ਕੌਮੀ ਲੋਕ ਅਦਾਲਤ ਮੌਕੇ 25 ਬੈਂਚਾਂ ਦਾ ਕੀਤਾ ਗਠਨ
ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਕੀਤਾ ਜਾ ਸਕਦਾ ਸੰਪਰਕ
ਸੁਖਜਿੰਦਰ ਮਾਨ
ਬਠਿੰਡਾ, 12 ਨਵੰਬਰ : ਮਾਣਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਤੇ ਮਾਣਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਕੌਮੀ ਲੋਕ ਅਦਾਲਤ ਆਯੋਜਿਤ ਕੀਤੀ ਗਈ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਮੌਕੇ 25 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜ਼ਨ ਫੂਲ ਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਸਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਤਿਆਰੀ ਕੇਸ, ਟ੍ਰੈਫਿਕ ਚਲਾਨਾ ਅਤੇ ਪ੍ਰੋ ਲਿਟੀਗੇਟਿਵ ਕੇਸਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਸ੍ਰੀ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਕੁੱਲ 13425 ਕੇਸ ਲਗਾਏ ਗਏ ਜਿਨ੍ਹਾਂ ਵਿੱਚੋਂ 5976 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ 250376046 ਰੁਪਏ ਦੇ ਅਵਾਰਡ ਵੀ ਪਾਸ ਕੀਤੇ ਗਏ। ਇਸ ਤੋਂ ਇਲਾਵਾ ਸਥਾਨਕ ਕੇਂਦਰੀ ਜੇਲ੍ਹ ਵਿੱਚ ਲਗਾਏ ਕੈਂਪ ਕੋਰਟ ਵਿੱਚ ਤਿੰਨ ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ, ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਵੀ ਬਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝਗੜੀਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੀ ਕਰਨ। ਇਸ ਮੌਕੇ ਸਿਵਲ ਜੱਜ ਸੀਨੀਅਰ ਡਵੀਜ਼ਨ ਸੀ.ਜੇ.ਐਮ. ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਕਿਸੇ ਨੂੰ ਮੁਫਤ ਕਾਨੂੰਨੀ ਸੇਵਾਵਾਂ ਲੋੜ ਹੈ ਤਾਂ ਉਹ ਟੋਲ ਫ੍ਰੀ ਨੰਬਰ 1968 ਉੱਤੇ ਸੰਪਰਕ ਕਰ ਸਕਦਾ ਹੈ।
Share the post "ਕੌਮੀ ਲੋਕ ਅਦਾਲਤ ਦੌਰਾਨ ਕੁੱਲ 13425 ਲਗਾਏ ਕੇਸ,5976 ਕੇਸਾਂ ਦਾ ਕੀਤਾ ਨਿਪਟਾਰਾ"