ਮੁੱਖ ਸਕੱਤਰ ਵੀ.ਕੇ. ਜੰਜੂਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ
ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਕੀਤੀ ਹਾਸਲ
ਸੁਖਜਿੰਦਰ ਮਾਨ
ਬਠਿੰਡਾ, 15 ਮਾਰਚ : ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ. ਜੰਜੂਆ ਨੇ ਦਾਅਵਾ ਕੀਤਾ ਹੈ ਕਿ ਬੀਤੇ ਕੱਲ ਇੱਕ ਨਿੱਜੀ ਟੀਵੀ ਚੈਨਲ ਉਪਰ ਚਰਚਿਤ ਗੈਗਸਟਰ ਲਾਰੇਂਸ ਬਿਸਨੋਈ ਦੀ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿਚੋਂ ਨਹੀਂ ਹੋਈ ਹੈ ਪ੍ਰੰਤੂ ਇਸਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ। ਮੁੱਖ ਸਕੱਤਰ ਬਣਨ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਜ਼ਿਲ੍ਹੇ ਵਿਚ ਪੁੱਜੇ ਸ਼੍ਰੀ ਜੰਜੂਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵੀ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਅਤੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਸਿਰੋਪਾਓ, ਲੋਈ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਸਕੱਤਰ ਸ਼੍ਰੀ ਜੰਜੂਆ ਨੇ ਬਾਬਾ ਦੀਪ ਸਿੰਘ ਦੇ ਭੌਰੇ ਦੇ ਦਰਸ਼ਨ ਵੀ ਕੀਤੇ ਤੇ ਉਥੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਇਸ ਦੌਰੇ ਦਾ ਮਕਸਦ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨਾ ਸੀ। ਇਸ ਦੌਰਾਨ ਏ.ਡੀ.ਜੀ.ਪੀ ਬਠਿੰਡਾ ਰੇਂਜ ਐਸਪੀਐਸ ਪਰਮਾਰ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ ਸਿੰਘ ਅਤੇ ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜ਼ਰ ਰਹੇ। ਇਸ ਮੌਕੇ ਮੁੱਖ ਸਕੱਤਰ ਪੰਜਾਬ ਸ੍ਰੀ ਵੀ.ਕੇ.ਜੰਜੂਆ ਨੇ ਕਿਹਾ ਕਿ ਉਹ ਗੁਰੂ ਘਰ ਆਸ਼ੀਰਵਾਦ ਲੈਣ ਲਈ ਆਏ ਹਨ ਤੇ ਉਨ੍ਹਾਂ ਨੂੰ ਇੱਥੇ ਆਉਣ ਤੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀ ਵੀ.ਕੇ.ਜੰਜੂਆ ਦੇ ਸਥਾਨਕ ਦਫ਼ਤਰ ਨਗਰ ਕੌਂਸਲ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇੱਥੇ ਉਨ੍ਹਾਂ ਵੱਲੋਂ ਮੌਜੂਦ ਵੱਖ-ਵੱਖ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਗਗਨਦੀਪ ਸਿੰਘ, ਡੀ.ਐਸ.ਪੀ. ਬੂਟਾ ਸਿੰਘ, ਤਹਿਸੀਲਦਾਰ ਰਮਨਦੀਪ ਕੌਰ ਆਦਿ ਅਧਿਕਾਰੀ ਹਾਜ਼ਰ ਸਨ।
Share the post "ਗੈਂਗਸਟਰ ਲਾਰੇਂਸ ਬਿਸਨੋਈ ਦੀ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿਚੋਂ ਨਹੀਂ ਹੋਈ, ਹੋਵੇਗੀ ਪੜਤਾਲ: ਮੁੱਖ ਸਕੱਤਰ"