18 Views
ਸੁਖਜਿੰਦਰ ਮਾਨ
ਚੰਡੀਗੜ੍ਹ, 3 ਅਪਰੈਲ: ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲ ਦੇਣ ਦੇ ਫੈਸਲੇ ਦੇ ਵਿਰੁੱਧ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਚੰਡੀਗੜ੍ਹ ਪੰਜਾਬ ਨੂੰ ਵਾਪਸ ਦੇਣ ਦੀ ਕੀਤੀ ਮੰਗ ਤੋਂ ਬਾਅਦ ਹੁਣ ਹਰਿਆਣਾ ਨੇ ਵੀ ਇਸ ਮੁੱਦੇ ‘ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫੈਸਲਾ ਲਿਆ ਹੈ। ਅੱਜ ਐਤਵਾਰ ਨੂੰ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲੈਂਦਿਆਂ ਇਸ ਸੰਬੰਧ ਵਿਚ ਹਰਿਆਣਾ ਦੇ ਰਾਜਪਾਲ ਨੂੰ ਵਿਸ਼ੇਸ਼ ਪੱਤਰ ਭੇਜਣ ਲਈ ਕਿਹਾ ਗਿਆ। ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲ ਦੇਣ ਦੇ ਫੈਸਲੇ ਵਿਰੁੱਧ ਆਵਾਜ਼ ਉਠਾਉਂਦਿਆਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਤਾ ਭਾਜਪਾ ਨੂੰ ਛੱਡ ਸਮੂਹ ਸਿਆਸੀ ਧਿਰਾਂ ਨੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ । ਉਧਰ ਹਰਿਆਣਾ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਨੇ ਇਸ ਮੁੱਦੇ ‘ਤੇ ਪੰਜਾਬ ਨੂੰ ਘੇਰਦਿਆਂ ਦਾਅਵਾ ਕੀਤਾ ਸੀ ਕਿ ਚੰਡੀਗਡ਼੍ਹ ਇਕੱਲੇ ਪੰਜਾਬ ਦਾ ਨਹੀਂ ਬਲਕਿ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ।ਹਰਿਆਣਾ ਸਰਕਾਰ ਦੇ ਸੂਤਰਾਂ ਮੁਤਾਬਕ 5 ਅਪ੍ਰੈਲ ਨੂੰ ਸਵੇਰੇ 11 ਵਜੇ ਸੱਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਦੌਰਾਨ ਨਾ ਸਿਰਫ ਚੰਡੀਗੜ੍ਹ ਉਪਰ ਹਰਿਆਣਾ ਦਾ ਹੱਕ ਬਰਕਰਾਰ ਰੱਖਿਆ ਜਾਵੇਗਾ, ਬਲਕਿ ਪੰਜਾਬ ਕੋਲੋਂ ਹਿੰਦੀ ਬੋਲਦੇ ਇਲਾਕੇ ਲੈਣ ਅਤੇ ਐਸਵਾਈਐਲ ਦਾ ਮੁੱਦਾ ਵੀ ਚੁੱਕਿਆ ਜਾਵੇਗਾ। ਗੌਰਤਲਬ ਹੈ ਕਿ ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਵੀ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਸੱਦੀ ਗਈ ਹੈ।
Share the post "ਚੰਡੀਗੜ੍ਹ ਵਿਵਾਦ: ਪੰਜਾਬ ਤੋਂ ਬਾਅਦ ਹਰਿਆਣਾ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ "