ਬਠਿੰਡਾ ਦੇ ਇੱਕ ਦਰਜ਼ਨ ਕਿਸਾਨਾਂ ਦੇ ਪ੍ਰਵਾਰਾਂ ਨੂੰ ਹਾਲੇ ਤੱਕ ਨਹੀਂ ਮਿਲੀ ਨੌਕਰੀ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਪਿਛਲੀ ਕੈਪਟਨ ਸਰਕਾਰ ਦੁਆਰਾ ਕਿਸਾਨ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਵਾਅਦੇ ਉਪਰ ਬੇਸ਼ੱਕ ਚੰਨੀ ਸਰਕਾਰ ਦੁਆਰਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ ਪ੍ਰੰਤੂ ਜ਼ਿਲ੍ਹੇ ਦੇ ਕਰੀਬ ਇੱਕ ਦਰਜ਼ਨ ਕਿਸਾਨ ਪ੍ਰਵਾਰ ਹਾਲੇ ਅਜਿਹੇ ਹਨ, ਜਿਹੜੇ ਨੌਕਰੀਆਂ ਦਾ ਇੰਤਜ਼ਾਰ ਕਰ ਰਹੇ ਹਨ। ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਦੱਸਿਆ ਤਿੱਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੇ ਬਾਡਰਾਂ ਤੇ ਇਕ ਸਾਲ ਤੋਂ ਉੱਪਰ ਸੰਘਰਸ਼ ਕਰਦੇ ਆ ਰਹੇ ਹਨ ਇਸ ਸੰਘਰਸ਼ ਦੌਰਾਨ ਪੰਜਾਬ ਦੇ ਸੱਤ ਸੌ ਤੋਂ ਉੱਪਰ ਕਿਸਾਨ ਮੋਰਚੇ ਵਿੱਚ ਸ਼ਹੀਦ ਹੋ ਚੁੱਕੇ ਹਨ। ਹਾਲਾਂਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਪਰ ਚੰਨੀ ਸਰਕਾਰ ਹਾਲੇ ਤੱਕ ਇਸ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਉਨ੍ਹਾਂ ਦਸਿਆ ਕਿ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ 13 ਪਰਿਵਾਰ ਨੌਕਰੀ ਖਾਤਰ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵਿਚ ਬਕਾਇਦਾ ਸਾਰੇ ਦਸਤਾਵੇਜ਼ ਜਮ੍ਹਾ ਕਰਾਏ ਜਾ ਚੁੱਕੇ ਹਨ ਪਰ ਸਿਰਫ਼ ਸਿਆਸੀ ਵੋਟ ਚੱਕਰ ਵਿਚ ਫ਼ਾਈਲਾਂ ਘੁੰਮ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਸ਼ਹੀਦ ਪਰਿਵਾਰਾਂ ਦੇ ਮੁਖੀ ਦੀ ਪੰਜ ਹਜਾਰ ਮਹੀਨਾ ਪੈਨਸ਼ਨ ਲਗਾਈ ਜਾਵੇ । ਇਸਤੋਂ ਇਲਾਵਾ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਬਣਾਈ ਜਾਵੇ, ਜਿਨ੍ਹਾਂ ਕਿਸਾਨਾਂ ਦੇ ਖੇਤੀ ਮੋਟਰਾਂ ਦੇ ਕੁਨੈਕਸ਼ਨ ਨਹੀਂ ਹੈ ਉਨ੍ਹਾਂ ਨੂੰ ਫੌਰੀ ਕੁਨੈਕਸ਼ਨ ਦਿੱਤੇ ਜਾਣ।
Share the post "ਕਿਸਾਨ ਸੰਘਰਸ ’ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਹਾਲੇ ਤੱਕ ਨਹੀਂ ਮਿਲੀ ਨੌਕਰੀ"