ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕੀਤੇ ਕਾਰਜ
ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੀ 134ਵੀਂ ਜਨਮ ਵਰ੍ਹੇਗੰਢ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
Jalandhar News: ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ ‘ਆਪ’ ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਕਰਕੇ ਕਾਨੂੰਨੀ ਖੇਤਰ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਮੁਸ਼ਕਲ ਰਹਿਤ ਵੰਡ ਰਾਹੀਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਸ਼ਕਤ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਮਨਾਉਣ ਲਈ ਡੇਵਿਅਟ, ਜਲੰਧਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਅੰਬਡਕਰ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ। ਕੈਬਨਿਟ ਮੰਤਰੀ ਸ. ਚੀਮਾ, ਜਿਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਪਹਿਲਾਂ ਜਿੰਨਾ ਹੀ ਪ੍ਰਸੰਗਿਕ ਹੈ ।
ਇਹ ਵੀ ਪੜ੍ਹੋ ਹੁਣ ਮੰਗਲਵਾਰ ਨੂੰ ਪੁਲਿਸ ਅੱਗੇ ਪੇਸ਼ ਹੋਣਗੇ ਪ੍ਰਤਾਪ ਸਿੰਘ ਬਾਜਵਾ; ਲਿਆ ਇੱਕ ਦਿਨ ਦਾ ਸਮਾਂ
ਡਾ. ਅੰਬੇਡਕਰ ਨੂੰ ਇੱਕ ਆਲਮੀ ਰਸੂਖ ਵਾਲਾ ਵਿਅਕਤੀ ਦੱਸਦਿਆਂ ਸ੍ਰੀ ਚੀਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਮਿਲੇ ਕੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਨਾ ਸਿਰਫ਼ ਸਾਡਾ ਸੰਵਿਧਾਨ ਤਿਆਰ ਕੀਤਾ ਬਲਕਿ ਆਪਣੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ ਨਾਲ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਦੀ ਨੀਂਹ ਵੀ ਰੱਖੀ।ਸ. ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਇਹ ਯਕੀਨੀ ਬਣਾਇਆ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਪੁਰਾਣੀਆਂ ਸਰਕਾਰਾਂ ਵਾਂਗ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਲਾਉਣ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ।
ਇਹ ਵੀ ਪੜ੍ਹੋ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ : ਮੋਹਿੰਦਰ ਭਗਤ
ਕੈਬਨਿਟ ਮੰਤਰੀ ਨੇ ਆਪ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੀਆਂ ਗਈਆਂ ਕਈ ਪਹਿਲਕਦਮੀਆਂ ਦਾ ਵੇਰਵਾ ਵੀ ਦਿੱਤਾ, ਜਿਸ ਵਿੱਚ ਏ.ਜੀ. ਦਫ਼ਤਰ ਵਿੱਚ ਵਕੀਲਾਂ ਦੀ ਨਿਯੁਕਤੀ ‘ਚ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ 58 ਅਸਾਮੀਆਂ ਦਾ ਰਾਖਵਾਂਕਰਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ, ਜਦਕਿ ਪਿਛਲੀਆਂ ਸਰਕਾਰਾਂ ਨੇ ਐਸ.ਸੀ. ਵਿਦਿਆਰਥੀਆਂ ਦੀ ਭਲਾਈ ਲਈ ਆਉਣ ਵਾਲੇ ਫੰਡਾਂ ਦੀ ਵਰਤੋਂ ਆਪਣੇ ਸੌੜੇ ਹਿੱਤ ਪੂਰਨ ਲਈ ਕੀਤੀ।ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਸ਼ੀਏ ’ਤੇ ਧੱਕੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਸ.ਸੀ. ਕਾਰਪੋਰੇਸ਼ਨ ਵੱਲੋਂ 31 ਮਾਰਚ, 2020 ਤੋਂ ਪਹਿਲਾਂ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀਆਂ-ਤੁਰਸ਼ੀਆਂ ਨਾਲ ਜੂਝ ਰਹੇ ਕਰਜ਼ਾ ਮੋੜਨ ‘ਚ ਅਸਮਰੱਥ ਪਰਿਵਾਰਾਂ ਨੂੰ ਵੱਡਾ ਲਾਭ ਮਿਲਿਆ।
ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ, ਸੁਧਾਰ ਟਰੱਸਟ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ, ਪੰਜਾਬ ਐਗਰੀ ਐਕਸਪੋਰਟ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ’ਆਪ’ ਦੇ ਜ਼ਿਲ੍ਹਾ ਰੂਰਲ ਪ੍ਰਧਾਨ ਸਟੀਫਨ ਕਲੇਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਪਵਨ ਕੁਮਾਰ ਟੀਨੂੰ, ਹਲਕਾ ਇੰਚਾਰਜ ਜੀਤ ਲਾਲ ਭੱਟੀ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਸ਼ਾਮਲ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





