ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ’ਚ ਨਵੀਆਂ ਬੱਸਾਂ ਖਰੀਦਣ ਦੀ ਤਿਆਰੀ, ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਧਿਕਾਰੀਆਂ ਨੂੰ ਬੱਸਾਂ ਖ਼ਰੀਦਣ ਦੇ ਹੁਕਮ

0
80

ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 1 ਜਨਵਰੀ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ।ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਬੀਤੇ ਵਰ੍ਹੇ ਦੌਰਾਨ ਹਾਸਲ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿਚ ਵਾਧਾ ਕੀਤਾ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ ’ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ ਪਟਿਆਲਾ ਰੇਂਜ ਦੇ ਪੁਲਿਸ ਮੁਲਾਜਮਾਂ ਨੂੰ ਮਿਲਿਆ ਨਵੇਂ ਸਾਲ ਦਾ ਤੋਹਫ਼ਾ, 126 ਕਾਂਸਟੇਬਲਾਂ ਦੀ ਹੋਈ ਤਰੱਕੀ

ਉਨ੍ਹਾਂ ਕਿਹਾ ਕਿ ਜਿਨ੍ਹਾਂ ਰੂਟਾਂ ਉਤੇ ਜ਼ਿਆਦਾਤਰ ਨਿੱਜੀ ਬੱਸਾਂ ਚਲਦੀਆਂ ਹਨ ਅਤੇ ਸਰਕਾਰੀ ਬੱਸ ਸਰਵਿਸ ਨਾਮਾਤਰ ਹੈ, ਉਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ।ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਤਾਂ ਜੋ ਨਿੱਜੀ ਬੱਸ ਅਪ੍ਰੇਟਰਾਂ ਦੀ ਮਨਮਰਜ਼ੀ ਨੂੰ ਠੱਲ੍ਹ ਪਾਈ ਜਾ ਸਕੇ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਅਜਿਹੇ ਸਾਰੇ ਰੂਟਾਂ, ਜਿਨ੍ਹਾਂ ’ਤੇ ਸਰਕਾਰੀ ਬੱਸ ਸੇਵਾ ਉਪਲਬਧ ਨਹੀਂ ਹੈ, ਉਨ੍ਹਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਇਕੱਤਰ ਕਰਕੇ ਪੇਸ਼ ਕਰਨ ਦੇ ਵੀ ਹੁਕਮ ਦਿੱਤੇ। ਲਾਲਜੀਤ ਸਿੰਘ ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਟੈਕਸ ਡਿਫ਼ਾਲਟਰ ’ਤੇ ਨਕੇਲ ਕੱਸਣ ਲਈ ਪ੍ਰਭਾਵੀ ਵਸੂਲੀ ਪ੍ਰਕਿਰਿਆ ਅਪਨਾਉਣ ਲਈ ਕਿਹਾ।

ਇਹ ਵੀ ਪੜ੍ਹੋ ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸਰਵਿਸ ਡਿਲੀਵਰੀ ਸਮਾਂਬੱਧ ਤਰੀਕੇ ਨਾਲ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਵਧੀਕ ਮੁੱਖ ਸਕੱਤਰ ਟਰਾਂਸਪੋਰਟ ਡੀ.ਕੇ. ਤਿਵਾੜੀ, ਐਸ.ਟੀ.ਸੀ. ਜਸਪ੍ਰੀਤ ਸਿੰਘ, ਐਮ.ਡੀ. ਪਨਬੱਸ ਰਾਜੀਵ ਕੁਮਾਰ ਗੁਪਤਾ, ਐਮ.ਡੀ ਪੀ.ਆਰ.ਟੀ.ਸੀ. ਬਿਕਰਮਜੀਤ ਸਿੰਘ ਸ਼ੇਰਗਿੱਲ, ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਏ.ਡੀ.ਓ ਪਨਬੱਸ ਰਾਜੀਵ ਦੱਤਾ, ਜੀ.ਐਮ. ਪੀ.ਆਰ.ਟੀ.ਸੀ ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here