ਸ੍ਰੀ ਹਰਮਿੰਦਰ ਸਾਹਿਬ ਦੇ ਨਾਲ-ਨਾਲ ਸ੍ਰੀ ਦੁਗਿਆਣਾ ਤੀਰਥ ਤੇ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ
ਸੁਖਜਿੰਦਰ ਮਾਨ
ਸ਼੍ਰੀ ਅੰਮਿ੍ਰਤਸਰ ਸਾਹਿਬ, 15 ਅਪੈਰਲ: ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਪਣੇ ਸਾਥੀਆਂ ਨਾਲ ਅੱਜ ਸਵੇਰੇ ਸ਼੍ਰੀ ਅੰਮਿ੍ਰਤਸਰ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ। ਇਸ ਮੌਕੇ ਕਾਰਜਕਾਰੀ ਪ੍ਰਧਾਨ ਭਾਰਤ ਭੂਸਣ ਆਸੂ ਤੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ ਸਹਿਤ ਕਾਂਗਰਸ ਦੇ ਕਈ ਹੋਰ ਵੱਡੇ ਨੇਤਾਵਾਂ ਤੋਂ ਇਲਾਵਾ ਨਵੇਂ ਅਹੁੱਦੇਦਾਰਾਂ ਦੇ ਪ੍ਰਵਾਰਕ ਮੈਂਬਰ ਵੀ ਹਾਜ਼ਰ ਰਹੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਲਦੀ ਹੀ ਪੰਜਾਬ ਵਿਚ ਵਾਪਸੀ ਕਰੇਗੀ ਤੇ ਕਮੀਆਂ ਨੂੰ ਦੂਰ ਕੀਤਾ ਜਾਵੇਗਾ ਅਤੇ ਪਾਰਟੀ ਅੰਦਰ ਅਨੁਸਾਸ਼ਨਹੀਣਤਾ ਨੂੰ ਬਿਲਕੁੱਲ ਬਰਦਾਸਤ ਨਹੀਂ ਕੀਤਾ ਜਾਵੇਗਾ। ਪੰਜਾਬ ਪ੍ਰਧਾਨ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਤੋਂ ਅਸੀਰਵਾਦ ਲੈਣ ਜਾਣਗੇ। ਆਪ ਸਰਕਾਰ ਬਾਰੇ ਟਿੱਪਣੀ ਕਰਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਹੁਣ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਕੇਜ਼ਰੀਵਾਲ ਵਲੋਂ ਪੰਜਾਬ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ ਦੇਣ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਪੰਜਾਬੀ ਇਸਨੂੰ ਬਰਦਾਸ਼ਤ ਨਹੀਂ ਕਰਨਗੇ।
ਬਾਕਸ
ਅੰਮਿ੍ਰਤਸਰ ਜ਼ਿਲ੍ਹੇ ਦੇ ਦਰਜ਼ਨਾਂ ਆਗੂਆਂ ਨਾਲ ਕੀਤੀਆਂ ਮੀਟਿੰਗਾਂ
ਸ਼੍ਰੀ ਹਰਮਿੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੋਂ ਦੇ ਦਰਜ਼ਨਾਂ ਆਗੂਆਂ ਨਾਲ ਮੁਲਾਕਾਤਾਂ ਕਰਦਿਆਂ ਕਾਂਗਰਸ ਪਾਰਟੀ ਨੂੰ ਮੁੜ ਚੜ੍ਹਦੀ ਕਲਾਂ ’ਚ ਲਿਜਾਣ ਲਈ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਐਮ.ਪੀ ਗੁਰਜੀਤ ਸਿੰਘ ਔਜਲਾ, ਰਾਜ ਕੁਮਾਰ ਵੇਰਕਾ, ਹਰਮਿੰਦਰ ਸਿੰਘ ਗਿੱਲ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਤੋਂ ਇਲਾਵਾ ਸ਼੍ਰੀ ਅੰਮਿ੍ਰਤਸਰ ਸਾਹਿਬ ਦੇ ਕਾਂਗਰਸੀ ਕੋਂਸਲਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਇਕਜੁਟ ਰਹਿਣ ਦੀ ਹੱਲਾਸੇਰੀ ਦਿੱਤੀ।
Share the post "ਨਵਨਿਯੁਕਤ ਪ੍ਰਧਾਨ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਹੋਏ ਨਤਮਸਤਕ"