ਸੁਖਜਿੰਦਰ ਮਾਨ
ਬਠਿੰਡਾ, 18 ਅਕਤੂਬਰ: ਅੱਜ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ’ਚ ਤਿੰਨ ਥਾਵਾਂ ਉਪਰ ਰੇਲ ਗੱਡੀਆਂ ਰੋਕੀਆਂ ਗਈਆਂ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਸੁਖਦੇਵ ਸਿੰਘ ਜਵੰਧਾ ਦੀ ਅਗਵਾਈ ਬਠਿੰਡਾ – ਫਿਰੋਜ਼ਪੁਰ ਰੇਲਵੇ ਲਾਈਨ ’ਤੇ ਗੋਨਿਆਣਾ ਮੰਡੀ , ਗੁਰਪਾਲ ਸਿੰਘ ਦਿਓਣ ਅਤੇ ਜਸਪਾਲ ਸਿੰਘ ਕੋਠਾਗੁਰੂ ਦੀ ਅਗਵਾਈ ਵਿੱਚ ਬਠਿੰਡਾ – ਦਿੱਲੀ ਬਾਇਆ ਅੰਬਾਲਾ ਰੇਲਵੇ ਲਾਈਨ ’ਤੇ ਰਾਮਪੁਰਾ ਸ਼ਹਿਰ ਵਿਖੇ ਅਤੇ ਧਰਮਪਾਲ ਸਿੰਘ ਜੰਡੀਆਂ ਦੀ ਅਗਵਾਈ ਵਿੱਚ ਬਠਿੰਡਾ ਬੀਕਾਨੇਰ ਰੇਲਵੇ ਲਾਈਨ ’ਤੇ ਪਿੰਡ ਪਥਰਾਲਾ ਵਿਖੇ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਧਰਨਾ ਲਗਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਲਖਮੀਰਪੁਰ ਕਾਂਡ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਵਰਾਈ, ਖੇਤੀ ਵਿਰੋਧੀ ਨਵੇਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਭਾਰੀ ਜੁਰਮਾਨੇ ਅਤੇ ਸਜ਼ਾਵਾਂ ਦਾ ਕਾਨੂੰਨ ਰੱਦ ਕਰਵਾਉਣ , ਸਾਰੇ ਰਾਜਾਂ ਵਿੱਚ ਸਾਰੀਆਂ ਫਸਲਾਂ ਦੀ ਸਰਕਾਰ ਵੱਲੋਂ ਘੱਟੋ ਘੱਟ ਮਿੱਥੇ ਸਰਕਾਰੀ ਭਾਅ ਤੇ ਸਰਕਾਰੀ ਖਰੀਦ ਦੀ ਗਾਰੰਟੀ ਕਰਵਾਉਣ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਸਾਰੀਆਂ ਲੋੜੀਂਦੀਆਂ ਵਸਤਾਂ ਸਾਰੇ ਗਰੀਬਾਂ ਤਕ ਮੁਫ਼ਤ ਜਾਂ ਸਸਤੇ ਰੇਟਾਂ ’ਤੇ ਦੇਣ ਦੀ ਮੰਗ ਕੀਤੀ। ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਸਰਕਾਰ ’ਤੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਨਰਮਾ ਅਤੇ ਹੋਰ ਫਸਲਾਂ ਦੇ ਖਰਾਬੇ ਦਾ ਮੁਆਵਜਾ ਦੇਣ ਤੋਂ ਧਾਰੀ ਮੁਜਰਮਾਨਾ ਚੁੱਪ ਵਿਰੁਧ ਜਲਦੀ ਹੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਧਰਨਿਆਂ ਦੌਰਾਨ ਪਰਮਜੀਤ ਕੌਰ ਪਿੱਥੋ, ਮਾਲਣ ਕੌਰ ਕੋਠਾਗੁਰੂ ,ਕੁਲਵੰਤ ਸ਼ਰਮਾ ਡੀ ਟੀ ਐਫ ਦੇ ਆਗੂ ਮਾਸਟਰ ਜਸਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਅਤੇ ਬਲਕਰਨ ਸਿੰਘ ਨੇ ਵੀ ਸੰਬੋਧਨ ਕੀਤਾ ।