ਸੁਖਜਿੰਦਰ ਮਾਨ
ਬਠਿੰਡਾ, 6 ਮਈ- ਇਸ ਸਮੇਂ ਲੋਹੜੇ ਦੀ ਗਰਮੀ ਪੈ ਰਹੀ ਹੈ ਤੇ ਤਾਪਮਾਨ ਵੀ 45 ਡਿਗਰੀ ਤੱਕ ਚਲਾ ਜਾਂਦਾ ਹੈ । ਅਗਲੇ ਦਿਨਾਂ ਵਿੱਚ ਤਾਪਮਾਨ 46-47 ਡਿਗਰੀ ਤੱਕ ਚਲੇ ਜਾਣ ਦੀਆਂ ਰਿਪੋਰਟਾਂ ਆ ਰਹੀਆਂ ਹਨ । ਪਰ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦਾ ਪੰਜਾਬ ਭਰ ਦੇ ਆਂਗਣਵਾੜੀ ਸੈਂਟਰਾਂ ਵੱਲ ਕੋਈ ਧਿਆਨ ਨਹੀਂ ਹੈ । ਵੱਧ ਰਹੀ ਗਰਮੀਂ ਨੂੰ ਵੇਖਦਿਆਂ ਸਰਕਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਸਮਾਂ ਤਾਂ ਤਬਦੀਲ ਕਰ ਦਿੱਤਾ ਹੈ ਤੇ ਹੁਣ ਇਹ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਦੇ ਹਨ । ਪਰ ਆਂਗਣਵਾੜੀ ਸੈਂਟਰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜ਼ੇ ਤੱਕ ਲੱਗਦੇ ਹਨ ਤੇ ਇਹਨਾਂ ਦਾ ਸਮਾਂ ਤਬਦੀਲ ਨਹੀਂ ਕੀਤਾ ਗਿਆ । ਜਿਸ ਕਰਕੇ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਬੱਚੇ ਅਤੇ ਵਰਕਰਾਂ ਤੇ ਹੈਲਪਰਾਂ ਪ੍ਰੇਸ਼ਾਨ ਹੋ ਰਹੀਆਂ ਹਨ । ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਹੈ ਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਦਾ ਸਮਾਂ ਵੀ ਤਬਦੀਲ ਕੀਤਾ ਜਾਵੇ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਤਾਂ ਛੁੱਟੀਆਂ ਵੀ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾ ਰਹੀਆਂ ਹਨ । ਪਰ ਆਂਗਣਵਾੜੀ ਸੈਂਟਰਾਂ ਵਿੱਚ ਸਿਰਫ਼ 15 ਦਿਨਾਂ ਦੀਆਂ ਛੁੱਟੀਆਂ 15 ਜੂਨ ਤੋਂ 30 ਜੂਨ ਤੱਕ ਹੀ ਕੀਤੀਆਂ ਜਾਣੀਆਂ ਹਨ । ਉਹਨਾਂ ਕਿਹਾ ਕਿ ਕੀ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਂ ਨਹੀਂ ਲੱਗਦੀ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਉਹਨਾਂ ਨੇ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਡਾਇਰੈਕਟਰ ਅਰਵਿੰਦਰ ਪਾਲ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਭੇਜੇ ਹਨ ।
Share the post "ਆਂਗਣਵਾੜੀ ਸੈਂਟਰਾਂ ਦਾ ਸਮਾਂ ਕੀਤਾ ਜਾਵੇ ਤਬਦੀਲ , ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਕੀਤੀਆਂ ਜਾਣ ਛੁੱਟੀਆਂ – ਹਰਗੋਬਿੰਦ ਕੌਰ"