ਸੰਸਦ ਵਿਚ ਸਿਫਰ ਕਾਲ ਦੌਰਾਨ ਯੂ ਟੀ ਮੁਲਾਜ਼ਮਾਂ ਲਈ ਕੇਂਦਰੀ ਸਿਵਲ ਸੇਵਾਵਾਂ ਲਾਗੂ ਕਰਨ ਦੇ ਫੈਸਲੇ ਵਿਰੁੱਧ ਰੋਸ ਪ੍ਰਗਟਾਇਆ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਮਾਰਚ: ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਸੰਸਦ ਨੁੰ ਰਾਜੀਵ- ਲੌਂਗੋਵਾਲ ਸਮਝੌਤੇ ’ਤੇ ਮੋਹਰ ਲਗਾਉਣੀ ਚਾਹੀਦੀ ਹੈ ਤਾਂ ਜੋ ਚੰਡੀਗੜ੍ਹ ਛੇਤੀ ਤੋਂ ਛੇਤੀ ਪੰਜਾਬ ਨੁੰ ਦਿੱਤਾ ਜਾ ਸਕੇ।
ਸੰਸਦ ਦੇ ਸਿਰਫ ਕਾਲ ਦੌਰਾਨ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਕੇਂਦਰੀ ਸੇਵਾਵਾਂ ਨਿਯਮ ਲਾਗੂ ਕਰਨ ਦੇ ਕੇਂਦਰ ਦੇ ਫੈਸਲੇ ’ਤੇ ਰੋਸ ਪ੍ਰਗਟ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਇਹ ਮੰਗ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੁੰ ਕਮਜ਼ੋਰ ਕਰਨ ਦਾ ਇਕ ਹੋਰ ਯਤਨ ਹੈ।
ਆਪਣਾ ਪੱਖ ਰੱਖਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਪੁਨਗਠਨ ਐਕਟ 1966 ਦੇ ਮੁਤਾਬਕ ਜਦੋਂ ਪੰਜਾਬ ਦੀ ਵੰਡ ਕੀਤੀ ਗਈ ਸੀ ਤਾਂ ਇਹ ਫੈਸਲਾ ਕੀਤਾ ਗਿਆ ਸੀ ਕਿ ਚੰਡੀਗੜ੍ਹ ਪੰਜਾਬ ਤੇ ਹਰਿਆਣਾ ਦੀ ਆਰਜ਼ੀ ਰਾਜਧਾਨੀ ਹੋਵੇਗੀ। ਇਹ ਫੈਸਲਾ ਕੀਤਾ ਗਿਆ ਸੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਮੁਲਾਜ਼ਮਾਂ ਦੀ ਤਾਇਨਾਤ ਪੰਜਾਬ ਤੇ ਹਰਿਆਣਾ ਵਿਚ 60 ਅਨੁਪਾਤ 40 ਦੇ ਹਿਸਾਬ ਨਾਲ ਹੋਵੇਗੀ। ਇਥੇ ਚੰਡੀਗੜ੍ਹ ਵਿਚ ਭਰਤੀ ਲਈ ਵੱਖਰਾ ਕੇਡਰ ਸਿਰਜਣ ਦੀ ਕੋਈ ਵਿਵਸਥਾ ਨਹੀਂ ਸੀ।
ਸਰਦਾਰਨੀ ਬਾਦਲ ਨੇ ਕਿਹਾ ਕਿ ਸਮੇਂ ਦੇ ਨਾਲ ਇਹ ਸਿਧਾਂਤ ਕਮਜ਼ੋਰ ਕੀਤਾ ਗਿਆ ਅਤੇ ਵੱਖਰੇ ਕੇਡਰ ਬਣਾਏ ਗਏ ਤੇ ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਮੁਲਾਜ਼ਮ ਚੰਡੀਗੜ੍ਹ ਵਿਚ ਸਿਵਲ ਤੇ ਪੁਲਿਸ ਸੇਵਾਵਾਂ ਵਿਚ ਤਾਇਨਾਤ ਕੀਤੇ ਗਏ। ਉਹਨਾਂ ਕਿਹਾ ਕਿ ਚੰਡੀਗੜ੍ਹ ਵਿਚ ਜਿਹੜੇ ਕੇਂਦਰੀ ਸੇਵਾਵਾਂ ਨਿਯਮ ਲਾਗੂ ਕਰਨ ਦਾ ਫੈਸਲਾ ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਤਰਜ਼ ’ਤੇ ਲਿਆ ਗਿਆ ਹੈ, ਉਹ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੁੰ ਕਮਜ਼ੋਰ ਕਰਨ ਦਾ ਇਕ ਹੋਰ ਯਤਨ ਹੈ। ਇਹ ਰਾਜੀਵ-ਲੌਂਗੋਵਾਲ ਸਮਝੌਤੇ ਦੇ ਖਿਲਾਫ ਹੈ ਜਿਸਦਾ ਮੰਤਵ ਪੰਜਾਬ ਤੋਂ ਇਸਦੀ ਰਾਜਧਾਨੀ ਖੋਹਣਾ ਹੈ।
ਸਰਦਾਰਨੀ ਬਾਦਲ ਨੇ ਕਿਹਾ ਕਿ ਰਾਜੀਵ-ਲੌਂਗੋਵਾਲ ਸਮਝੌਤੇ ਵਿਚ ਇਹ ਵਿਵਸਥਾ ਸੀ ਕਿ ਚੰਡੀਗੜ੍ਹ 1986 ਵਿਚ ਪੰਜਾਬ ਨੁੰ ਦਿੱਤਾ ਜਾਵੇਗਾ ਤੇ ਅਜਿਹਾ ਨਾ ਕਰਨਾ ਸੰਘਵਾਦ ਦੇ ਸਿਧਾਂਤ ਦੀ ਉਲੰਘਣਾ ਹੈ ਜਦੋਂ ਕਿ ਚੰਡੀਗੜ੍ਹ ਪੰਜਾਬ ਨੁੰ ਦੇਣ ਦਾ ਮਾਮਲਾ ਪੰਜਾਬ ਤੇ ਪੰਜਾਬੀਆਂ ਲਈ ਭਾਵੁਕ ਮਾਮਲਾ ਹੈ। ਉਹਨਾਂ ਨੇ ਸੰਸਦ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਇਸਦੇ ਲੋਕਾਂ ਦੇ ਹੱਕਾਂ ਦੀ ਰਾਖੀ ਵਾਲੇ ਸਮਝੌਤੇ ’ਤੇ ਮੋਹਰ ਲਗਾਵੇ। ਉਹਨਾਂ ਕਿਹਾ ਕਿ ਚੰਡੀਗੜ੍ਹ ਸਾਡੀ ਰਾਜਧਾਨੀ ਹੈ ਤੇ ਇਹ ਪੰਜਾਬ ਨੁੰ ਮਿਲਣਾ ਚਾਹੀਦਾ ਹੈ।
ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਸੇਵਾਵਾਂ ਨਿਯਮ ਲਾਗੂ ਕਰਨ ਦਾ ਕੀਤਾ ਫੈਸਲਾ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪੰਜਾਬੀ ਭਾਸ਼ਾ ਦੇ ਖਾਤਮੇ ਦਾ ਸਬੱਬ ਬਣੇਗਾ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪੰਜਾਬੀ ਦਾ ਦਾਅਵਾ ਕਮਜ਼ੋਰ ਕੀਤਾ ਗਿਆ ਹੈ ਤੇ ਹੁਣ ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਹੋਣ ਨਾਲ ਇਹ ਉੱਕਾ ਹੀ ਖਤਮ ਹੋ ਜਾਵੇਗੀ।
ਉਹਨਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦਾ ਹਿੱਸਾ ਕਮਜ਼ੋਰ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਡੈਮਾਂ ਦੀ ਸੁਰੱਖਿਆ ਦੇ ਨਾਂ ’ਤੇ ਬੋਰਡ ਦਾ ਪ੍ਰਬੰਧ ਕੇਂਦਰ ਦੇ ਅਧੀਨ ਲੈ ਲਿਆ ਗਿਆ। ਉਹਨਾਂ ਕਿਹਾ ਕਿ ਬੋਰਡ ਵਿਚ ਮੈਂਬਰ ਪਾਵਰ ਪੰਜਾਬ ਸਰਕਾਰ ਦਾ ਪ੍ਰਤੀਨਿਧ ਹੁੰਦਾ ਸੀ ਪਰ 56 ਸਾਲਾਂ ਤੋਂ ਚਲਿਆ ਆ ਰਿਹਾ ਇਹ ਪ੍ਰਬੰਧ ਖਤਮ ਕਰ ਦਿੱਤਾ ਗਿਆ ਤੇ ਇਸ ਮੈਂਬਰ ਦੀ ਨਿਯੁਕਤੀ ਦੀ ਗੁੰਜਾਇਸ਼ ਹੀ ਮੁਕਾ ਦਿੱਤੀ ਗਈ।
Share the post "ਚੰਡੀਗੜ੍ਹ ਪੰਜਾਬ ਨੁੰ ਦੇਣ ਲਈ ਰਾਜੀਵ-ਲੌਂਗੋਵਾਲ ਸਮਝੌਤੇ ’ਤੇ ਸੰਸਦ ਮੋਹਰ ਲਗਾਵੇ : ਹਰਸਿਮਰਤ ਕੌਰ ਬਾਦਲ"