👉ਅਖੌਤੀ ਮਹੰਤਾਂ ਤੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ- ਐਡਵੋਕੇਟ ਧਾਮੀ
Amritsar News: ਸੰਨ 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਹਮੇਸ਼ਾ ਹੀ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।
ਇਹ ਵੀ ਪੜ੍ਹੋ 👉ਅਤਿ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ
ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ਨੂੰ ਸਰਕਾਰਾਂ ਨੇ ਕਈ ਵਾਰ ਗਹਿਰੇ ਜ਼ਖ਼ਮ ਦਿੱਤੇ, ਜਿਸ ਦੀ ਚੀਸ ਕੌਮ ਦੇ ਹਿਰਦਿਆਂ ਵਿਚ ਹਮੇਸ਼ਾ ਰਹੇਗੀ। ਉਨ੍ਹਾਂ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਬਾਰੇ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਕੌਮ ਵੱਲੋਂ ਜਿੰਦਾ ਸ਼ਹੀਦ ਦਾ ਖ਼ਿਤਾਬ ਪ੍ਰਾਪਤ ਇਹ ਉਹ ਕੌਮੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਏਕਤਾ ਲਈ ਕਾਰਜ ਕੀਤੇ ਹਨ। ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾ ਗੁਰੂ-ਸ਼ਬਦ ਵਿੱਚੋਂ ਮਿਲਦੀ ਹੈ। ਗੁਰਮਤਿ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਬਾਬਾ ਨਿਹਾਲ ਸਿੰਘ ਨੇ ਸੰਗਤਾਂ ਨਾਲ ਸਾਕੇ ਸਮੇਂ ਅੱਖੀਂ ਡਿੱਠੇ ਹਲਾਤ ਨੂੰ ਵੀ ਸਾਂਝਿਆਂ ਕੀਤਾ।
ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਦੇ ਫੈਸਲੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ, ਸ. ਜਸਪਾਲ ਸਿੰਘ ਢੱਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਯੁਵਰਾਜ ਸਿੰਘ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





