ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ-ਐਡਵੋਕੇਟ ਧਾਮੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਗੁਰਦੇਵ ਸਿੰਘ ਖਾਲਸਾ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਹ ਵੀ ਪੜ੍ਹੋ ਸੰਤ ਸੀਚੇਵਾਲ ਵਿਰੁੱਧ ਟਿੱਪਣੀਆਂ ਨੂੰ ਲੈ ਕੇ ਪ੍ਰਤਾਪ ਬਾਜਵਾ ਖਿਲਾਫ ਵਿਧਾਨ ਸਭਾ ਵਿੱਚ ਨਿੰਦਾ ਪ੍ਰਸਤਾਵ ਪਾਸ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਨੂੰ ਅੱਗੇ ਵਧਾਉਂਦਿਆਂ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਅੱਜ ਦੇ ਦਿਹਾੜੇ ਸਭ ਦਾ ਫ਼ਰਜ਼ ਹੈ ਕਿ ਇਸ ਸੁਨੇਹੇ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕਾਰਜਸ਼ੀਲ ਹੈ, ਜਿਸ ਤਹਿਤ ਬੀਤੇ ਸਮੇਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਫਲਦਾਰ, ਛਾਂਦਾਰ ਰੁੱਖ ਲਗਾ ਕੇ ਹਰਿਆਵਲ ਵਿਚ ਵਾਧੇ ਲਈ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ ਜਲੰਧਰ ’ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌ+ਤ,2 ਦੀ ਜਖ਼ਮੀ
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤ ਲਈ ਵੱਡੀ ਪ੍ਰੇਰਣਾ ਦੇ ਰੂਪ ਵਿਚ ਹੈ। ਇਥੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਤ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ,ਗੁਰਪ੍ਰੀਤ ਸਿੰਘ ਝੱਬਰ,ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਅਜੈ ਸਿੰਘ ਆਦਿ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ"