ਕੋਵਿਡ-19 ਦੇ ਮੱਦੇਨਜ਼ਰ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ’ਚ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਆਈਏਐਸ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਦੱਸਿਆ ਕਿ 73ਵੇਂ ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਉੱਪ ਮੁੱਖ ਮੰਤਰੀ ਸ਼੍ਰੀ ਓ.ਪੀ ਸੋਨੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਸ. ਆਸਵੰਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਇਸ ਮਾਰਚ ਪਾਸਟ ਵਿਚ 8 ਟੁੱਕੜੀਆਂ ਨੇ ਸ਼ਮੂਲੀਅਤ ਕੀਤੀ ਗਈ ਜਿਸ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਤੇ ਗਾਈਡ ਦੀਆਂ ਟੁਕੜੀਆਂ ਸ਼ਾਮਲ ਸਨ। ਇਨ੍ਹਾਂ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਪੁਲਿਸ ਤੇ ਆਰਮੀ ਬੈਂਡ ਵਲੋਂ ਵੀ ਮਨਮੋਹਿਕ ਧੁੰਨਾਂ ਰਾਹੀਂ ਬੈਂਡ ਦੀ ਸੇਵਾ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸ਼੍ਰੀ ਵਨੀਤ ਕੁਮਾਰ ਨੇ ਇਹ ਵੀ ਦੱਸਿਆ ਕਿ ਇਸ ਵਾਰ ਦਾ ਸਮਾਗਮ ਕੋਵਿਡ-19 ਦੇ ਮੱਦੇਨਜ਼ਰ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਇਸ ਮੌਕੇ ਆਈਜੀ ਬਠਿੰਡਾ ਰੇਂਜ ਸ਼ਿਵ ਕੁਮਾਰ ਵਰਮਾ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਏਡੀਸੀ (ਜਨਰਲ) ਵਰਿੰਦਰ ਪਾਲ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਫ਼ੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ
11 Views