“ਯੁੱਧ ਨਸ਼ਿਆਂ ਵਿਰੁੱਧ”; ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ: ਤਰੁਨਪ੍ਰੀਤ ਸਿੰਘ ਸੌਂਦ

0
61
+1

👉ਬਠਿੰਡਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
Bathinda News:ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲਵੇ ਦੇ ਦਿਲ ਬਠਿੰਡਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ਇਹ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਹਰੇਕ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਪੂਰਨ ਸਹਿਯੋਗ ਦੇਵੇ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’: ਸਿਹਤ ਮੰਤਰੀ ਨੇ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ 

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਅਤੇ ਲੋਕਾਂ ਵਿੱਚ ਇਹ ਸੁਨੇਹਾ ਦਿੱਤਾ ਜਾਵੇ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਬੇਖੌਫ ਹੋ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਉਨ੍ਹਾਂ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਸਾਹ ਕਰਕੇ ਲਵੇਗੀ ਭਗਵੰਤ ਸਿੰਘ ਮਾਨ ਸਰਕਾਰ: ਲਾਲਜੀਤ ਸਿੰਘ ਭੁੱਲਰ

ਸੌਂਦ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।ਉਨ੍ਹਾਂ ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ ਉੱਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਕਰਵਾਉਣ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਬਾਹਰਲੀ ਕੰਧ ਉੱਤੇ ਨਸ਼ਿਆਂ ਖਿਲਾਫ ਜਾਗਰੂਕਤਾ ਬੋਰਡ ਲਗਾਉਣ। ਸਾਰੀਆਂ ਜਨਤਕ ਥਾਵਾਂ ਉੱਤੇ ਵੀ ਜਾਗਰੂਕਤਾ ਬੋਰਡ ਲਗਾਏ ਜਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇੱਕ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇ।ਇਸ ਮੌਕੇ ਤਲਵੰਡੀ ਸਾਬੋ ਦੇ ਵਿਧਾਇਕ ਅਤੇ ਚੀਫ ਵਿਪ ਪ੍ਰੋ ਬਲਜਿੰਦਰ ਕੌਰ ਅਤੇ ਵਿਧਾਇਕ ਬਠਿੰਡਾ ਸ਼ਹਿਰੀ ਦੇ ਜਗਰੂਪ ਸਿੰਘ ਗਿੱਲ ਵਲੋਂ ਵੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਆਪ੍ਰੇਸ਼ਨ ਸੀਲ: ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਵਿਰੁੱਧ ਪੰਜਾਬ ਪੁਲਿਸ ਨੇ ਸ਼ਿਕੰਜਾ ਕੱਸਿਆ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਆਮ ਲੋਕਾਂ ਦਾ ਪੂਰਨ ਸਹਿਯੋਗ ਲੈਂਦਿਆਂ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਦੌਰਾਨ ਅਧਿਕਾਰੀਆਂ ਤੇ ਹੋਰ ਮੌਜੂਦ ਨੁਮਾਇੰਦਿਆਂ ਵਲੋਂ ਵੀ ਆਪੋਂ-ਆਪਣੇ ਵਡਮੁੱਲੇ ਸੁਝਾਅ ਵੀ ਸਾਂਝੇ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਚੇਅਰਮੈਨ ਐਗਰੋਫੈਡ ਸ਼ਮਿੰਦਰ ਖਿੰਡਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਸ਼ੂਗਰਫੈਡ ਨਵਦੀਪ ਜੀਦਾ, ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਅਨਿਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਖਾਦੀ ਬੋਰਡ ਇੰਦਰਜੀਤ ਸਿੰਘ ਮਾਨ, ਪੰਜਾਬ ਖਾਦੀ ਤੇ ਵਿਲਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਬੱਲੀ ਬਲਜੀਤ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਅਮਰਜੀਤ ਰਾਜਨ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ ਹਾਜ਼ਿਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here