ਸੁਖਜਿੰਦਰ ਮਾਨ
ਬਠਿੰਡਾ , 27 ਦਸੰਬਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਮਿੰਨੀ ਸਕੱਤਰੇਤ ਅੱਗੇ ਚੱਲ ਰਹੇ ਕਿਸਾਨਾਂ ਦੇ ਪੱਕੇ ਮੋਰਚੇ ਵਿਚ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਟੇਜ ਤੋਂ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ 9 ਪੋਹ ਨੂੰ ਮਾਤਾ ਗੁੱਜਰ ਕੌਰ ਅਤੇ ਦੋਵਾਂ ਸਾਹਿਬਜ਼ਾਦਿਆਂ ਨੂੰ ਗਿ੍ਰਫਤਾਰ ਕਰ ਕੇ ਠੰਢੇ ਬੁਰਜ ਵਿੱਚ ਰੱਖਿਆ ਅਤੇ ਹੋਰ ਬਹੁਤ ਸਾਰੇ ਤਸੀਹੇ ਦਿੱਤੇ ਗਏ। ਜਦੋਂ ਸਾਹਿਬਜ਼ਾਦੇ ਸੂਬਾ ਸਰਹੰਦ ਦੇ ਲਾਲਚ ਅਤੇ ਤਸੀਹਿਆਂ ਅੱਗੇ ਨਾ ਚੁੱਕੇ ਤਾਂ ਅੱਜ ਦੇ ਦਿਨ 13 ਪੋਹ ਨੂੰ ਉਨ੍ਹਾਂ ਨੂੰ ਜਿਊਂਦਿਆਂ ਨੀਂਹਾਂ ਵਿੱਚ ਚਿਣਨ ਤੋਂ ਬਾਅਦ ਸੂਬਾ ਸਰਹਿੰਦ ਦੇ ਦਰਿੰਦੇ ਜ਼ਾਲਮਾਂ ਵੱਲੋਂ ਕਤਲ ਕਰਕੇ ਸ਼ਹੀਦ ਕਰ ਦਿੱਤਾ ਗਿਆ ਤੇ ਜਿਸ ਦੀ ਖ਼ਬਰ ਸੁਣਦਿਆਂ ਹੀ ਮਾਤਾ ਗੁਜਰ ਕੌਰ ਨੇ ਵੀ ਉਸੇ ਦਿਨ ਪ੍ਰਾਣ ਤਿਆਗ ਦਿੱਤੇ । ਜਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਜਿਵੇਂ ਹੁਣ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਤੋਂ ਜ਼ਮੀਨਾਂ ਖੁੱਸ ਰਹੀਆਂ ਹਨ ਅਤੇ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਵਿਚ ਜਾ ਰਹੀ ਹੈ । ਬੁਲਾਰਿਆਂ ਨੇ ਕਿਹਾ ਕਿ ਅੱਜ ਵੀ ਉਸੇ ਤਰ੍ਹਾਂ ਜਬਰ ਹੋ ਰਹੇ ਹਨ। ਹਰਿਆਣਾ ਤੋਂ ਕਿਸਾਨ ਜਥੇਬੰਦੀ ਦੇ ਆਗੂ ਮੁਕੇਸ਼ ਖਾਸਾ ਅਤੇ ਸੁਸ਼ੀਲਾ ਖਾਸਾ ਨੇ ਮੋਰਚੇ ਚ ਪਹੁੰਚ ਕੇ ਸਟੇਜ ਤੋਂ ਹਰਿਆਣਾ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ਾਂ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ । ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕਰ ਰਿਹਾ ਹੈ, ਜਿਸਦੇ ਵਿਰੁੱਧ ਕੱਲ੍ਹ ਨੂੰ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਰ ਕੇ ਇਕ ਵਜੇ ਤੋਂ ਬਾਅਦ ਐਕਸ਼ਨ ਕੀਤਾ ਜਾਵੇ ।ਸਟੇਜ ਸਕੱਤਰ ਦੀ ਭੂਮਿਕਾ ਪਰਮਜੀਤ ਕੌਰ ਪਿੱਥੋ ਨੇ ਨਿਭਾਈ।
Share the post "ਕਿਸਾਨ ਮੋਰਚੇ ਵਿੱਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦਾ ਸ਼ਹੀਦੀ ਦਿਹਾੜਾ ਮਨਾਇਆ"