ਸੁਖਜਿੰਦਰ ਮਾਨ
ਬਠਿੰਡਾ, 13 ਮਾਰਚ : ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ ਕਾਰਨ ਕਿਸਾਨਾਂ ਦੇ ਚਿੱਟੇ ਸੋਨੇ(ਨਰਮੇ) ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਵਾਰ ਇਸਦੇ ਖ਼ਾਤਮੇ ਲਈ ਅਗੇਤੀ ਮੁਹਿੰਮ ਵਿੱਢ ਦਿੱਤੀ ਹੈ। ਅੱੱਜ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਰਮੇ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ 31 ਮਾਰਚ ਤੱਕ ਆਪੋਂ-ਆਪਣੇ ਵਿਭਾਗ ਅਧੀਨ ਆਉਂਦੇ ਏਰੀਏ ਵਿੱਚ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਬਾਰੇ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਚਿੱਟੀ ਮੱਖੀ ਦੀ ਰੋਕਥਾਮ ਸਬੰਧੀ ਕੈਂਪ ਲਗਾਏ ਜਾਣ। ਉਨ੍ਹਾਂ ਸਮੂਹ ਬੀਡੀਪੀਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੀ ਰੋਕਥਾਮ ਵੱਧ ਤੋਂ ਵੱਧ ਪਿੰਡਾਂ ਵਿੱਚ ਮੁਨਿਆਦੀ ਕਰਵਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਦਸਿਆ ਗਿਆ ਕਿ ਨਰਮੇ ਦੀ ਫ਼ਸਲ ’ਤੇ ਚਿੱਟੀ ਮੱਖੀ ਨਾਲ ਹੋਣ ਵਾਲੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਚਿੱਟੀ ਮੱਖੀ ਦੇ ਪਨਾਹਗਾਰ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ, ਗਾਜਰ ਘਾਹ, ਮਕੋਹ, ਗੁੱਤ ਪੱਟਣਾ ਤੇ ਜੰਗਲੀ ਸੂਰਜਮੁਖੀ ਨੂੰ ਨਸ਼ਟ ਕਰਨਾ ਜਰੂਰੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਸਾਲ ਨਰਮੇ/ਕਪਾਹ ਦੇ ਬੀਜ ਦੀਆਂ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੇ ਬੀਜ ਹੀ ਬੀਜੇ ਜਾਣ ਤੇ ਇਹ ਬੀਜ ਸਿਰਫ਼ ਸਰਕਾਰੀ ਅਦਾਰਿਆਂ ਜਾਂ ਰਜਿਸਟਰਡ ਡੀਲਰਾਂ ਪਾਸੋਂ ਹੀ ਖਰੀਦਿਆ ਜਾਵੇ ਕਿਉਂਕਿ ਇਨ੍ਹਾਂ ਅਣ-ਅਧਿਕਾਰਤ ਬੀਜਾਂ ਤੇ ਵੀ ਚਿੱਟੀ ਮੱਖੀ ਪਨਾਹ ਲੈਂਦੀ ਹੈ ਅਤੇ ਨਰਮੇ ਦੇ ਝਾੜ ਤੇ ਅਸਰ ਪੈਂਦਾ ਹੈ।ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Share the post "ਚਿੱਟੀ ਮੱਖੀ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿੱਢੀ ਮੁਹਿੰਮ, ਡੀਸੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੱਗ"