ਮੁੜ ’ਮਾਮਲਾ’ ਇਕੱਤਰ ਕਰਨ ਲਈ ਨਿਰਦੇਸ਼ ਦੇਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ
ਬਠਿੰਡਾ, 15 ਮਈ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ ਦੀ ਅਗਵਾਈ ਹੇਠ ਹੋਏ ਸਮਾਗਮਾਂ ਦੌਰਾਨ ਮੌੜ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਨੂੰ ਕਈ ਥਾਂ ਲੱਡੂਆਂ ਨਾਲ ਤੋਲਿਆ ਗਿਆ ਅਤੇ ਭਰਵੀਂ ਹਮਾਇਤ ਦਿਵਾਉਣ ਦਾ ਭਰੋਸਾ ਦਵਾਇਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਆਪ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰਨ ਅਤੇ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਦੇਣ ਦੇ ਵਾਅਦੇ ਤੋਂ ਭੱਜਣ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਤੋਂ 326 ਕਰੋੜ ਰੁਪਏ ’ਮਾਮਲਾ’ ਯਾਨੀ ਵਾਟਰ ਸੈਸ ਵਸੂਲਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਜਲ ਸਰੋਤ ਵਿਭਾਗ ਦੇ ਚੀਫ ਇੰਜੀਨੀਅਰ ਵੱਲੋਂ ਅਧਿਕਾਰੀਆਂ ਨੂੰ ਜਾਰੀ ਕੀਤਾ ਪੱਤਰ ਵਿਖਾਉਂਦਿਆਂ ਇਸਨੂੰ ਇਕ ਧੱਕੇਸ਼ਾਹੀ ਵਾਲੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਨਹਿਰੀ ਸਿੰਜਾਈ ਦਾ ’ਮਾਮਲਾ’ ਖਤਮ ਕੀਤਾ ਸੀ ਤੇ ਹੁਣ ਨਾ ਸਿਰਫ ਇਸਨੂੰ ਲਾਗੂ ਕੀਤਾ ਜਾ ਰਿਹਾ ਹੈ ਬਲਕਿ ਧੱਕੇ ਨਾਲ ਵਸੂਲੀ ਕੀਤੀ ਜਾ ਰਹੀ ਹੈ। ਸ਼੍ਰੀਮਤੀ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਚੋਣਾਂ ਵਿਚ ਕਿਸਾਨ ਵਿਰੋਧੀ ਆਪ ਪਾਰਟੀ ਦੇ ਖਿਲਾਫ ਵੋਟਾਂ ਪਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਯਕੀਨੀ ਬਣਾਏਗਾ ਕਿ ਇਸ ਕਿਸਾਨ ਵਿਰੋਧੀ ਫੈਸਲੇ ਨੂੰ ਲਾਗੂ ਨਾ ਕੀਤਾ ਜਾ ਸਕੇ।ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਮੁੱਖ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਦਾਇਤ ’ਤੇ ਪੰਜਾਬ ਦਾ ਪਾਣੀ ਵਾਧੂ ਕਰਾਰ ਦੇ ਕੇ ਇਸ ਨੂੰ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਿਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਨਹਿਰੀ ਪਟਵਾਰੀਆਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਉਹ ਰਿਕਾਰਡ ਵਿਚ ਜਾਅਲੀ ਐਂਟਰੀਆਂ ਪਾ ਕੇ ਵਿਖਾਉਣ ਕਿ ਵੱਡੀ ਪੱਧਰ ’ਤੇ ਖੇਤੀਬਾੜੀ ਜ਼ਮੀਨ ਜੋ ਅਸਲ ਵਿਚ ਨਹਿਰੀ ਪਾਣੀ ਨਾਲ ਸਿੰਜੀ ਨਹੀਂ ਜਾ ਰਹੀ, ਨੂੰ ਨਹਿਰੀ ਪਾਣੀ ਨਾਲ ਸਿੰਜਿਆ ਗਿਆ ਹੈ ਤੇ ਅਜਿਹਾ ਕਰ ਕੇ ਇਹ ਦਰਸਾਇਆ ਜਾ ਰਿਹਾ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਹੈ।ਇਸ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਆਪ ਤੇ ਕਾਂਗਰਸ ਦੇ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
Share the post "ਜਨਮੇਜਾ ਸਿੰਘ ਸੇਖੋ ਦੀ ਅਗਵਾਈ ਹੇਠ ਹਰਸਿਮਰਤ ਕੌਰ ਬਾਦਲ ਨੇ ਮੋੜ ਹਲਕੇ ਦੇ ਪਿੰਡਾਂ ਚ ਕੀਤਾ ਚੋਣ ਪ੍ਰਚਾਰ"