ਚੰਡੀਗੜ੍ਹ, 2 ਸਤੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ ਤੋਂ ਚੰਡੀਗੜ੍ਹ ਦੇ ਦੁਸ਼ਹਿਰਾ ਗਰਾਊਂਡ ਵਿੱਚ ਡਟੇ ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨ ਮਜ਼ਦੂਰਾਂ ਵੱਲੋਂ ਅੱਜ ਕੱਢੇ ਗਏ ਰੋਸ ਮਾਰਚ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਉਹਨਾਂ ਤੋਂ ਮੰਗ ਪੱਤਰ ਲੈਣ ਲਈ ਮਟਕਾ ਚੌਂਕ ਪੁੱਜੇ ਜਿੱਥੇ ਉਹਨਾਂ ਕਿਸਾਨ ਆਗੂਆਂ ਨੂੰ ਕਿਸਾਨੀ ਮੁੱਦਿਆਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਵਾਇਆ। ਇਸ ਦੌਰਾਨ ਮਟਕਾ ਚੌਂਕ ਵਿੱਚ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਛੇਤੀ ਖੇਤੀ ਨੀਤੀ ਬਣਾਉਣ ਦੀ ਮੰਗ ਕੀਤੀ।ਸ: ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਨਾਲ ਹਮਦਰਦੀ ਤੇ ਸੁਹਿਰਦਤਾ ਨਾਲ ਵਿਚਾਰਿਆ ਜਾਵੇਗਾ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਕਿਉਂਕਿ ਕਿਸਾਨ ਨਾ ਕੇਵਲ ਸਾਡੇ ਅੰਨਦਾਤਾ ਹਨ ਸਗੋਂ ਸੂਬੇ ਦੀ ਆਰਥਿਕਤਾ ਦਾ ਧੁਰਾ ਵੀ ਹਨ।”
ਉਹਨਾਂ ਕਿਹਾ, ‘‘ਇਹ ਮੀਟਿੰਗ ਸਰਕਾਰ ਅਤੇ ਕਿਸਾਨ ਭਾਈਚਾਰੇ ਵਿਚਕਾਰ ਖੁੱਲ੍ਹੀ ਵਾਰਤਾਲਾਪ ਦੀ ਸ਼ੁਰੂਆਤ ਹੈ, ਜਿਸਦਾ ਉਦੇਸ਼ ਕਿਸਾਨਾਂ ਦੀਆਂ ਚੁਣੌਤੀਆਂ ਦਾ ਹੱਲ ਲੱਭਣਾ ਹੈ ਅਤੇ ਉਹਨਾਂ ਨੂੰ ਇੱਕ ਵਿਕਾਸਸ਼ੀਲ ਖੇਤੀਬਾੜੀ ਢਾਂਚੇ ਵਿੱਚ ਪ੍ਰਫੁੱਲਤ ਕਰਨ ਦੇ ਸਮਰੱਥ ਬਣਾਉਣਾ ਹੈ।’’ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਦੇ ਆਗੂਆਂ ਨੇ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਤੇ ਹੋਰ ਮੰਗਾਂ ਨੂੰ ਤੁਰੰਤ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਖੇਤੀ ਖੇਤਰ ‘ਚ ਲੱਗੇ ਕਿਸਾਨ ਤੇ ਖੇਤ ਮਜ਼ਦੂਰ ਜ਼ਮੀਨਾਂ ਦੀ ਤੋਟ, ਬੇਰੁਜ਼ਗਾਰੀ ਅਤੇ ਸਿਰ ਚੜ੍ਹੇ ਭਾਰੀ ਕਰਜ਼ਿਆਂ ਕਾਰਨ ਲੱਖਾਂ ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਹਰਮੇਸ਼ ਮਾਲੜੀ ਨੇ ਆਖਿਆ ਕਿ ਪੰਜਾਬ ਅੰਦਰ ਬਣਾਈ ਜਾਣ ਵਾਲੀ ਖੇਤੀ ਨੀਤੀ ਦਾ ਮੂਲ ਮੰਤਵ ਖੇਤੀ ਖੇਤਰ ਦਾ ਵਿਕਾਸ , ਖੇਤੀ ਖੇਤਰ `ਚ ਲੱਗੇ ਦਹਿ ਕ੍ਰੋੜਾਂ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਦੀ ਖੁਸ਼ਹਾਲੀ ਤੇ ਵਿਕਾਸ ਅਤੇ ਸਮੁੱਚੇ ਸੂਬੇ ਦੀ ਆਰਥਿਕਤਾ ਦਾ ਵਿਕਾਸ ਹੋਣਾ ਚਾਹੀਦਾ ਹੈ। ਮਾਰਚ ਤੋਂ ਬਾਅਦ ਕਿਸਾਨ ਮਜ਼ਦੂਰਾਂ ਦਾ ਇਹ ਇਕੱਠ ਮੁੜਾਹ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਪੁੱਜ ਗਿਆ।
Share the post "ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਲਿਆ ਕਿਸਾਨ ਆਗੂਆਂ ਤੋਂ ਮੰਗ ਪੱਤਰ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਦਿੱਤਾ ਭਰੋਸਾ"