ਜਿਵੇਂ ਕਿ ਨਿਰਧਾਰਿਤ ਹੋਵੇ, ਨੂੰ ਮਿਊਂਸਿਪਲ ਡਿਵੈਲਪਮੈਂਟ ਫੰਡ ਵਿੱਚ ਤਬਦੀਲ ਕੀਤਾ ਜਾਵੇਗਾ।
ਬਿਕਰਮ ਮਜੀਠੀਆ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ
ਕੈਬਨਿਟ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ 1988 ਦੀ ਧਾਰਾ 19 ਅਧੀਨ ਕੇਸ ਚਲਾਉਣ ਦੀ ਸਹਿਮਤੀ ਦੇ ਦਿੱਤੀ। ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਦੀ ਸਲਾਹ ਮਗਰੋਂ ਸਾਬਕਾ ਕੈਬਨਿਟ ਮੰਤਰੀ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਸਬੰਧੀ ਮਾਮਲੇ ਉੱਤੇ ਪਹਿਲਾਂ ਮੰਤਰੀ ਮੰਡਲ ਵਿੱਚ ਵਿਚਾਰਨ ਦੀ ਲੋੜ ਸੀ ਅਤੇ ਇਸ ਮਗਰੋਂ ਇਹ ਮਾਮਲਾ ਹੁਣ ਅਗਲੇਰੇ ਹੁਕਮ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ
ਸਾਉਣੀ ਖ਼ਰੀਦ ਸੀਜ਼ਨ 2025 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ 16 ਸਤੰਬਰ ਤੋਂ 30 ਨਵੰਬਰ 2025 ਤੱਕ ਚੱਲਣ ਵਾਲੀ ਝੋਨੇ ਦੀ ਖ਼ਰੀਦ ਸਬੰਧੀ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ ਦੇ ਦਿੱਤੀ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਦੀਆਂ ਤਜਵੀਜ਼ਾਂ ਮੁਤਾਬਕ ਚੌਲ ਮਿੱਲਾਂ ਨੂੰ ਵਿਭਾਗ ਵੱਲੋਂ ਸਮੇਂ ਸਿਰ ਮੰਡੀਆਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਚੌਲ ਮਿੱਲਾਂ ਲਈ ਆਰ.ਓ. ਸਕੀਮ ਅਧੀਨ ਝੋਨੇ ਦਾ ਨਿਰਧਾਰਨ ਇਕ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗਾ। ਯੋਗ ਚੌਲ ਮਿੱਲਾਂ ਵਿੱਚ ਝੋਨਾ, ਇਸ ਨੀਤੀ ਦੀਆਂ ਤਜਵੀਜ਼ਾਂ ਅਤੇ ਸੂਬਾਈ ਏਜੰਸੀਆਂ ਤੇ ਚੌਲ ਮਿੱਲ ਮਾਲਕਾਂ ਵਿਚਾਲੇ ਹੋਏ ਸਮਝੌਤੇ ਅਨੁਸਾਰ ਭੰਡਾਰ ਹੋਵੇਗਾ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਨੀਤੀ’ ਵਿੱਚ ਤਜਵੀਜ਼ ਕੀਤਾ ਗਿਆ ਹੈ ਕਿ ਚੌਲ ਮਿੱਲ ਮਾਲਕਾਂ ਨੂੰ ਪਾਲਿਸੀ ਅਤੇ ਸਮਝੌਤੇ ਮੁਤਾਬਕ 31 ਮਾਰਚ, 2026 ਤੱਕ ਭੰਡਾਰ ਕੀਤੇ ਝੋਨੇ ਦਾ ਬਣਦਾ ਚੌਲ ਡਿਲੀਵਰ ਕਰਨਾ ਪਵੇਗਾ।
ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023 ਵਿੱਚ ਸੋਧ ਨੂੰ ਹਰੀ ਝੰਡੀ
ਰੇਤ ਖੱਡਾਂ ਦੀ ਅਲਾਟਮੈਂਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਵਾਧੂ ਮਾਲੀਆ ਜੁਟਾਉਣ ਅਤੇ ਰੇਤੇ-ਬਜਰੀ ਦੀ ਸਪਲਾਈ ਵਧਾਉਣ ਦੇ ਉਦੇਸ਼ ਨਾਲ ਕੈਬਨਿਟ ਨੇ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ, 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013’ ਦੇ ਸਬੰਧਤ ਨਿਯਮਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ। ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼ 2013’ ਦੋਵਾਂ ਵਿੱਚ ਇਹ ਸੋਧਾਂ ਨਿਲਾਮੀ ਪ੍ਰਕਿਰਿਆਵਾਂ, ਮਾਈਨਿੰਗ ਦੇ ਅਧਿਕਾਰ ਦੇਣ, ਰਿਆਇਤ ਦਾ ਸਮਾਂ, ਰਿਆਇਤ ਦੀ ਰਕਮ, ਜ਼ਮਾਨਤ ਰਾਸ਼ੀ ਦੀ ਅਦਾਇਗੀ, ਵਾਤਾਵਰਨ ਕਲੀਅਰੈਂਸ ਮੰਗਣ ਲਈ ਜਵਾਬਦੇਹੀ ਵਿੱਚ ਤਬਦੀਲੀ, ‘ਡੈੱਡ ਰੈਂਟ’ ਦਾ ਸੰਕਲਪ ਲਿਆਉਣ ਨਾਲ ਸਬੰਧਤ ਹਨ। ਇਨ੍ਹਾਂ ਨਵੇਂ ਨਿਯਮਾਂ/ਸੋਧਾਂ ਨੂੰ ਮੌਜੂਦਾ ਪੰਜਾਬ ਸਟੇਟ ਮਾਈਨਰ ਮਿਨਰਲਜ਼ ਪਾਲਿਸੀ, 2023 ਅਤੇ ਪੰਜਾਬ ਸਟੇਟ ਮਾਈਨਰ ਮਿਨਰਲਜ਼ ਰੂਲਜ਼ 2013 ਵਿੱਚ ਜੋੜਿਆ/ਬਦਲਿਆ ਜਾਵੇਗਾ। ਇਸ ਤੋਂ ਇਲਾਵਾ ਦਰਾਂ ਨੂੰ ਮਿਤੀ 30 ਅਪਰੈਲ 2025 ਦੀ ਪੰਜਾਬ ਸਟੇਟ ਮਾਈਨਰ ਮਿਨਰਲ (ਸੋਧ) ਨੀਤੀ ਮੁਤਾਬਕ ਕਰਨ ਲਈ ਅਨੁਸੂਚੀ ਅਧੀਨ ਰਾਇਲਟੀ ਦੀਆਂ ਦਰਾਂ ਵਿੱਚ ਵੀ ਵਾਧਾ ਕਰਨ ਦੀ ਲੋੜ ਹੈ। ਇਸ ਤਹਿਤ ਸਟੇਟ ਜੀਓਲੋਜਿਸਟ ਕੋਲ ਰੂਲ 87 ਮੁਤਾਬਕ ਮੁਲਾਂਕਣ ਆਦੇਸ਼ਾਂ ਵਿਰੁੱਧ ਅਪੀਲਾਂ ਸੁਣਨ ਦੀਆਂ ਤਾਕਤਾਂ ਹੋਣਗੀਆਂ। ਮੌਜੂਦਾ ਸਮੇਂ ਇਹ ਆਸਾਮੀ ਖ਼ਾਲੀ ਹੈ, ਇਸ ਲਈ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਇਹ ਤਾਕਤਾਂ ਦੇਣ ਲਈ ਸਰਕਾਰ ਨੂੰ ਅਧਿਕਾਰ ਦੇਣ ਦਾ ਪ੍ਰਸਤਾਵ ਹੈ ਤਾਂ ਕਿ ਅਪੀਲਾਂ ਸਬੰਧੀ ਕੰਮ ਪ੍ਰਭਾਵਿਤ ਨਾ ਹੋਵੇ।
