ਮਿ੍ਰਤਕ ਕਿਸਾਨ ਦਾ ਤੀਜ਼ੇ ਦਿਨ ਵੀ ਨਹੀਂ ਕੀਤਾ ਅੰਤਿਮ ਸੰਸਕਾਰ
ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 19 ਅਕਤੂਬਰ : ਮੰਨਿਆਂ ਮੰਗਾਂ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਸੀਐੱਮ ਦੀ ਰਿਹਾਇਸ਼ ਪਟਿਆਲਾ ਰੋਡ ਗਰੀਨ ਲੈਂਡ ਕਲੋਨੀ ਦੇ ਅੱਗੇ ਅੱਜ 11ਵੇਂ ਦਿਨ ਵਿਚ ਦਾਖਲ ਹੋ ਚੁੱਕਿਆ ਹੈ। ਅੱਜ ਦੀ ਸਟੇਜ ਤੋ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਹੁੰਦਿਆ ਐਲਾਨ ਕੀਤਾ ਕੱਲ ਨੂੰ 20 ਅਕਤੂਬਰ 2022 ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਮੁਕੰਮਲ ਘਿਰਾਓ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ । ਉਨਾਂ ਕਿਹਾ ਜੋ ਪੰਜਾਬ ਸਰਕਾਰ ਨੂੰ ਯਾਦ ਪੱਤਰ ਭੇਜਿਆ ਗਿਆ ਹੈ।ਮਾਨ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਅੱਜ ਦੇ ਧਰਨੇ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਔਰਤਾਂ ਨੇ ਹਾਜ਼ਰੀ ਲਵਾਈ।ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਦੱਸਿਆ ਕਿ ਇਹ ਮੋਰਚਾ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜਾ ਕਾਸਤਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰਖਾਉਣ ਲਈ,ਜੀਰਾ ਨੇੜੇ ਪ੍ਰਦੂਸਣ ਦਾ ਗੜ੍ਹ ਬਣੀ ਹੋਈ ਸਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਲੁਧਿਆਣਾ ‘ਚੋਂ ਲੰਘਦੇ ਬੁੱਢੇ ਨਾਲੇ ਦੇ ਪਾਣੀ ਦਾ ਪ੍ਰਦੂਸਣ ਅਤੇ ਟਰਾਈਡੈਂਟ ਫੈਕਟਰੀ ਦੁਆਰਾ ਸੇਮ ਨਾਲੇ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸਣ ਤੁਰੰਤ ਰੋਕਣ ਲਈ, ਭਾਰਤ ਮਾਲਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜਾ ਜਾਰੀ ਕਰਕੇ ਜਮੀਨਾਂ ਉੱਤੇ ਪੁਲਿਸ ਦੇ ਜੋਰ ਕਬਜੇ ਰੋਕਣ ਲਈ, ਆਪਣੀ ਜਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਇਹਦੇ ਮੁਤਾਬਕ ਬਿਨਾਂ ਸਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ। ਸੰਗਰੂਰ ਜਿਲ੍ਹੇ ਦੇ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਜਦੋਂ ਪਰਸੋਂ ਬਖੋਰਾ ਕਲਾ ਦੇ ਕਿਸਾਨ ਗੁਰਚਰਨ ਸਿੰਘ ਦੀ ਸੱਪ ਲੜਕਿ ਮੋਰਚੇ ਵਿੱਚ ਮੋਤ ਹੋਈ ਹੈ ਉਸ ਦੀ ਜਿੰਮੇਵਾਰ ਮਾਨ ਸਰਕਾਰ ਦੀ ਹੈ। ਉਨਾਂ ਮੰਗ ਕੀਤੀ ਕਿ ਓਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜਾ ਖਤਮ ਕੀਤਾ ਜਾਵੇ ਉਨਾਂ ਤੱਕ ਮਿਤ੍ਤਕ ਕਿਸਾਨ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ। ਸਾਰੇ ਹੀ ਬੁਲਾਰਿਆਂ ਨੇ ਇੱਕ ਸੁਰ ਹੁੰਦਿਆਂ ਸਾਰੇ ਕਮਾਊ ਲੋਕਾਂ ਨੂੰ ਸੱਦਾ ਦਿੱਤਾ ਕਿ ਕੱਲ੍ਹ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਸੰਗਰੂਰ ਵੱਲ ਵਹੀਰਾਂ ਘੱਤੀਆਂ ਜਾਣ। ਸਟੇਜ ਸਕੱਤਰ ਦੀ ਭੂਮਿਕਾ ਬਠਿੰਡਾ ਜਿਲ੍ਹੇ ਦੇ ਆਗੂ ਜਗਸੀਰ ਸਿੰਘ ਝੂੰਬਾ ਨੇ ਨਿਭਾਈ ਅਤੇ ਤਰਨਤਾਰਨ ਜਿਲੇ ਦੇ ਆਗੂ ਸੁਖਵੰਤ ਸਿੰਘ ਵਲਟੋਹਾ, ਗਿੱਦੜਬਾਹਾ ਬਲਾਕ ਪ੍ਰਧਾਨ ਬਿੱਟੂ ਸਿੰਘ ਮੱਲਣ,ਸੁਨਾਮ ਬਲਾਕ ਦੇ ਆਗੂ ਰਣਦੀਪ ਕੌਰ ਰਟੋਲਾ ਆਦਿ ਜਿਲ੍ਹਿਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।
Share the post "ਕਿਸਾਨਾਂ ਵਲੋਂ ਭਲਕ ਤੋਂ ਭਗਵੰਤ ਮਾਨ ਦੀ ਕੋਠੀ ਦਾ ਅਣਮਿਥੇ ਸਮੇਂ ਲਈ ਘਿਰਾਓ ਕਰਨ ਦਾ ਕੀਤਾ ਐਲਾਨ"