ਸੁਖਜਿੰਦਰ ਮਾਨ
ਬਠਿੰਡਾ, 11 ਮਾਰਚ : ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵੁਮੈਨ ਡਿਵੈਲਪਮੈਂਟ ਸੈੱਲ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਮਹਿਲਾ ਸਸ਼ਕਤੀਕਰਨ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਨੈਸ਼ਨਲ ਇੰਸਟੀਚਿਊਟ ਆਫ਼ ਫੂਡ ਟੈਕਨਾਲੋਜੀ ਤੋਂ ਸਹਾਇਕ ਪ੍ਰੋਫੈਸਰ ਡਾ. ਪ੍ਰਤਿਭਾ ਸਿੰਘ ਨੇ ਮਹਿਮਾਨ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਗਤੀਵਿਧੀ ਦੀ ਕੋਆਰਡੀਨੇਟਰ ਡਾ. ਸਮਰਿਤੀ ਨੇ ਮਹਿਮਾਨ ਬੁਲਾਰੇ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦੀ ਜਾਣ ਪਛਾਣ ਕਰਵਾਈ । ਇਸ ਸੈਮੀਨਾਰ ਵਿੱਚ ਵੱਖ-ਵੱਖ ਕੋਰਸਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਪ੍ਰਤਿਭਾ ਨੇ ਲਿੰਗ ਸਮਾਨਤਾ ਅਤੇ ਸਾਰੀਆਂ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਡਿਜੀਟਲ ਯੁੱਗ ਵਿੱਚ ਨਵੀਨਤਾ, ਤਕਨੀਕੀ ਤਬਦੀਲੀ ਅਤੇ ਸਿੱਖਿਆ ਦੇ ਮੂਲ ਵਿਚਾਰ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਕਿ ਕਿਸ ਤਰ੍ਹਾਂ ਕਿਸੇ ਵੀ ਰਾਸ਼ਟਰ ਦੀ ਤਰੱਕੀ ਲਈ ਮਹਿਲਾ ਸਸ਼ਕਤੀਕਰਨ ਅਤੇ ਸਮਾਨਤਾ ਸਭ ਤੋਂ ਮਹੱਤਵਪੂਰਨ ਲੋੜਾਂ ਹਨ। ਇਸ ਮੌਕੇ ਸ਼੍ਰੀਮਤੀ ਸਮਨਦੀਪ ਕੌਰ, ਸ਼੍ਰੀਮਤੀ ਅੰਜੂ ਬਾਲਾ, ਸ਼੍ਰੀਮਤੀ ਰੂਪਮ ਰਾਣੀ, ਸ਼੍ਰੀਮਤੀ ਅਕਸ਼ਿਤਾ, ਡਾ: ਸਮਰਿਤੀ, ਸ਼੍ਰੀਮਤੀ ਮਨਪ੍ਰੀਤ ਕੌਰ ਆਦਿ ਫੈਕਲਟੀ ਮੈਂਬਰ ਵੀ ਹਾਜ਼ਰ ਸਨ । ਅੰਤ ਵਿੱਚ ਫੈਕਲਟੀ ਆਫ਼ ਐਗਰੀਕਲਚਰ ਦੇ ਡੀਨ ਡਾ. ਵਿਨੀਤ ਚਾਵਲਾ ਨੇ ਆਏ ਹੋਏ ਮਹਿਮਾਨ ਬੁਲਾਰੇ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੁਮੈਨ ਡਿਵੈਲਪਮੈਂਟ ਸੈੱਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Share the post "’ਕੌਮਾਂਤਰੀ ਮਹਿਲਾ ਦਿਵਸ’ ਮੌਕੇ ਬਾਬਾ ਫ਼ਰੀਦ ਕਾਲਜ਼ ’ਚ ‘ਮਹਿਲਾ ਸਸ਼ਕਤੀਕਰਨ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ"