Punjab Congress ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

Date:

spot_img

👉ਆਈ.ਟੀ. ਸੈਕਟਰ, ਖੇਤੀਬਾੜੀ ਅਤੇ ਉਦਯੋਗ ਜਗਤ ਸਮੇਤ ਸਮਾਜ ਦੇ ਹਰ ਵਰਗ ਤੱਕ ਪਹੁੰਚੇਗੀ ਕਾਂਗਰਸ; ਮਾਲਵਾ, ਮਾਝਾ ਅਤੇ ਦੁਆਬਾ ਵਿੱਚ ਹੋਣਗੇ ਜਨ ਸੰਪਰਕ ਪ੍ਰੋਗਰਾਮ
👉ਨਸ਼ਾ, ਗੈਂਗਸਟਰਵਾਦ, ਵਿਗੜਦੀ ਕਾਨੂੰਨ ਵਿਵਸਥਾ, ਪੁਲਿਸ ਸਟੇਟ ਅਤੇ ਅਫ਼ਸਰਸ਼ਾਹੀ ਦੀ ਮਿਸਮੈਨੇਜਮੈਂਟ ਵਿਰੁੱਧ ਜਨਤਾ ਦੀ ਆਵਾਜ਼ ਬਣੇਗੀ ਕਾਂਗਰਸ
Chandigarh News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਰਸਮੀ ਸ਼ੁਰੂਆਤ 11 ਨਵੰਬਰ ਤੋਂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਰਾਹੀਂ ਕਾਂਗਰਸ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰੇਗੀ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਉਮੀਦਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।ਅੱਜ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਰਵਾਈ ਗਈ ਇਨਸਾਫ਼ ਰੈਲੀ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਅੱਗੇ ਵਧਾਇਆ ਜਾਵੇਗਾ। ਆਈ.ਟੀ. ਸੈਕਟਰ, ਖੇਤੀਬਾੜੀ, ਵੱਖ-ਵੱਖ ਉਦਯੋਗਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਗੇ। ਮਾਲਵਾ, ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਵਿਸ਼ੇਸ਼ ਜਨ ਸੰਪਰਕ ਪ੍ਰੋਗਰਾਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਕੈਂਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵੀ ‘ਜਵਾਨੀ ਸੰਭਾਲ, ਜੱਟਾ’ ਸਾਈਕਲ ਰੈਲੀ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਲੋਕਾਂ ਨਾਲ ਸੰਵਾਦ ਕਰਨਗੇ। ਕਾਂਗਰਸ ਦੇ 5-6 ਸੀਨੀਅਰ ਆਗੂ ਵੱਖ-ਵੱਖ ਖੇਤਰਾਂ ਵਿੱਚ ਇਸ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਪਾਰਟੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਗੇ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ, ਵਿਗੜਦੀ ਕਾਨੂੰਨ ਵਿਵਸਥਾ ਅਤੇ ਪੁਲਿਸ ਸਟੇਟ ਵਰਗੇ ਹਾਲਾਤਾਂ ਨਾਲ ਜੂਝ ਰਿਹਾ ਹੈ। ਅਫ਼ਸਰਸ਼ਾਹੀ ਦੀ ਮਿਸਮੈਨੇਜਮੈਂਟ ਕਾਰਨ ਵੀ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀ.ਸੀ.ਐੱਸ. ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕਰਕੇ ਪ੍ਰੀਖਿਆ ਪ੍ਰਕਿਰਿਆ ਵਿੱਚ ਹੋਈਆਂ ਬੇਨਿਯਮੀਆਂ ਅਤੇ ਪ੍ਰਬੰਧਕੀ ਕਮੀਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ ਹਨ। ਕਾਂਗਰਸ ਇਨ੍ਹਾਂ ਸਾਰੇ ਮੁੱਦਿਆਂ ਨੂੰ ਇੱਕ ਵਿਆਪਕ ਮੁਹਿੰਮ ਤਹਿਤ ਉਠਾਏਗੀ ਅਤੇ ਸਰਕਾਰ ਨੂੰ ਜਵਾਬਦੇਹ ਬਣਾਏਗੀ।

ਇਹ ਵੀ ਪੜ੍ਹੋ 👉ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ; ਕਿਹਾ ਪ੍ਰਵਾਰ ਸਮੇਤ ਮੁੜ ਪੇਸ਼ ਹੋ ਕੇ ਰੱਖੇ ਸਬੂਤ…

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ। ਭਾਜਪਾ ਦੀ ਬੀ-ਟੀਮ ਵਜੋਂ ਆਮ ਆਦਮੀ ਪਾਰਟੀ ਨੇ ਨਸ਼ਾ ਖ਼ਤਮ ਕਰਨ ਲਈ ਦੋ ਸਾਲ ਦਾ ਸਮਾਂ ਮੰਗਿਆ ਸੀ, ਪਰ ਅੱਜ ਵੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ਵਿੱਚ ਸੱਤਾ ਦਾ ਅਸਲ ਕੰਟਰੋਲ ਨਹੀਂ ਹੈ ਅਤੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਚਲਾ ਰਹੇ ਹਨ। ਇਸ ਸਰਕਾਰ ਨੇ ਪੰਜਾਬ ਦੇ ਅਕਸ ਅਤੇ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ। ਕਾਂਗਰਸ ਗਰੀਬਾਂ, ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਮਝੇਗੀ ਅਤੇ ਉਨ੍ਹਾਂ ਨੂੰ ਸਿਆਸੀ ਵਿਚਾਰ-ਵਟਾਂਦਰੇ ਦਾ ਹਿੱਸਾ ਬਣਾਏਗੀ।ਕਾਂਗਰਸ ਦੇ ਚੋਣ ਮਨੋਰਥ ਪੱਤਰ ਬਾਰੇ ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨਾਲ ਮਿਲ ਕੇ ਵੱਖ-ਵੱਖ ਵਰਗਾਂ ਤੋਂ ਸੁਝਾਅ ਅਤੇ ਫੀਡਬੈਕ ਲੈ ਰਹੇ ਹਨ। ਇਸ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੀ ਰਾਇ ਵੀ ਸ਼ਾਮਲ ਕੀਤੀ ਜਾਵੇਗੀ। ਲੋਕਾਂ ਅਤੇ ਮਾਹਿਰਾਂ ਤੋਂ ਮਿਲਣ ਵਾਲੇ ਸੁਝਾਵਾਂ ਵਿੱਚੋਂ ਜਨਹਿੱਤ ਨਾਲ ਜੁੜੇ ਬਿਹਤਰ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਦੇ ਭਵਿੱਖ ਅਤੇ ਖੁਸ਼ਹਾਲੀ ਲਈ ਇੱਕ ਵਿਹਾਰਕ ਅਤੇ ਲੋਕ-ਪੱਖੀ ਰੋਡਮੈਪ ਤਿਆਰ ਕੀਤਾ ਜਾ ਸਕੇ।ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਹਾਲਤ ਬੇਹੱਦ ਮਾੜੀ ਹੈ। ਉਨ੍ਹਾਂ ਅਨੁਸਾਰ, ਲਗਭਗ 20 ਤੋਂ 25 ਫ਼ੀਸਦੀ ਝੋਨਾ ਅਜੇ ਵੀ ਮੰਡੀਆਂ ਵਿੱਚ ਪਿਆ ਹੈ ਅਤੇ ਉਸ ਦੀ ਖਰੀਦ ਨਹੀਂ ਹੋਈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੰਡੀ ਵਿੱਚ ਆਉਣ ਵਾਲਾ ਹਰ ਦਾਣਾ ਸਰਕਾਰ ਖਰੀਦੇਗੀ, ਪਰ ਅੱਜ ਉਨ੍ਹਾਂ ਦੇ ਵਾਅਦੇ ਸਿਰਫ਼ ਚੁਟਕਲੇ ਬਣ ਕੇ ਰਹਿ ਗਏ ਹਨ। ਕਿਸਾਨ ਆਪਣੀ ਫ਼ਸਲ ਦੀ ਖਰੀਦ ਅਤੇ ਅਦਾਇਗੀ ਨੂੰ ਲੈ ਕੇ ਪ੍ਰੇਸ਼ਾਨ ਹਨ।

ਇਹ ਵੀ ਪੜ੍ਹੋ 👉Amritsar ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਮੀਡੀਆ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਮੀਡੀਆ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਪੱਤਰਕਾਰਾਂ ਦਾ ਸਹਿਯੋਗ ਇਸ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੱਤਰਕਾਰਾਂ ਦੀ ਸਾਖ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਪੰਜਾਬ ਦੇ ਹਿੱਤ ਵਿੱਚ ਮੀਡੀਆ ਅਤੇ ਸਿਆਸੀ ਪਾਰਟੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਪੰਜਾਬ ਦੇ ਸਿਆਸੀ ਮਾਹੌਲ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਸੂਬੇ ਵਿੱਚ ਸਦਭਾਵਨਾ ਅਤੇ ਸਕਾਰਾਤਮਕ ਰਾਜਨੀਤੀ ਦਾ ਸੰਦੇਸ਼ ਦੇਣਾ ਚਾਹੁੰਦੀ ਹੈ। ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਰਹੇਗੀ, ਸਗੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ, ਔਰਤਾਂ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬਣੇਗੀ।ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਰਵੇਖਣ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਪੱਧਰਾਂ ‘ਤੇ ਮੀਟਿੰਗਾਂ ਵੀ ਜਾਰੀ ਹਨ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਆਉਣ ਵਾਲੇ ਸਮੇਂ ਵਿੱਚ ਜਲਦ ਤੋਂ ਜਲਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕੇ।ਇਸ ਮੌਕੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related