ਐਸ.ਐਮ.ਈ.ਟੀ. ਦੇ ਗਠਨ ਨੂੰ ਮਨਜ਼ੂਰੀ
ਕੈਬਨਿਟ ਨੇ ਸੂਬੇ ਵਿੱਚ ਖਣਿਜ ਸਰੋਤਾਂ ਦੇ ਯੋਜਨਾਬੱਧ ਵਿਕਾਸ ਅਤੇ ਇਨ੍ਹਾਂ ਦੀ ਖੋਜ ਦੇ ਕੰਮਾਂ ਦੀ ਨਿਗਰਾਨੀ ਲਈ ਪੰਜਾਬ ਸਟੇਟ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐਸ.ਐਮ.ਈ.ਟੀ.) ਦੇ ਗਠਨ ਨੂੰ ਵੀ ਸਹਿਮਤੀ ਦੇ ਦਿੱਤੀ। ਇਹ ਟਰੱਸਟ ਵਿਜ਼ਨ, ਮਿਸ਼ਨ ਪਲਾਂਟ, ਖੋਜ ਲਈ ਮਾਸਟਰ ਪਲਾਨ ਤਿਆਰ ਕਰੇਗਾ, ਜੰਗਲਾਤ ਖ਼ੇਤਰ ਦੀ ਖੋਜ ਲਈ ਫੰਡ ਜੁਟਾਏਗਾ, ਸਰਵੇਖਣ ਸਹੂਲਤ, ਸਮਰੱਥਾ ਵਧਾਉਣ ਵਾਲੇ ਪ੍ਰੋਗਰਾਮ ਕਰਵਾਏਗਾ, ਖੋਜ ਤੇ ਵਿਕਾਸ ਗਤੀਵਿਧੀਆਂ ਉਲੀਕੇਗਾ, ਵਿਭਾਗੀ ਲੈਬਾਰਟਰੀ ਨੂੰ ਮਜ਼ਬੂਤ ਤੇ ਅਪਗ੍ਰੇਡ ਕਰੇਗਾ, ਅਧਿਕਾਰੀਆਂ ਤੇ ਤਕਨੀਕੀ ਵਿਅਕਤੀਆਂ ਦੀ ਨਿਯੁਕਤੀ, ਸਟੇਟ ਮਿਨਰਲ ਡਾਇਰੈਕਟਰੀ ਵਿਕਸਤ ਕਰੇਗਾ, ਨਵੀਨਤਾਕਾਰੀ ਨੂੰ ਉਤਸ਼ਾਹਤ ਕਰੇਗਾ, ਖੋਜ ਪ੍ਰਾਜੈਕਟਾਂ ਲਈ ਲੌਜਿਸਟਿਕ ਸਹਿਯੋਗ ਮੁਹੱਈਆ ਕਰੇਗਾ ਅਤੇ ਤਕਨਾਲੋਜੀ ਤੇ ਹੋਰ ਮੰਤਵਾਂ ਦੀ ਵਰਤੋਂ ਰਾਹੀਂ ਮਾਈਨਿੰਗ ਤੇ ਸਬੰਧਤ ਗਤੀਵਿਧੀਆਂ ਦੀ ਨਿਗਰਾਨੀ ਕਰੇਗਾ।
ਕਮਿਊਨਿਟੀ ਸਰਵਿਸ ਗਾਈਡਲਾਇਨਜ਼-2025 ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ‘ਪੰਜਾਬ ਕਮਿਊਨਿਟੀ ਸਰਵਿਸ ਗਾਈਡਲਾਇਨਜ਼-2025’ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਦਾ ਉਦੇਸ਼ ਪੰਜਾਬ, ਹਰਿਆਣਾ ਤੇ ਯੂ.ਟੀ. ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਇਕਸਾਰਤਾ ਲਿਆਉਣਾ ਹੈ ਤਾਂ ਕਿ ਉਨ੍ਹਾਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ, ਜਿਨ੍ਹਾਂ ਤਹਿਤ ਬੀ.ਐਨ.ਐਸ.ਐਸ. ਦੀ ਧਾਰਾ 23(2), ਜਾਂ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 18(1) (ਸੀ) ਜਾਂ ਦੇਸ਼ ਭਰ ਦੇ ਹੋਰ ਕਾਨੂੰਨਾਂ ਅਧੀਨ ਸਮਾਜ ਸੇਵਾ ਦੀ ਸਜ਼ਾ ਦਿੱਤੀ ਜਾਂਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













