8 Views
ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
ਲਹਿਰਾ ਮੁਹੱਬਤ, 30 ਦਸੰਬਰ: ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਦੇ ਬੈਨਰ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ‘ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋੰ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਨਣ ਤੇ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕੱਢਕੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇਗਾ।
ਪਰ ਪੰਜਾਬ ਸਰਕਾਰ ਵੱਲੋੰ ਆਪਣੇ ਦੋ ਸਾਲਾਂ ਦੇ ਕਾਰਜਕਾਲ ਉਪਰੰਤ ਵੀ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਨਹੀਂ ਕੀਤਾ ਗਿਆ ਅਤੇ ਅੱਜ ਵੀ ਠੇਕੇਦਾਰ ਅਤੇ ਕੰਪਨੀਆਂ ਸਰਕਾਰੀ ਵਿਭਾਗਾਂ ਅਤੇ ਇਹਨਾਂ ਵਿੱਚ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਟ ਠੇਕਾ ਮੁਲਾਜ਼ਮਾਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਿਜਾਏ ਸਮੂਹ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਅਤੇ ਵਿਭਾਗਾਂ ਵਿੱਚੋਂ ਸੇਵਾ ਮੁਕਤ ਹੋਏ ਰੈਗੂਲਰ ਮੁਲਾਜ਼ਮਾਂ ਨੂੰ ਦੁਬਾਰਾ ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ ਭਰਤੀ ਕਰਕੇ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਧੋਖਾ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਸਮੂਹ ਸੰਘਰਸ਼ਸ਼ੀਲ ਧਿਰਾਂ ਨੂੰ ਸੜਕਾਂ ਨਾ ਜਾਮ ਕਰਨ ਅਤੇ ਚੰਡੀਗੜ੍ਹ ਆਕੇ ਮੀਟਿੰਗਾਂ ਕਰਨ ਦੀਆਂ ਨਸੀਹਤਾਂ ਦੇ ਰਹੇ ਹਨ ਪਰ ਦੂਜੇ ਪਾਸੇ ਉਨ੍ਹਾਂ ਵੱਲੋੰ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਦੀ ਸੂਬਾ ਕਮੇਟੀ ਨੂੰ ਉੱਨੀ ਵਾਰ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਣ ਦੇ ਬਾਵਜੂਦ ਵੀ ‘ਮੋਰਚੇ’ ਦੀ ‘ਸੂਬਾ ਕਮੇਟੀ’ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ,ਜਿਸ ਦੇ ਰੋਸ਼ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਅੱਜ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਹਨ।