ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ: ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਦਬਾ ਕੇ ਕਣਕ ਦੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾਡ਼ੀ ਅਫ਼ਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ਹੇਠ ਪਿੰਡ ਭੋਖੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਸਰਬਜੀਤ ਸਿੰਘ ਖੇਤੀਬਾਡ਼ੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਧਰਤੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਿਚ ਵਾਧਾ ਹੁੰਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਮਿੱਟੀ ਵਿਚਲੇ 17 ਖ਼ੁਰਾਕੀ ਤੱਤਾਂ ਦੀ ਘਾਟ ਪੂਰੀ ਹੁੰਦੀ ਹੈ ਅਤੇ ਇਸਦੇ ਨਾਲ ਹੀ ਗੁਣਕਾਰੀ ਸੂਖਮ ਜੀਵਾਂ ਦੀ ਗਿਣਤੀ ਵਿੱਚ ਵੀ ਵਾਧਾ ਹੁੰਦਾ ਹੈ । ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਨਾ ਸਾੜਿਆ ਜਾਵੇ ਕਿਉਂਕਿ ਜਿੱਥੇ ਇਸ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਉੱਥੇ ਮਨੁੱਖੀ ਸਿਹਤ ਉਪਰ ਮਾੜੇ ਪ੍ਰਭਾਵ ਪੈਂਦੇ ਹਨ । ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਦਬਾ ਕੇ ਕਣਕ ਦੀ ਬਿਜਾਈ ਕਰਨ ਵਾਸਤੇ ਵਰਤੀਆਂ ਜਾਂਦੀਆਂ ਮਸ਼ੀਨਾਂ ਜਿਵੇਂ ਸੁਪਰ ਸੀਡਰ , ਹੈਪੀਸੀਡਰ ਅਤੇ ਪਲਟਾਵੇਂ ਹਲ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਡਾ. ਜਸਵਿੰਦਰ ਕੁਮਾਰ ਖੇਤੀਬਾਡ਼ੀ ਵਿਕਾਸ ਅਫਸਰ ਨੇ ਹਾੜ੍ਹੀ ਦੀਆਂ ਫ਼ਸਲਾਂ ਕਣਕ, ਸਰ੍ਹੋਂ ਦੀਆਂ ਕਿਸਮਾਂ ਅਤੇ ਕਾਸ਼ਤਕਾਰੀ ਦੇ ਸਫ਼ਲ ਢੰਗਾਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ । ਕੈਂਪ ਦੌਰਾਨ ਸ੍ਰੀ ਤਾਰਾ ਸਿੰਘ , ਸ੍ਰੀ ਸਵਰਨਜੀਤ ਸਿੰਘ ਖੇਤੀਬਾਡ਼ੀ ਸਬ ਇੰਸਪੈਕਟਰ ਅਤੇ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ।
Share the post "ਖੇਤੀਬਾਡ਼ੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਭੋਖੜਾ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ"