ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ’ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0
18

ਹੁਸ਼ਿਆਰਪੁਰ, 28 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ।

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ ਬਿਆਨਪੁਰ ਅਤੇ ਚੇਚੀਆਂ ਛੌਰੀਆਂ ਲਈ ਦਿੱਤੀਆਂ ਗਈਆਂ ਸਨ। ਉਕਤ ਮੁਲਜ਼ਮਾਂ ਨੇ ਗੁਰਦਾਸਪੁਰ ਜ਼ਿਲ੍ਹੇ ’ਚ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਸਰਕਾਰੀ ਗ੍ਰਾਂਟਾਂ ਨੂੰ ਧੀਰਜ ਕੁਮਾਰ ਗਿੱਲ ਨਾਂ ਦੇ ਵਿਅਕਤੀ ਦੇ ਬੈਂਕ ਖਾਤੇ ’ਚ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰ ਦਿੱਤਾ। ਇਸ ਧੋਖਾਧੜੀ ਦਾ ਪਤਾ ਲੱਗਣ ’ਤੇ, ਉਹਨਾਂ ਨੇ ਇੱਕ ਮਹੀਨੇ ਬਾਅਦ ਇਹਨਾਂ ਗ੍ਰਾਂਟਾਂ ਨੂੰ ਆਪਣੇ ਹੋਰ ਨੇੜਲੇ ਵਿਅਕਤੀਆਂ ਦੇ ਖਾਤਿਆਂ ਵਿੱਚ ਵਾਪਸ ਤਬਦੀਲ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

 

LEAVE A REPLY

Please enter your comment!
Please enter your name here