ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਠੇਕਾ ਮੁਲਾਜ਼ਮਾਂ ਨਾਲ਼ ਕਰ ਰਹੀ ਏ ਧੋਖਾ:-ਮੋਰਚਾ ਆਗੂ
ਸੁਖਜਿੰਦਰ ਮਾਨ
ਲਹਿਰਾ ਮੁਹੱਬਤ, 8 ਨਵੰਬਰ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਥਰਮਲ ਦੇ ਮੁੱਖ ਗੇਟ ਤੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਅਗਲੇ ਸੰਘਰਸਾਂ ਦੀ ਤਿਆਰੀ ਸੰਬੰਧੀ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਜਦੋਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਗਲਤ ਨੀਤੀਆਂ ਕਾਰਨ ਮਹਿੰਗਾਈ ਅਸ਼ਮਾਨ ਨੂੰ ਛੂਹ ਰਹੀ ਹੈ,ਉਸ ਸਮੇਂ ਪੰਜਾਬ ਸਰਕਾਰ ਵੱਲੋੰ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਨਾ ਹੀ ਤਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕੋਈ ਉਚਿੱਤ ਵਾਧਾ ਕੀਤਾ ਜਾ ਰਿਹਾ ਹੈ,ਜਦੋਂ ਕਿ ਲੇਬਰ ਐਕਟ 1948 ਦੇ ਫਾਰਮੂਲੇ ਅਤੇ ਅੱਜ ਦੀ ਅੱਤ ਦੀ ਮਹਿੰਗਾਈ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਨੂੰ ਘੱਟੋ-ਘੱਟ ਪੱਚੀ ਹਜ਼ਾਰ ਰੁਪਏ ਤਨਖ਼ਾਹ ਤਹਿ ਕਰਨੀ ਬਣਦੀ ਹੈ। ਆਗੂਆਂ ਨੇ ਕਿਹਾ ਕਿ ਆਪਣੇ-ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਵੱਲੋੰ ਜਿੱਥੇ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਿਛਲੇ ਲੰਬੇ ਅਰਸ਼ੇ ਤੋਂ ਸਮੂਹ ਸਰਕਾਰੀ ਵਿਭਾਗਾਂ ਵਿੱਚ ਦਿੱਤੀਆਂ ਜਾ ਰਹੀਆਂ ਲਗਾਤਾਰ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਪਾਵਰਕਾਮ ਸਮੇਤ ਸਮੂਹ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਵੱਖ-ਵੱਖ ਵਿਭਾਗਾਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ,ਉੱਥੇ ਹੀ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਡਿਉਟੀ ਦੌਰਾਨ ਮੌਤ ਹੋਣ ਤੇ ਪਰਿਵਾਰਾਂ ਨੂੰ ਕੋਈ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਵੀ ਨਹੀਂ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਵੱਖ-ਵੱਖ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਮੁੜ ਨੌਕਰੀ ਤੇ ਮੁੜ ਬਹਾਲ ਕੀਤਾ ਜਾ ਰਿਹਾ ਹੈ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਹੋਰਾਂ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਚਾਰ-ਚਾਰ ਮਹੀਨੇ ਤੱਕ ਨਿਗੂਣੀਆਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ।ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਵੱਲੋੰ ਹਿਮਾਚਲ ਅਤੇ ਗੁਜਰਾਤ ਵਿੱਚ ਜਾਕੇ ਪੰਜਾਬ ਦੇ ਪੀੜਿਤ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੇ ਸੰਬੰਧ ਵਿੱਚ ਮਗਰਮੱਛ ਦੇ ਹੰਝੂ ਕੇਰਕੇ ਵੋਟਾਂ ਵਟੋਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ,ਪਰ ਪੰਜਾਬ ਵਿੱਚ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਸ਼ਾਰ ਤੱਕ ਨਹੀਂ ਲਈ ਜਾ ਰਹੀ,ਜਿਸ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ “ਮੋਰਚੇ” ਦੇ ਬੈਨਰ ਹੇਠ 15 ਅਤੇ 16 ਨਵੰਬਰ ਨੂੰ ਦੋ ਦਿਨਾਂ ਦੀ ਇਤਫ਼ਾਕੀ ਛੁੱਟੀ ਦੇਕੇ ਵਿਭਾਗਾਂ ਦੇ ਕੰਮ ਨੂੰ ਮੁਕੰਮਲ ਜਾਮ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨੇ ਦੇਣਗੇ।ਇਸ ਸਮੇਂ ਹਾਜ਼ਿਰ ਆਗੂਆਂ ਨੇ ਆਪ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਕੀਤੀ ਜਾ ਰਹੀ ਸਿੱਧੀ ਭਰਤੀ ਨੂੰ ਰੱਦ ਕਰਕੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗਾਂ ਵਿੱਚੋਂ ਬਾਹਰ ਕੀਤਾ ਜਾਵੇ,ਸਮੂਹ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਤਨਖ਼ਾਹ ਸਮੇਂ ਸਿਰ ਦਿੱਤੀ ਜਾਵੇ।
Share the post "ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸਾਂ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ"