ਸੁਖਜਿੰਦਰ ਮਾਨ
ਬਠਿੰਡਾ, 22 ਦਸੰਬਰ: ਕੌਮੀ ਸਿਹਤ ਮਿਸ਼ਨ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁਧ ਵਿੱਢੇ ਸੰਘਰਸ਼ ਤਹਿਤ ਅੱਜ ਵੀ ਲਗਾਤਾਰ ਹੜਤਾਲ ਜਾਰੀ ਰਹੀ। ਸਥਾਨਕ ਸਿਵਲ ਹਸਪਤਾਲ ਵਿਚ ਜ਼ਿਲ੍ਹਾ ਪੱਧਰੀ ਧਰਨੇ ਦੌਰਾਨ ਮੁਲਾਜਮਾਂ ਨੇ ਪੰਜਾਬ ਸਰਕਾਰ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਵਿਰੁਧ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਚੋਣਾਂ ਤੋਂ ਪਹਿਲਾਂ ਸਮੂਹ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਦਾਅਵਾ ਕਰਨ ਵਾਲੀ ਕਾਂਗਰਸ ਸਰਕਾਰ ਹੁਣ ਅਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਭੱਜ ਗਈ ਹੈ। ਇਸਦੇ ਲਈ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਿਆਂਦੇ ਐਕਟ ਵਿਚ ਬੋਰਡ ਤੇ ਕਾਰਪੋਰੇਸ਼ਨ ਦੇ ਮੁਲਾਜਮਾਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਕਈ ਵਰਗਾਂ ਨੂੰ ਕੱਢ ਦਿੱਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਤੁਰੰਤ ਕੌਮੀ ਸਿਹਤ ਮਿਸ਼ਨ ਦੇ ਤਹਿਤ ਕੰਮ ਕਰਦੇ ਮੁਲਾਜਮਾਂ ਨੂੰ ਪੱਕੇ ਕਰੇ ਤੇ ਸੁਪਰੀਮ ਕੋਰਟ ਦੇ ਬਰਾਬਰ ਕੰਮ ਤੇ ਬਰਾਬਕ ਤਨਖ਼ਾਹ ਦੇ ਫ਼ਾਰਮੂਲੇ ਨੂੰ ਲਾਗੂ ਕਰੇ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਜਦ ਤਕ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਐਲਾਨ ਨਹੀਂ ਕਰਦੀ, ਉਸ ਸਮੇਂਂ ਤਕ ਇਹ ਹੜਤਾਲ ਜਾਰੀ ਰਹੇਗੀ।
ਬਾਕਸ
ਨਰਸਾਂ ਦਾ ਧਰਨਾ ਵੀ ਜਾਰੀ
ਬਠਿੰਡਾ: ਉਧਰ ਸਿਵਲ ਹਸਪਤਾਲ ਵਿਚ ਸੀਐਮਓ ਦਫ਼ਤਰ ਦੇ ਗੇਟ ਅੱਗੇ ਨਰਸਿੰਗ ਐਸੋੋਸੀਏਸਨ ਦਾ ਚੱਲ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਨਰਸਿੰਗ ਸਟਾਫ਼ ਐਸੋਸੀਏਸ਼ਨ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਐਲਾਨ ਕੀਤਾ ਕਿ ਜਿੰਨ੍ਹਾਂ ਸਮਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਦ ਤਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵਿਤ ਮੰਤਰੀ ਵਿਰੁਧ ਵੀ ਨਾਅਰੇਬਾਜ਼ੀ ਕੀਤੀ ਗਈ।
ਕੌਮੀ ਸਿਹਤ ਮਿਸ਼ਨ ਦੇ ਮੁਲਾਜਮਾਂ ਹੜਤਾਲ ਲਗਾਤਾਰ ਜਾਰੀ
10 Views