ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਹਾ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾਂ ਲੈਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਵਿਚ ਅੱਜ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਵਿੱਚ ਕੋਈ ਵੀ ਦਿੱਕਤ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀ ਚ ਕਿਸਾਨਾਂ ਲਈ ਸਾਫ਼ ਪੀਣ ਯੋਗ ਪਾਣੀ, ਰੌਸ਼ਨੀ, ਛਾਂ ਅਤੇ ਲੇਬਰ ਆਦਿ ਸਬੰਧੀ ਸਾਰੇ ਪੁਖ਼ਤਾ ਇੰਤਜਾਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਿਟਿੰਗ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆ ਕਿਹਾ ਕਿ ਉਹ ਆਪਣੀ ਸਾਫ਼ ਤੇ ਸੁੱਕੀ ਫ਼ਸਲ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਏਐਫ਼ਐਸਓ ਹਰਸ਼ਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ, ਡੀਐਮ ਐਫ਼ਸੀਆਈ ਸਮਰ ਵਰਮਾ, ਡੀਐਮ ਪਨਸਪ ਅਮ੍ਰਿਤਪਾਲ ਸਿੰਘ, ਡੀਐਮ ਵੇਅਰਹਾਊਸ ਰਾਜੀਵ ਕੁਮਾਰ, ਡੀਐਮ ਮਾਰਕਫੈਡ ਮਨਦੀਪ ਸਿੰਘ ਬਰਾੜ, ਐਫਸੀਆਈ ਦੇ ਖ਼ਰੀਦ ਮੈਨੇਜ਼ਰ ਵਰੁਣ ਪ੍ਰਸ਼ਾਂਤ ਆਦਿ ਅਧਿਕਾਰੀ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਆਦੇਸ਼"